28.8 C
Patiāla
Tuesday, May 7, 2024

ਸੁਨਾਮ ’ਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਅਗਸਤ

ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ। ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਐੱਸਯੂਐੱਸ ਕਾਲਜ ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ। ਸੀਐੱਲਯੂ ਅਤੇ ਐੱਨਓਸੀ ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓਟੀਐੱਸ ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ। ਐੱਸਡੀਆਈਸੀ ਦੇ ਜਨਰਲ ਸਕੱਤਰ ਐੱਮਪੀ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ‘ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਹੱਦ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ। ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ। ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ ‘ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਪੰਕਜ ਬਾਵਾ, ਜੀਐੱਮ ਡੀਆਈਸੀ ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article