ਸਰਬਜੀਤ ਸਿੰਘ ਗਿੱਲ
ਫਿਲੌਰ, 12 ਅਕਤੂਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਇਥੇ ਸਰਕਾਰ ਦੀ ਅਰਥੀ ਫੂਕੀ। ਇਸ ਸਮੇਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਪਰਮਜੀਤ ਰੰਧਾਵਾ, ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਚੰਨਣ ਸਿੰਘ, ਖੇਤ ਮਜ਼ਦੂਰ ਸਭਾ ਦੇ ਆਗੂ ਰਛਪਾਲ ਕੈਲੇ, ਕਾਮਰੇਡ ਜਰਨੈਲ ਫਿਲੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਉਦਘਾਟਨੀ ਸਮਾਗਮ ਮੌਕੇ ਮੁੱਖ ਮੰਤਰੀ ਦੇ ਪਹੁੰਚਣ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ 12 ਸਤੰਬਰ ਨੂੰ ਲਾਏ ਤਿੰਨ ਰੋਜ਼ਾ ਮੋਰਚੇ ਸਮੇਂ ਜਥੇਬੰਦੀਆਂ ਨਾਲ਼ 3 ਅਕਤੂਬਰ ਦੀ ਮੀਟਿੰਗ ਤੈਅ ਕੀਤੀ ਗਈ ਸੀ, ਜਿਸ ਨੂੰ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤਾ ਗਿਆ। ਇਸ ਮੌਕੇ ਦਰਸ਼ਨ ਪਾਲ ਬੰਡਾਲਾ, ਸੋਨੀ ਪੁਆਰੀ, ਤਰਸੇਮ ਪੁਆਰੀ, ਖੇਤ ਮਜ਼ਦੂਰ ਸਭਾ ਦੇ ਆਗੂ ਰਛਪਾਲ ਕੈਲੇ, ਸੋਢੀ ਰਾਮ ਕਤਪਾਲੋਂ, ਮੇਜਰ ਫਿਲੌਰ ਤੇ ਮੱਖਣ ਸੰਗਰਾਮੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ਼ ਕੀਤੀਆਂ ਮੀਟਿੰਗਾਂ ’ਚ ਪ੍ਰਵਾਨ ਕੀਤੀਆਂ ਕਈ ਅਹਿਮ ਮੰਗਾਂ ਲਾਗੂ ਨਹੀਂ ਕੀਤੀਆਂ। ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ ਦੀ ਬਜਾਏ ਉਲਟਾ ਸੰਗਰੂਰ ਦੇ ਪਿੰਡ ਬਾਲਦ ਕਲਾਂ ਦੇ ਅੰਦੋਲਨ ਸਮੇਂ ਬਣੇ ਕੇਸ ’ਚ ਇੱਕ ਮਜ਼ਦੂਰ ਆਗੂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਆਪਣੇ ਮਜ਼ਦੂਰ ਦੋਖੀ ਕਿਰਦਾਰ ਨੂੰ ਉਜਾਗਰ ਕਰ ਦਿੱਤਾ ਹੈ।