ਪੱਤਰ ਪ੍ਰੇਰਕ
ਬਠਿੰਡਾ, 6 ਅਗਸਤ
ਤਿੰਨ ਰਾਜਾਂ ਦੇ ਖੇਤੀ ਮਾਹਰਾਂ ਵੱਲੋਂ ਅੱਜ ਇਥੇ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾਇਰੈਕਟਰ ਖੇਤੀਬਾੜੀ ਪੰਜਾਬ ਗੁਰਵਿੰਦਰ ਸਿੰਘ ਤੇ ਜ਼ਿਲ੍ਹਾ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਸਮੇਤ ਮਾਲਵਾ ਪੱਟੀ ਦੇ ਨਰਮਾ ਬੈਲਟ ਨਾਲ ਸਬੰਧਤ ਛੇ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ, ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਮਾਹਰਾਂ ਸਣੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫ਼ਸਰ ਤੇ ਬਲਾਕ ਖੇਤੀਬਾੜੀ ਅਫ਼ਸਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕੇਵੀਕੇ ਇੰਚਾਰਜਾ ਵੱਲੋਂ ਨਰਮੇ ਦੇ ਕੀੜਿਆਂ ਅਤੇ ਫ਼ਸਲ ਦੀ ਸਥਿਤੀ ਸਣੇ ਪੈਸਟ ਸਰਵੇਲੈਂਸ ਸਬੰਧੀ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਨਰਮੇ ਦੀ ਫ਼ਸਲ ਦੀਆਂ ਰਪੋਰਟਾਂ ਪੇਸ਼ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਾਹਮਣੇ ਆਇਆ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਪਗ ਦਸ ਹਜ਼ਾਰ ਹੈੱਕਟੇਅਰ ਰਕਬੇ ਵਿੱਚ ਭਾਰੀ ਮੀਂਹ ਅਤੇ ਚਿੱਟੀ ਮੱਖੀ/ਗੁਲਾਬੀ ਸੁੰਡੀ ਦੇ ਹਮਲੇ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਮਾਹਿਰਾਂ ਨੇ ਕਿਹਾ ਕਿ ਕੌਮਾਂਤਰੀ ਮੰਡੀ ਵਿੱਚ ਕਪਾਹ ਦਾ ਰੇਟ ਦਸ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ’ਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਦਵਾਈਆਂ ਦੀ ਵਰਤੋਂ ਨਹੀਂ ਕਰ ਰਹੇ, ਜਿਸ ਕਾਰਨ ਗੁਲਾਬੀ ਸੁੰਡੀ ਨੂੰ ਕਾਬੂ ਕਰਨ ’ਚ ਸਮੱਸਿਆ ਆ ਰਹੀ ਹੈ।
ਸਰਕਾਰ ਦੀ ਨਵੀਂ ਪਾਲਿਸੀ ਮੁਤਾਬਕ ਦਿੱਤਾ ਜਾਵੇਗਾ ਮੁਆਵਜ਼ਾ
ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਨਰਮੇ ਦੀ ਖ਼ਰਾਬ ਹੋਈ ਫ਼ਸਲ ਲਈ ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਜ਼ਮੀਨੀ ਪੱਧਰ ’ਤੇ ਜਾਂਚ ਕਰਵਾ ਰਿਹਾ ਹੈ।