ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਲਈ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਥੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਸ੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਨਿਰਵੈਰ ਸਿੰਘ ਜੌਹਲਾਂ, ਜੈਪਾਲ ਸਿੰਘ ਮੰਡੀਆਂ, ਹਰਦੇਵ ਸਿੰਘ ਰੋਗਲਾ, ਭਾਈ ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਬਾਦਲ ਪਰਿਵਾਰ ਦਾ ਮੋਹ ਛੱਡ ਕੇ ਪੰਥ ਦੇ ਭਲੇ ਲਈ ਸਿੱਖ ਪੰਥ ਦੀ ਸਹੀ ਅਗਵਾਈ ਕਰਨ ਤਾਂ ਜੋ ਪੰਥਕ ਏਕਤਾ ਸੰਭਵ ਹੋ ਸਕੇ। ਕਮੇਟੀ ਮੈਂਬਰਾਂ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਅਗਵਾਈ ਹੇਠ ਚੱਲੀ ਆ ਰਹੀ ਸ਼੍ਰੋਮਣੀ ਕਮੇਟੀ ਨੇ ਆਪਣੇ ਮੈਂਬਰਾਂ ਦੀਆਂ ਭਾਵਨਾਵਾਂ ਤੇ ਸਮੱਸਿਆਵਾਂ ਵੱਲ ਉੱਕਾ ਹੀ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਦੇ ਸਿੱਖ ਭਾਈਚਾਰੇ ਨੂੰ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਉਠਾਉਣੀ ਪਈ ਜਿਸ ਵਿੱਚ ਹਰਿਆਣਾ ਦੇ ਸਿੱਖ ਸਫਲ ਹੋ ਗਏ। ਇਸੇ ਤਰ੍ਹਾ ਹੀ ਬਾਦਲ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਸਿਆਸੀ ਹਿੱਤਾਂ ਲਈ ਵਰਤਣ ਕਾਰਨ ਦਿੱਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ।