ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਇਥੇ ਜੱਜ ਸੁਮਿਤ ਮੱਕੜ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਨਵਜੋਤ ਸਿੰਘ ਸਿੱਧੂ ਅੱਜ ਪੇਸ਼ ਨਹੀਂ ਹੋਏ, ਜਿਸ ਕਾਰਨ ਪੇਸ਼ੀ ਟਲ ਗਈ। ਇਸ ਕੇਸ ’ਚ ਸਿੱਧੂ ਨੇ ਗਵਾਹ ਵਜੋਂ ਪੇਸ਼ ਹੋਣਾ ਸੀ। ਲੁਧਿਆਣਾ ਅਦਾਲਤ ਦੇ ਬਾਹਰ ਮੌਜੂਦ ਸਿੱਧੂ ਦੇ ਸਮਰਥਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਟਿਆਲਾ ਜੇਲ੍ਹ ’ਚੋਂ ਚੈਕਅੱਪ ਲਈ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਸਫ਼ਰ ਲਈ ‘ਅਨਫਿਟ’ ਕਰਾਰ ਦਿੱਤਾ ਹੈ। ਪਟਿਆਲਾ ਜੇਲ੍ਹ ’ਚ ਕੱਲ੍ਹ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ। ਹਾਲਾਂਕਿ ਸੁਰੱਖਿਆ ਦਾ ਹਵਾਲਾ ਦੇ ਕੇ ਸ੍ਰੀ ਸਿੱਧੂ ਨੇ ਪੇਸ਼ ਹੋਣ ਤੋਂ ਮਨ੍ਹਾਂ ਕਰ ਦਿੱਤਾ ਸੀ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਸੀ। ਅੱਜ ਪੇਸ਼ੀ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਵੱਲੋਂ ਅਦਾਲਤ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।