28.8 C
Patiāla
Saturday, April 13, 2024

ਨਵ-ਨਿਯੁਕਤ ਅਧਿਆਪਕ ਫਰੰਟ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਮੁਜ਼ਾਹਰਾ

Must read


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 16 ਅਕਤੂਬਰ

ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ, 3704 ਅਤੇ 2392 ਅਧਿਆਪਕ ਯੂਨੀਅਨਾਂ ਵੱਲੋਂ ਸਾਂਝੇ ਰੂਪ ਵਿੱਚ ਬਿਨਾਂ ਸ਼ਰਤ ਬਦਲੀਆਂ ਕਰਵਾਉਣ ਅਤੇ ਕੇਂਦਰ ਦੇ ਪੇਅ ਸਕੇਲ ਰੱਦ ਕਰ ਕੇ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਨਕਿਆਣਾ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀ ਅਧਿਆਪਕ ਪਟਿਆਲਾ ਰੋਡ ’ਤੇ ਸਥਿਤ ਮਿਲਕ ਪਲਾਂਟ ਨੇੜੇ ਇਕੱਠੇ ਹੋਏ, ਜਿੱਥੋਂ ਰੋਸ ਮਾਰਚ ਕਰਦੇ ਹੋਏ ਉਹ ਸ਼ਹਿਰ ਦੇ ਨਾਨਕਿਆਣਾ ਚੌਕ ਪੁੱਜੇ ਅਤੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ। ਇਸ ਦੌਰਾਨ ਸੰਬੋਧਨ ਕਰਦਿਆਂ ਨਵ-ਨਿਯੁਕਤ ਅਧਿਆਪਕ ਫ਼ਰੰਟ ਦੇ ਆਗੂ ਗੁਰਪ੍ਰੀਤ ਸਿੰਘ ਨਾਭਾ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਵੱਲੋਂ ਸਾਲ 2018 ਤੋਂ ਬਾਅਦ ਭਰਤੀ ਹੋਏ ਮਾਸਟਰ ਕੇਡਰ ਅਤੇ ਲੈਕਚਰਾਰਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਆਸਾਮੀਆਂ ਖਾਲੀ ਹੋਣ ਦੇ ਬਾਵਜੂਦ ਉਨ੍ਹਾਂ ਦੀ ਤਾਇਨਾਤੀ ਸਰਹੱਦੀ ਜ਼ਿਲ੍ਹਿਆਂ ਵਿੱਚ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 3704 ਅਧਿਆਪਕ ਯੂਨੀਅਨ ਦੇ ਆਗੂ ਹਰਜਿੰਦਰ ਫ਼ਾਜ਼ਿਲਕਾ ਨੇ ਪੰਜਾਬ ਸਰਕਾਰ ਵੱਲੋਂ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਉੱਤੇ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਪੇਅ ਸਕੇਲ ਲਾਗੂ ਕਰਨ ਦੀ ਥਾਂ ਕੇਂਦਰ ਸਰਕਾਰ ਦੇ ਪੇਅ ਸਕੇਲ ਥੋਪਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਤੁਰੰਤ ਰੱਦ ਕਰ ਕੇ ਪੰਜਾਬ ਸਰਕਾਰ ਦਾ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ।

2392 ਅਧਿਆਪਕ ਯੂਨੀਅਨ ਦੇ ਆਗੂ ਯੁੱਧਜੀਤ ਸਿੰਘ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਅਧਿਆਪਕਾਂ ਦੀ ਬਦਲੀ ਬਿਨਾਂ ਕਿਸੇ ਸ਼ਰਤ ਤੋਂ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਕੀਤੀ ਜਾਵੇ। ਨਵ-ਨਿਯੁਕਤ ਅਧਿਆਪਕ ਫ਼ਰੰਟ ਦੇ ਆਗੂ ਮਨਿੰਦਰ ਕਾਫਰ ਨੇ ਜਿੱਥੇ ਆਏ ਹੋਏ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ, ਉੱਥੇ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵ-ਨਿਯੁਕਤ ਅਧਿਆਪਕਾਂ ਦਾ ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕੀਤਾ ਜਾਵੇ ਅਤੇ ਭੱਤਿਆਂ ਸਮੇਤ ਪੂਰੀ ਤਨਖਾਹ ਦਿੱਤੀ ਜਾਵੇ। ਨਵ-ਨਿਯੁਕਤ ਅਧਿਆਪਕ ਜਥੇਬੰਦੀਆਂ ਨੇ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਕਿਹਾ ਕਿ ਜੇਕਰ ਬਦਲੀਆਂ ਦਾ ਮੌਕਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਸੰਗੂਰਰ ਵਿੱਚ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਵਿਕਰਮ ਸ਼ੁਤਰਾਣਾ, ਮਾਲਵਿੰਦਰ ਸਿੰਘ, ਕਰਮਜੀਤ ਸਿੰਘ, ਮਹਾਂਵੀਰ ਸਿੰਘ, ਮਹਿਲ ਸਿੰਘ ਜੱਬੋਵਾਲ, ਟਿੰਕੂ ਸੈਣੀ, ਵਿਨੈ ਕੁਮਾਰ, ਸੁਖਜਿੰਦਰ ਸਿੰਘ, ਮਨਿੰਦਰ ਸਿੰਘ, ਦਵਿੰਦਰ ਸਿੰਘ ਅਮਰਗੜ੍ਹ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਬੇਅੰਤ ਕੌਰ ਤੋਂ ਇਲਾਵਾ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਸੁਖਵਿੰਦਰ ਗਿਰ ਤੇ ਡੈਮੋਕਰੈਟਿਕ ਟੀਚਰਜ਼ ਫਰੰਟ ਸੰਗਰੂਰ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਆਦਿ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਸਰਬਜੀਤ ਅਤੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਦੇ ਆਗੂਆਂ ਨੇ ਇਸ ਸੰਘਰਸ਼ ਦੀ ਹਮਾਇਤ ਕੀਤੀ।

News Source link

- Advertisement -

More articles

- Advertisement -

Latest article