23.9 C
Patiāla
Friday, May 3, 2024

ਪੰਜਾਬ ਤੇ ਯੂਟੀ ਮੁਲਾਜ਼ਮ ਫਰੰਟ ਵੱਲੋਂ ਕੈਬਨਿਟ ਮੰਤਰੀ ਦੇ ਪਿੰਡ ’ਚ ਰੋਸ ਮਾਰਚ

Must read


ਪੱਤਰ ਪ੍ਰੇਰਕ

ਸ੍ਰੀ ਆਨੰਦਪੁਰ ਸਾਹਿਬ, 28 ਅਗਸਤ

ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਆਊਟਸੋਰਸਿੰਗ ਸਿਸਟਮ ਬੰਦ ਕਰਨ ਆਦਿ ਹੋਰ ਕਈ ਮੰਗਾਂ ਨੂੰ ਲੈ ਕੇ ਲਗਾਇਆ ਗਿਆ। ਇਸ ਤੋਂ ਪਹਿਲਾਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਪਿੰਡ ਢੇਰ ਦੇ ਬੱਸ ਸਟੈਂਡ ਵਿਖੇ ਇਕੱਠੇ ਹੋਏ ਜਿਸ ਉਪਰੰਤ ਉਨ੍ਹਾਂ ਵੱਲੋਂ ਪਿੰਡ ਗੰਭੀਰਪੁਰ ਲਈ ਪੈਦਲ ਮਾਰਚ ਆਰੰਭ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਨੂੰ ਜਾਣ ਵਾਲੇ ਰਸਤੇ ’ਤੇ ਬੈਰੀਕੇਟ ਲਗਾ ਕੇ ਇਨ੍ਹਾਂ ਜਥੇਬੰਦੀਆਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਪਿੱਛੇ ਹੀ ਰੋਕ ਦਿੱਤਾ ਗਿਆ। ਮੁਲਾਜ਼ਮ ਜਥੇਬੰਦੀਆਂ ਨੇ ਬੈਰੀਕੇਡ ਦੇ ਨਜ਼ਦੀਕ ਹੀ ਧਰਨਾ ਲਗਾ ਦਿੱਤਾ। ਵੱਖ ਵੱਖ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਆਗੂ ਸੱਤਾ ‘ਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਦੇ ਸਨ ਪ੍ਰੰਤੂ ਸੱਤਾ ਦੇ ਨਸ਼ੇ ’ਚ ਹੁਣ ਇਹ ਵਾਅਦਿਆਂ ਤੋਂ ਮੁਨਕਰ ਹੋ ਰਹੇ ਹਨ। ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਆਮ ਜਨਤਾ ਤੋਂ ਮੂੰਹ ਮੋੜ ਲਿਆ ਹੈ ਪ੍ਰੰਤੂ ਆਪਣੀਆਂ ਹੱਕੀ ਮੰਗਾਂ ਲਈ ਇਹ ਮੁਲਾਜ਼ਮ ਚੁੱਪ ਨਹੀਂ ਬੈਠਣਗੇ ਤੇ ਸੰਘਰਸ਼ ਦੇ ਰਾਹ ਤੇ ਨਿਰੰਤਰ ਚਲਦੇ ਰਹਿਣਗੇ । ਇਸ ਮੌਕੇ ਜੀਟੀਯੂ ਦੇ ਪ੍ਰਧਾਨ ਮਾਸਟਰ ਗੁਰਨੈਬ ਸਿੰਘ ਜੇਤੇਵਾਲ, ਦਰਸ਼ਨ ਸਿੰਘ ਬੜਵਾ ਪ੍ਰਧਾਨ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ , ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਥਰਮਲ ਪਲਾਂਟ ਯੂਨੀਅਨ ਦੇ ਪ੍ਰਧਾਨ ਰਮੇਸ਼ ਧੀਮਾਨ, ਮਨਜੀਤ ਸਿੰਘ ਸਟੇਟ ਲੀਡਰ ਆਦਿ ਵੱਲੋਂ ਸੰਬੋਧਨ ਕੀਤਾ ਗਿਆ। ਇਸ ਸਮੇਂ ਮਿੱਡ ਡੇਅ ਮੀਲ ਮੁਲਾਜ਼ਮ ਯੂਨੀਅਨ, ਵਾਟਰ ਸਪਲਾਈ ਯੂਨੀਅਨ ਆਦਿ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਭਾਵੇਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੀ ਰਿਹਾਇਸ਼ ’ਤੇ ਨਹੀਂ ਸਨ ਪ੍ਰੰਤੂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਪੱਤਰ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।





News Source link

- Advertisement -

More articles

- Advertisement -

Latest article