ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਸਤੰਬਰ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਵਾਲੇ ਸਿਹਤ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਦੇ ਹੱਕ ਵਿਚ ਨਿੱਤਰੇ ਹਨ। ਇਹ ਮੁਲਾਜ਼ਮ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਸਥਿਤ ਕਰੋਨਾ ਲੈਬਾਰਟਰੀ ਵਿੱਚ ਪਿਛਲੇ ਦੋ ਸਾਲ ਤੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਸਰਕਾਰ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ। ਠੇਕੇ ’ਤੇ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 31 ਅਗਸਤ ਨੂੰ ਸਮਾਪਤ ਹੋ ਚੁੱਕੀ ਹੈ ਪਰ ਇਨ੍ਹਾਂ ਦਾ ਕੰਟਰੈਕਟ ਹਾਲੇ ਤੱਕ ਨਵਿਆਇਆ ਨਹੀਂ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਟੈਸਟਾਂ ਦਾ ਕੰਮ ਬੰਦ ਕਰਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ। ਇਨ੍ਹਾਂ ਦੇ ਸਮਰਥਨ ’ਚ ਰਾਜਾ ਵੜਿੰਗ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਕਰੋਨਾ ਕਾਲ ਵੇਲੇ ਆਪਣੀਆਂ ਜ਼ਿੰਦਗੀਆਂ ਦਾਅ ’ਤੇ ਲਾ ਦਿੱਤੀਆਂ ਅਤੇ ਹੁਣ ਉਨ੍ਹਾਂ ਨੂੰ ਇਨਾਮ ਦੇਣ ਦਾ ਮੌਕਾ ਸੀ ਪਰ ‘ਆਪ’ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਬਾਂਹ ਫੜਨ ਦੀ ਬਜਾਏ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਲੋਂ ਆਊਟਸੋਰਸ ’ਤੇ ਰੱਖੇ ਇਨ੍ਹਾਂ ਮੁਲਾਜ਼ਮਾਂ ਨੂੰ 22 ਜੂਨ ਨੂੰ ਕਾਊਂਸਲਿੰਗ ਲਈ ਸੱਦਿਆ ਸੀ ਜਿਨ੍ਹਾਂ ਵਿੱਚੋਂ ਕੁਝ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ ਜਦਕਿ ਬਾਕੀਆਂ ਨੂੰ ਵੇਟਿੰਗ ਲਿਸਟ ਵਿੱਚ ਰੱਖਿਆ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਸਿਹਤ ਮੰਤਰੀ ਨਾਲ ਮੁਲਾਜ਼ਮਾਂ ਦੀ 25 ਅਗਸਤ ਨੂੰ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਨੂੰ ਅਡਜਸਟ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਠੇਕਾ ਸਮਾਪਤ ਹੋਣ ਦੇ ਬਾਅਦ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਅਡਜਸਟ ਨਹੀਂ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਮੀਟਿੰਗ ਕਰ ਕੇ ਕਿਹਾ ਕਿ ਉਹ 10 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾ ਰਹੇ ਹਨ।
ਇਸ ਸਬੰਧੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੂੰ ਕਈ ਵਾਰ ਫੋਨ ਕੀਤਾ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਦੌਰਾਨ ਉਨ੍ਹਾਂ ਦੇ ਫੋਨ ’ਤੇ ਸੁਨੇਹਾ ਵੀ ਭੇਜਿਆ ਗਿਆ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।