19.8 C
Patiāla
Saturday, November 2, 2024

ਸੁਖਬੀਰ ਨੇ ਸਿਆਸੀ ਰਕੀਬ ਨੂੰ ਗਲ ਲਾਇਆ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 9 ਅਕਤੂਬਰ

ਸਿੱਖ ਰਾਜਨੀਤੀ ਵਿੱਚ ਲਗਪਗ 20 ਸਾਲ ਸਿਆਸੀ ਸ਼ਰੀਕ ਰਹੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਬਣਾ ਕੇ ਬਾਦਲਾਂ ਨੂੰ ਦਿੱਲੀ ’ਚ ਮਾਤ ਦੇਣ ਵਾਲੇ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਇਕਾਈ ਦਾ ਪ੍ਰਧਾਨ ਬਣਾ ਦਿੱਤਾ ਹੈ।

ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ ਸਰਨਾ ਦੇ ਪੰਜਾਬੀ ਬਾਗ ਸਥਿਤ ਘਰ ਵਿੱਚ ਅੱਜ ਹੋਈ ਪੰਥਕ ਇੱਕਤਰਤਾ ’ਚ ਸੁਖਬੀਰ ਬਾਦਲ ਵੱਲੋਂ ਦੋਵੇੇਂ ਧੜਿਆਂ ਵਿਚਾਲੇ ਇੱਕਜੁਟਤਾ ਪ੍ਰਗਟ ਕੀਤੀ ਗਈ ਅਤੇ ਪਰਮਜੀਤ ਸਿੰਘ ਸਰਨਾ ਨੂੰ ਸਿਰੋਪਾ ਦੇ ਕੇ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ। ਇਹ ਅਹੁਦਾ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਮਗਰੋਂ ਖਾਲੀ ਪਿਆ ਸੀ।

ਜ਼ਿਕਰਯੋਗ ਹੈ ਕਿ ਸਾਲ ਪਹਿਲਾਂ ਹੋਈਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ’ਤੇ ਚੋਣ ਜਿੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰਾਂ ਨੇ ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਸਟੇਟ ਬਣਾ ਲਿਆ ਸੀ। ਇਸ ਨਾਲ ਅਕਾਲ ਦਲ ਨੂੰ ਕਰਾਰੀ ਸੱਟ ਲੱਗੀ ਸੀ ਤੇ ਇਸ ਧੜੇ ਕੋਲ ਸਿਰਫ਼ 2-3 ਮੈਂਬਰ ਹੀ ਰਹਿ ਗਏ ਸਨ, ਜਦੋਂ ਕਿ ਸਰਨਾ ਧੜੇ ਕੋਲ 14 ਮੈਂਬਰ ਹਨ।

ਦੋਵੇਂ ਦਲਾਂ ਦੇ ਰਲੇਵੇਂ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੀ ਪੰਥਕ ਇਕੱਤਰਤਾ ਮੁੜ ਪੰਥਕ ਸੁਰਜੀਤੀ ਦਾ ਸੰਕੇਤ ਦਿੰਦੀ ਹੈ। ਸਿੱਖ ਕੌਮ ਵਿੱਚ ਘਰੇਲੂ ਜੰਗ ਛੇੜਨ ਲਈ ਕੋਝੀਆਂ ਸਾਜ਼ਿਸ਼ਾਂ ਕੰਮ ਕਰ ਰਹੀਆਂ ਹਨ, ਇਹ ਏਕਤਾ ਹੀ ਇਨ੍ਹਾਂ ਸਾਜ਼ਿਸ਼ਾਂ ਨੂੰ ਅਸਫ਼ਲ ਕਰੇਗੀ। ਸ੍ਰੀ ਬਾਦਲ ਨੇ ਕਿਹਾ ਕਿ ਸੰਕਟ ਦੇ ਦੌਰ ਨੇ ਹਮੇਸ਼ਾਂ ਖਾਲਸਾ ਪੰਥ ਨੂੰ ਇਕਜੁੱਟ ਕੀਤਾ ਹੈ। ਲੁਕਵੇਂ ਦੁਸ਼ਮਣ ਹਰਿਆਣੇ ਲਈ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਤੋੜ ਕੇ ਪੰਥ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਾਹਰੀ ਹਮਲੇ ਤੇ ਅੰਦਰੂਨੀ ਜੋੜ ਤੋੜ ਨਾਲ ਲੜਨ ਲਈ ਏਕਤਾ ਸਮੇਂ ਦੀ ਲੋੜ ਹੈ। ਉਨ੍ਹਾਂ ਸਰਨਾ ਨੂੰ ਪੰਥ ਨੂੰ ਇੱਕਜੁਟ ਕਰਨ ਸਬੰਧੀ ਮੁਹਿੰਮ ਦੀ ਅਗਵਾਈ ਕਰਨ ਲਈ ਆਖਿਆ। ਸ੍ਰੀ ਸਰਨਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਰਟੀ ਦੀ ਟਿਕਟ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਧੋਖਾ ਦਿੱਤਾ ਹੈ, ਉਨ੍ਹਾਂ ਨੂੰ ਪੰਥ ਦੇ ਨਾਲ-ਨਾਲ ਗੁਰੂ ਸਾਹਿਬ ਤੋਂ ਵੀ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਪਾਰਟੀ ਵਿੱਚ ਵਾਪਸ ਆਉਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। 





News Source link

- Advertisement -

More articles

- Advertisement -

Latest article