25.7 C
Patiāla
Friday, April 19, 2024

ਕਿਸਾਨਾਂ ਨੇ ਭਗਵੰਤ ਮਾਨ ਦੀ ਕੋਠੀ ਅੱਗੇ ਮੋਰਚੇ ’ਤੇ ਮਨਾਈ ਦੀਵਾਲੀ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 25 ਅਕਤੂਬਰ

ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਨੀਆਂ ਮੰਗਾਂ ਲਾਗੂ ਕਰਨ ’ਚ ਪੰਜਾਬ ਸਰਕਾਰ ’ਤੇ ਟਾਲਮਟੋਲ ਦਾ ਦੋਸ਼ ਲਾਉਂਦਿਆਂ 29 ਅਕਤੂੁਬਰ ਨੂੰ ਵੱਡਾ ਇਕੱਠ ਕਰ ਕੇ ਅਗਲਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ। ਬੀਤੀ ਰਾਤ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ’ਚ ਹੀ ਸੰਘਰਸ਼ੀ ਦੀਵਾਲੀ ਮਨਾਈ ਗਈ। ਇਸ ਵਿੱਚ ਵੱਡੀ ਗਿਣਤੀ ਔਰਤਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਦੀਵਾਲੀ ਵਾਲੀ ਰਾਤ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਨਾਟਕ ‘‘ਇਨ੍ਹਾਂ ਜ਼ਖਮਾਂ ਦਾ ਕੀ ਕਰੀਏ’’ ਦੀ ਪੇਸ਼ਕਾਰੀ ਕੀਤੀ ਗਈ।

ਬੀਕੇਯੂ ਉਗਰਾਹਾਂ ਦੇ ਸੂਬਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪਿਛਲੇ 17 ਦਿਨਾਂ ਤੋਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ’ਤੇ ਬੈਠੇ ਹਨ ਅਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਵੀ ਜਾਰੀ ਹੈ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੱਕੇ ਮੋਰਚੇ ਦੇ ਨੇੜਲੀਆਂ ਕਲੋਨੀਆਂ ਵਿੱਚ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਕੁਪ੍ਰਚਾਰ ਕਰ ਰਹੀ ਹੈ, ਜਦੋਂਕਿ ਕਲੋਨੀ ਵਾਸੀਆਂ ਨੂੰ ਉਨ੍ਹਾਂ ਪ੍ਰਤੀ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਕਲੋਨੀ ਵਾਸੀ ਸੰਘਰਸ਼ਸ਼ੀਲ ਕਿਸਾਨਾਂ ਨੂੰ ਮਠਿਆਈਆਂ ਵੰਡ ਕੇ ਗਏ ਹਨ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ ਦਸ-ਦਸ ਲੱਖ ਰੁਪਏ ਮੁਆਵਜ਼ਾ ਦੇਣ ਦੀ ਬਜਾਇ ਸਰਕਾਰ ਜਥੇਬੰਦੀ ਨੂੰ ਮੱਤਾਂ ਦੇ ਰਹੀ ਹੈ ਕਿ ਬਜ਼ੁਰਗ ਕਿਸਾਨਾਂ ਨੂੰ ਧਰਨੇ ’ਚ ਨਾ ਲਿਆਂਦਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਸੰਬੋਧਨ ਕੀਤਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਨਕ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੂਟਾਲ, ਜਗਦੇਵ ਸਿੰਘ ਜੋਗੇਵਾਲਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਵੀ ਮੌਜੂਦ ਸਨ।  





News Source link

- Advertisement -

More articles

- Advertisement -

Latest article