30.2 C
Patiāla
Wednesday, May 15, 2024

ਭ੍ਰਿਸ਼ਟਾਚਾਰ ਮਾਮਲਾ: ਏਆਈਜੀ ਤੇ ਥਾਣੇਦਾਰ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ

Must read


ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 7 ਅਕਤੂਬਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਆਸ਼ੀਸ਼ ਕਪੂਰ ਅਤੇ ਏਐੱਸਆਈ ਹਰਜਿੰਦਰ ਸਿੰਘ ਨੂੰ ਅੱਜ ਬਾਅਦ ਦੁਪਹਿਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਮੰਗਲਵਾਰ ਤੱਕ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਫੇਜ਼-6 ਵਿੱਚ ਮੈਡੀਕਲ ਕਰਵਾਇਆ ਗਿਆ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਡੀਐੱਸਪੀ ਇੰਟੈਲੀਜੈਂਸ ਪਵਨ ਕੁਮਾਰ ਫਿਲਹਾਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਭਾਲ ਜਾਰੀ ਹੈ। ਪੇਸ਼ੀ ਦੌਰਾਨ ਅਦਾਲਤ ਵਿੱਚ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਵਿਜੀਲੈਂਸ ਦੀ ਜਾਂਚ ਟੀਮ ਨੇ ਏਆਈਜੀ ਆਸ਼ੀਸ਼ ਕਪੂਰ ਅਤੇ ਏਐੱਸਆਈ ਹਰਜਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਪੁਲੀਸ ਅਧਿਕਾਰੀ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡੀਐੱਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐੱਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਚਾਅ ਪੱਖ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਵਿਜੀਲੈਂਸ ਦੀ ਪੁਲੀਸ ਰਿਮਾਂਡ ਦੀ ਮੰਗ ਦਾ ਸਖ਼ਤ ਵਿਰੋਧ ਕਰਦਿਆਂ ਏਆਈਜੀ ਆਸ਼ੀਸ਼ ਕਪੂਰ ਨੂੰ ਨਿਰਦੋਸ਼ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਜੀਲੈਂਸ ਨੇ ਪੁਲੀਸ ਅਧਿਕਾਰੀ ਨੂੰ 24 ਘੰਟੇ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਏਡੀਜੀਪੀ ਦੀ ਅਗਵਾਈ ਹੇਠ ਸਿੱਟ ਵੱਲੋਂ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਉਪਰੰਤ ਏਆਈਜੀ ਆਸ਼ੀਸ਼ ਕਪੂਰ ਨੂੰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ ਪਰ ਹੁਣ ਜਾਂਚ ਅਧਿਕਾਰੀ ਡੀਐੱਸਪੀ ਵਰਿੰਦਰ ਸਿੰਘ ਗਿੱਲ ਖ਼ੁਦ ਹੀ ਸ਼ਿਕਾਇਤਕਰਤਾ ਹਨ ਜਦੋਂਕਿ ਸ਼ਿਕਾਇਤਕਰਤਾ ਤਾਂ ਪੀੜਤ ਨੂੰ ਹੋਣਾ ਚਾਹੀਦਾ ਸੀ। ਬਚਾਅ ਪੱਖ ਨੇ ਵਿਜੀਲੈਂਸ ਦੀ ਜਾਂਚ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤੋਂ ਸਿੱਧੇ ਤੌਰ ’ਤੇ ਮਾਮਲਾ ਸ਼ੱਕੀ ਜਾਪਦਾ ਹੈ। ਵਿਜੀਲੈਂਸ ਪੁਲੀਸ ਅਧਿਕਾਰੀ ਨੂੰ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਪੀੜਤ ਔਰਤਾਂ ਨੇ ਚੈੱਕ ਏਆਈਜੀ ਨੂੰ ਨਹੀਂ ਦਿੱਤੇ, ਨਾ ਹੀ ਉਸ ਨੇ ਪੈਸੇ ਕਢਵਾਏ ਹਨ ਅਤੇ ਅਧਿਕਾਰੀ ਦੇ ਘਰ ਦੀ ਤਲਾਸ਼ੀ ਵੀ ਵਿਜੀਲੈਂਸ ਲੈ ਚੁੱਕੀ ਹੈ। ਲਿਹਾਜ਼ਾ ਹੁਣ ਪੁਲੀਸ ਰਿਮਾਂਡ ਦੀ ਕੋਈ ਤੁੱਕ ਨਹੀਂ ਬਣਦੀ। ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਸੁਣਨ ਤੋਂ ਬਾਅਦ ਏਆਈਜੀ ਅਤੇ ਥਾਣੇਦਾਰ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।





News Source link

- Advertisement -

More articles

- Advertisement -

Latest article