34.2 C
Patiāla
Friday, May 17, 2024

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ: ਮਾਨ

Must read


ਚੰਡੀਗੜ੍ਹ, 31 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਲੰਘੇ ਦਿਨ ਕੇਸ ਵਿੱਚ ਦਾਇਰ ਐੱਫਆਈਆਰ ਵਾਪਸ ਲੇੈਣ ਦੀ ਧਮਕੀ ਦਿੱਤੀ ਸੀ। ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਮਰਹੂਮ ਪੁੱਤਰ ਦਾ ਨਾਮ ਗੈਂਗਸਟਰਾਂ ਨਾਲ ਜੋੜਿਆ ਗਿਆ ਤਾਂ ਉਹ ਐੱਫਆਈਆਰ ਵਾਪਸ ਲੈ ਲੈਣਗੇ।

ਮੁੱਖ ਮੰਤਰੀ ਨੇ ਪਠਾਨਕੋਟ ਵਿੱਚ ਕਿਹਾ, ‘‘ਸਾਡੇ ਵੱਲੋਂ ਨਿਆਂ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਨਿਯਮਤ ਅਧਾਰ ’ਤੇ ਕਿਸੇ ਨਾ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜਿੱਥੋਂ ਕਿਤੇ ਵੀ ਸਾਨੂੰ ਕੋਈ ਸੁਰਾਗ ਮਿਲਦਾ ਹੈ, ਅਸੀਂ (ਇਸ ਕੇਸ ਵਿੱਚ) ਗ੍ਰਿਫ਼ਤਾਰੀ ਕਰਦੇ ਹਾਂ।’’ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਇਕ ਮਹੀਨੇ (25 ਨਵੰਬਰ) ਤੱਕ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਮਾਨ, ਜੋ ਪਠਾਨਕੋਟ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਏ ਸਨ, ਨੇ ਮੂਸੇਵਾਲਾ ਦੇ ਕਤਲ ਨੂੰ ਬਹੁਤ ਗੰਭੀਰ ਮਸਲਾ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੇ ਗਾਇਕ ’ਤੇ ਹਮਲਾ ਕਰਨ ਤੇ ਕਤਲ ਦੀ ਯੋਜਨਾ ਘੜਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕੇਸ ਵਿੱਚ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੈਨੇਡਾ ਬੈਠੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾਣ ਦੀ ਅਪੀਲ ਕੀਤੀ ਹੈ, ਤਾਂ ਕਿ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾ ਸਕੇ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਲਕੌਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਸ ਦੇ ਪੁੱਤਰ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਕਤਲ ਕੀਤਾ ਗਿਆ ਸੀ ਤੇ ਇਹ ਗੈਂਗਵਾਰ ਦਾ ਨਤੀਜਾ ਨਹੀਂ ਸੀ। -ਪੀਟੀਆਈ





News Source link

- Advertisement -

More articles

- Advertisement -

Latest article