32.9 C
Patiāla
Monday, April 29, 2024

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ: ਅਮਨ ਅਰੋੜਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 16 ਅਕਤੂਬਰ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸੱਤ ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤ ਮਹੀਨਿਆਂ ਵਿੱਚ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਾਧੂ ਕੰਮ ਕੀਤੇ ਹਨ ਅਤੇ 220 ਸਿਆਸਤਦਾਨਾਂ ਅਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ।  ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ।  ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 8,736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੇ 28 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਦੇ ਨਾਲ ਹੀ ਪੁਲੀਸ ਵਿਭਾਗ ਵਿੱਚ 2500 ਆਸਾਮੀਆਂ ਭਰ ਦਿੱਤੀਆਂ ਹਨ ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਟਾਸਕ ਫੋਰਸ ਦਾ ਗਠਨ ਕਰ ਕੇ ਹੁਣ ਤੱਕ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ,  ਜਦੋਂ ਕਿ ਰਾਜ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7,275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐੱਮਐੱਸਪੀ ’ਤੇ ਮੂੰਗੀ ਦੀ ਖਰੀਦ ਕਰ ਕੇ ਕਿਸਾਨਾਂ ਨੂੰ ਤੀਜੀ ਫਸਲ ਬੀਜਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟਿਊਬਵੈੱਲਾਂ ’ਤੇ ਲੋਡ ਵਧਾਉਣ ਦਾ ਖਰਚਾ ਵੀ ਘੱਟ ਕੀਤਾ ਅਤੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਹੈ। ਸਰਕਾਰ ਵੱਲੋਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 360 ਰੁਪਏ ਤੋਂ 380 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਹਰ ਵਰਗ ਨੂੰ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫ਼ਤ ਦੇ ਰਹੀ ਹੈ ਤੇ ਲੋਕਾਂ ਦੇ ਬਕਾਇਆ ਬਿੱਲ ਵੀ ਮੁਆਫ ਕਰ ਦਿੱਤੇ ਹਨ।  

‘ਧਰਨਿਆਂ ਨਾਲ ਹੱਲ ਨਹੀਂ ਹੁੰਦੀ ਸਮੱਸਿਆ’

ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਲੱਗ ਰਹੇ ਧਰਨਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਧਰਨਾ ਲਾਉਣ ਨਾਲ ਸਮੱਸਿਆ ਹੱਲ ਨਹੀਂ ਹੁੰਦੀ, ਇਸ ਲਈ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਮੰਗਾਂ ਮੰਨ ਲਈਆਂ ਅਤੇ ਉਨ੍ਹਾਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਪਰ ਇਸ ਦੇ ਬਾਵਜੂਦ ਕਿਸਾਨ ਧਰਨਾ ਦੇਣ ਲੱਗੇ ਹਨ। ਇਸ ਦੌਰਾਨ ਉਨ੍ਹਾਂ ਹੋਰਨਾਂ ਜਨਤਕ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਮਸਲਿਆਂ ਦਾ ਹੱਲ ਲੱਭਣ ਦਾ ਭਰੋਸਾ ਦਿੱਤਾ।  

ਆਮ ਆਦਮੀ ਕਲੀਨਿਕਾਂ ’ਤੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ: ਜੌੜੇਮਾਜਰਾ

ਚੰਡੀਗੜ੍ਹ (ਟਨਸ): ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕਾਂ ’ਚ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਹ ਕਲੀਨਿਕ ਮਰੀਜ਼ਾਂ, ਵਿਸ਼ੇਸ਼ ਤੌਰ ’ਤੇ ਓਪੀਡੀ ਸੇਵਾਵਾਂ ਦੀਆਂ ਲੋੜਾਂ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਏ ਹਨ। ਸਿਹਤ ਮੰਤਰੀ ਨੇ ਕਿਹਾ ਕਿ 15 ਅਗਸਤ ਤੋਂ 15 ਅਕਤੂਬਰ 2022 ਤੱਕ ਮਰੀਜ਼ਾਂ ਦੀ ਗਿਣਤੀ 3,47,193 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 45,570 ਕਲੀਨਿਕਲ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਨ ਵਿੱਚ ਐੱਸਏਐੱਸ ਨਗਰ ਜ਼ਿਲ੍ਹਾ ਅੱਗੇ ਚਲ ਰਿਹਾ ਹੈ, ਜਿੱਥੇ ਹੁਣ ਤੱਕ ਕੁੱਲ 51,000 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 6,442 ਲੈਬ ਟੈਸਟ ਕੀਤੇ ਜਾ ਚੁੱਕੇ ਹਨ ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 41,792 ਮਰੀਜ਼ਾਂ ਅਤੇ 4435 ਕਲੀਨਿਕਲ ਟੈਸਟਾਂ ਦੇ ਮਾਮਲੇ ’ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 29,440 ਮਰੀਜ਼ਾਂ ਅਤੇ 3622 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।





News Source link

- Advertisement -

More articles

- Advertisement -

Latest article