36.1 C
Patiāla
Saturday, May 4, 2024

ਸਰਾਭਾ ਸਣੇ ਹੋਰ ਸ਼ਹੀਦਾਂ ਨੂੰ ਮਿਲੇ ‘ਭਾਰਤ ਰਤਨ’ ਸਨਮਾਨ: ਮਾਨ

Must read


ਸੰਤੋਖ ਗਿੱਲ

ਗੁਰੂਸਰ ਸੁਧਾਰ (ਸਰਾਭਾ), 16 ਨਵੰਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਗ਼ਦਰੀ ਸੂਰਬੀਰ ਕਰਤਾਰ ਸਿੰਘ ਸਰਾਭਾ ਦੇ 107ਵੇਂ ਸ਼ਹੀਦੀ ਦਿਵਸ ਮੌਕੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਰਤਾਰ ਸਿੰਘ ਸਰਾਭਾ, ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਮੇਤ ਹੋਰ ਸ਼ਹੀਦਾਂ ਨੂੰ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਸ ਪੁਰਸਕਾਰ ਦੀ ਸ਼ੋਭਾ ਹੋਰ ਵਧੇਗੀ। ਸ੍ਰੀ ਮਾਨ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ ਦੀ ਉਸਾਰੀ ਦਾ ਕੰਮ ਛੇਤੀ ਮੁਕੰਮਲ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 48 ਕਰੋੜ 90 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸ਼ਹੀਦ ਦੇ ਬੁੱਤ ਨੂੰ ਹਾਰ ਪਾ ਕੇ ਸਲਾਮੀ ਦਿੱਤੀ। ਇਸ ਮਗਰੋਂ ਸ਼ਹੀਦੀ ਸਮਾਰਕ ਅਤੇ ਸ਼ਹੀਦ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਭਗਵੰਤ ਮਾਨ ਨੇ ਸ਼ਹੀਦ ਦੇ ਜੱਦੀ ਘਰ ਵਿੱਚ ਦਰਸ਼ਨਾਰਥੀ ਪੁਸਤਕ ਵਿੱਚ ਲਿਖਿਆ, ‘‘ਸ਼ਹੀਦ ਦੇ ਜੱਦੀ ਘਰ ਆ ਕੇ ਜੋਸ਼ ਅਤੇ ਦੇਸ਼ਭਗਤੀ ਦੇ ਜਜ਼ਬੇ ਵਾਲੀ ਸੋਚ ਨੂੰ ਆਪਣੇ ਅੰਦਰ ਹੋਰ ਮਜ਼ਬੂਤ ਕੀਤਾ ਹੈ।’’ ਪਿੰਡ ਵਾਸੀਆਂ ਦੀ ਮੰਗ ’ਤੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਸਮੇਤ ਰੱਖੀਆਂ ਹੋਰ ਮੰਗਾਂ ਛੇਤੀ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ। ਭਗਵੰਤ ਮਾਨ ਨੇ ਸਭ ਤੋਂ ਛੋਟੀ ਉਮਰ ਵਿੱਚ ਵੱਡੀ ਕੁਰਬਾਨੀ ਦੇਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਖੇਡ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਦਾ ਇਰਾਦਾ ਜ਼ਾਹਰ ਕਰਦਿਆਂ ਨੌਜਵਾਨਾਂ ਦੀ ਬੇਮਿਸਾਲ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਇਸ ਦਿਸ਼ਾ ਵਿੱਚ ਸਾਰਥਕ ਉਪਰਾਲਾ ਦੱਸਿਆ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਯਤਨ ਹੋਰ ਤੇਜ਼ ਕਰਨ ਦੀ ਹਾਮੀ ਭਰੀ।

 ਸ਼ਹੀਦ ਕਰਤਾਰ ਸਿੰਘ ਸਰਾਭਾ ਖੇਡ ਸਮਾਰੋਹ ਨੂੰ ਸੰਬੋਧਨ ਕਰਦੇ ਮੁੱਖ ਮੰਤਰੀ ਭਗਵੰਤ ਮਾਨ। -ਫ਼ੋਟੋ: ਗਿੱਲ



ਹਲਵਾਰਾ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ ਹਾਲ ਦੀ ਘੜੀ ਟਾਲਿਆ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਪਲਾਂ ਲਈ ਚਲਦਾ ਫੁੱਟਬਾਲ ਮੈਚ ਰੋਕ ਕੇ ਇਕ ਖ਼ੁਸ਼ਖ਼ਬਰੀ ਦੇਣ ਦੀ ਗੱਲ ਆਖੀ। ਉਨ੍ਹਾਂ ਅਧਵਾਟੇ ਰੁਕੇ ਹਲਵਾਰਾ ਦੇ ਉਸਾਰੀ ਅਧੀਨ ਕੌਮਾਂਤਰੀ ਹਵਾਈ ਅੱਡੇ ਦਾ ਕੰਮ ਮੁੜ ਪੰਜਾਬ ਸਰਕਾਰ ਵੱਲੋਂ ਆਪਣੇ ਹੱਥਾਂ ’ਚ ਲੈਣ ਅਤੇ 48 ਕਰੋੜ 90 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ। ਸਟੇਜ ’ਤੇ ਬੈਠੇ ਸ਼ਹੀਦ ਕਰਤਾਰ ਸਿੰਘ ਸਰਾਭਾ ਡੈਂਟਲ ਕਾਲਜ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਗਰੇਵਾਲ ਨੇ ਹਵਾਈ ਅੱਡੇ ਦੇ ਨਾਮਕਰਨ ਬਾਰੇ ਵੀ ਮੁੱਖ ਮੰਤਰੀ ਦਾ ਧਿਆਨ ਖਿੱਚਿਆ। ਪਰ ਮੁੱਖ ਮੰਤਰੀ ਮਾਨ ਨੇ ਇਹ ਕਹਿ ਕੇ ਟਾਲ ਦਿੱਤਾ ਕਿ ਪਹਿਲਾਂ ਟਰਮੀਨਲ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਲੈਣ ਦਿਓ, ਬਾਅਦ ਵਿਚ ਨਾਮਕਰਨ ਦਾ ਮਾਮਲਾ ਵੀ ਹੱਲ ਕਰ ਲਿਆ ਜਾਵੇਗਾ।





News Source link

- Advertisement -

More articles

- Advertisement -

Latest article