37.7 C
Patiāla
Thursday, May 16, 2024

ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਣੇ ਛੇ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

Must read


ਜੋਗਿੰਦਰ ਮਾਨ/ਨਿਰੰਜਣ ਬੋਹਾ

ਮਾਨਸਾ/ਬੋਹਾ, 14 ਅਗਸਤ

ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵਿਕਰਮ ਸਿੰਘ ਮੋਫ਼ਰ ਸਮੇਤ ਛੇ ਜਣਿਆਂ ਖ਼ਿਲਾਫ਼ ਅੱਜ ਮਾਨਸਾ ਜ਼ਿਲ੍ਹੇ ਦੇ ਬੋਹਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਵਿਕਰਮ ਸਿੰਘ ਮੋਫ਼ਰ, ਗੁਰਕੀਰਤ ਸਿੰਘ, ਗੋਬਿੰਦਰ ਸਿੰਘ, ਜਗਸੀਰ ਸਿੰਘ, ਗੁਰਪਿਆਰ ਸਿੰਘ ਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਤੇ ਅਸਲਾ ਐਕਟ ਸਣੇ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਮਗਰੋਂ ਇਰਾਦਾ ਕਤਲ ਦੀ ਧਾਰਾ 307 ਨੂੰ ਤੋੜ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਕੀਤੀ ਹੈ। ਡੀਐੱਸਪੀ ਅਮਰਜੀਤ ਸਿੰਘ ਅਤੇ ਥਾਣਾ ਬੋਹਾ ਦੇ ਮੁਖੀ ਹਰਭਜਨ ਸਿੰਘ ਅਨੁਸਾਰ ਇਸ ਮਾਮਲੇ ਵਿੱਚ ਮੁਲਜ਼ਮਾਂ ਨੇ ਪੁਲੀਸ ਨਾਲ ਬਹਿਸ ਕਰਦਿਆਂ ਹੱਥੋਪਾਈ ਕੀਤੀ, ਜਿਸ ਦੌਰਾਨ ਤਿੰਨ ਪੁਲੀਸ ਮੁਲਾਜ਼ਮ ਮਾਮੂਲੀ ਜ਼ਖ਼ਮੀ ਹੋਏ ਹਨ ਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਹੁਣ ਠੀਕ ਹੈ।

ਪੁਲੀਸ ਅਧਿਕਾਰੀ ਅਨੁਸਾਰ ਅੱਕਾਂਵਾਲੀ ਪਿੰਡ ਦੇ ਮਨਪ੍ਰੀਤ ਸਿੰਘ ਮਨੀ ਨੇ ਅੱਜ ਹੈਲਪ ਲਾਈਨ 112 ’ਤੇ ਫੋਨ ਕਰਕੇ ਦੱਸਿਆ ਕਿ ਪਿੰਡ ਦੀ ਇੱਕ ਮੋਟਰ ’ਤੇ ਕੁੱਝ ਵਿਅਕਤੀ ਬੈਠੇ ਹਨ, ਜਿਨ੍ਹਾਂ ਨਾਲ ਉਸ ਦਾ ਪੁਰਾਣਾ ਝਗੜਾ ਚੱਲ ਰਿਹਾ ਹੈ ਤੇ ਉਸ ਨੂੰ ਆਪਣੀ ਜਾਨ ਦਾ ਖ਼ਤਰਾ ਹੈ। ਇਸ ਮਗਰੋਂ ਮੌਕੇ ’ਤੇ ਪਹੁੰਚੇ ਥਾਣਾ ਮੁਖੀ ਹਰਭਜਨ ਸਿੰਘ, ਪੁਲੀਸ ਮੁਲਾਜ਼ਮ ਅਮਰਜੀਤ ਸਿੰਘ, ਬਲਜਿੰਦਰ ਸਿੰਘ, ਬਿੱਕਰਜੀਤ ਸਿੰਘ ਤੇ ਸੁਖਪਾਲ ਸਿੰਘ ਨੇ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ, ਜਿਸ ਮਗਰੋਂ ਉਥੇ ਬੈਠੇ ਗੋਬਿੰਦਰ ਸਿੰਘ ਨੇ ਪਿਸਤੌਲ ਕੱਢ ਕੇ ਮੁਲਾਜ਼ਮਾਂ ਨੂੰ ਧਮਕਾਇਆ ਤੇ ਖਿੱਚ-ਧੂਹ ਕਰਦਿਆਂ ਬਿੱਕਰਜੀਤ ਸਿੰਘ ਦੀ ਵਰਦੀ ਪਾੜ ਦਿੱਤੀ। ਇਸ ਦੌਰਾਨ ਬਿੱਕਰਜੀਤ ਸਿੰਘ ਦੇ ਸੱਟਾਂ ਵੀ ਲੱਗੀਆਂ ਹਨ। ਪੁਲੀਸ ਅਨੁਸਾਰ ਮੁਲਜ਼ਮਾਂ ਵੱਲੋਂ ਫਾਇਰ ਵੀ ਕੀਤੇ ਗਏ। ਜ਼ਿਕਰਯੋਗ ਹੈ ਕਿ ਵਿਕਰਮ ਸਿੰਘ ਮੋਫ਼ਰ, ਸੰਸਦ ਵਿਚ ਵਿਰੋਧੀ ਧਿਰ ਦੇ ਨੇਤਾ ਰਵਨੀਤ ਸਿੰਘ ਬਿੱਟੂ ਦਾ ਸਕਾ ਭਣੋਈਆ ਹੈ ਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਇੰਦਰ ਸਿੰਘ ਮੋਫ਼ਰ ਦਾ ਪੁੱਤ ਹੈ।

ਇਸ ਸਬੰਧੀ ਥਾਣਾ ਮੁਖੀ ਹਰਭਜਨ ਸਿੰਘ ਤੇ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ, ਗੁਰਪਿਆਰ ਸਿੰਘ ਅਤੇ ਗੋਬਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। 

ਮੋਫਰ ਨੇ ਦੋਸ਼ ਨਕਾਰੇ

ਵਿਕਰਮ ਸਿੰਘ ਮੋਫ਼ਰ ਨੇ ਪੁਲੀਸ ਦੇ ਦੋਸ਼ਾਂ ਨੂੰ ਝੂਠ ਦੱਸਦਿਆਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਇਹ ਕੇਸ ਦਰਜ ਕਰਵਾਇਆ ਗਿਆ ਹੈ ਤੇ ਇਸ ਦੀ ਸ਼ਿਕਾਇਤ ਉਹ ਪੰਜਾਬ ਪੁਲੀਸ ਦੇ ਮੁਖੀ ਕੋਲ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਇੱਕ ਸਥਾਨਕ ਆਗੂ ਦੇ ਇਸ਼ਾਰੇ ’ਤੇ ਹੋ ਰਿਹਾ ਹੈ, ਜਿਸ ਵਿਰੁੱਧ ਛੇਤੀ ਹੀ ਪਾਰਟੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।





News Source link

- Advertisement -

More articles

- Advertisement -

Latest article