ਗਗਨਦੀਪ ਅਰੋੜਾ
ਲੁਧਿਆਣਾ, 21 ਨਵੰਬਰ
ਸਨਅਤੀ ਸ਼ਹਿਰ ਵਿੱਚ ਨਗਰ ਨਿਗਮ ਚੋਣਾਂ ਲਈ ਜੋਸ਼ ਭਰਨ ਆਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹਿਰ ਦੇ ਕਈ ਹਲਕਿਆਂ ਵਿੱਚ ਕਾਂਗਰਸੀਆਂ ਨਾਲ ਮੀਟਿੰਗ ਕੀਤੀ। ਉਹ ਹਲਕਾ ਉੱਤਰੀ ਦੇ ਵਾਰਡ ਨੰਬਰ ਇੱਕ ਤੇ ਹਲਕਾ ਦੱਖਣੀ ਦੇ ਸ਼ੇਰਪੁਰ ਵਾਰਡ ਨੰਬਰ 22 ਵਿੱਚ ਪੁੱਜੇ। ਵੜਿੰਗ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਕਾਂਗਰਸੀ ਤਿਆਰ ਰਹਿਣ। ਹਰ ਗਲੀ-ਮੁਹੱਲੇ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਫਿਲਹਾਲ 45 ਵਾਰਡਾਂ ਵਿੱਚ ਪਹਿਲਾਂ ਮੀਟਿੰਗਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ ਵਿੱਚ ਦੁਬਾਰਾ ਕਾਂਗਰਸ ਦਾ ਮੇਅਰ ਬਣੇਗਾ। ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਨੇ ਅੱਠ ਮਹੀਨੇ ਵਿੱਚ ਹੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖ ਲਿਆ ਹੈ। ਲੋਕ ਇਹ ਸੋਚਣ ਲਈ ਮਜਬੂਰ ਹੋ ਗਏ ਹਨ ਕਿ ਕਾਂਗਰਸ ਪਾਰਟੀ ਨੇ ਭਾਈਚਾਰਾ ਪੰਜਾਬ ’ਚ ਬਣਾ ਕੇ ਰੱਖਿਆ ਸੀ ਪਰ ਹੁਣ ਪੰਜਾਬ ਦੇ ਹਾਲਾਤ ਵਿਗੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਮੁੱਖ ਮੰਤਰੀ ਗੁਜਰਾਤ ਚੋਣ ’ਚ ਰੁੱਝੇ ਹੋਏ ਸਨ। ਉਨ੍ਹਾਂ ਹਲਕਾ ਉੱਤਰੀ ਵਿੱਚ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ ਹੇਠ ਕਈ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਮੌਜੂਦਾ ਤੇ ਸਾਬਕਾ ਕੌਂਸਲਰਾਂ ਵਿੱਚ ਨਗਰ ਨਿਗਮ ਦੀਆਂ ਚੋਣਾਂ ਲਈ ਜੋਸ਼ ਭਰਿਆ। ਰਾਜਾ ਵੜਿੰਗ ਨੇ ਕੌਂਸਲਰਾਂ ਨੂੰ ਤਗੜੇ ਹੋ ਕੇ ਚੋਣ ਲੜਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਵੜਿੰਗ ਨੇ ਕਿਹਾ ਕਿ ਆਪ ਦੇ ਵਿਧਾਇਕ ਕਾਂਗਰਸ ਵੱਲੋਂ ਸ਼ੁਰੂ ਕੀਤੇ ਕੰਮਾਂ ਦੇ ਹੀ ਉਦਘਾਟਨ ਕਰਕੇ ਵਾਹ-ਵਾਹ ਖੱਟ ਰਹੇ ਹਨ, ਜਦਕਿ ਅੱਠ ਮਹੀਨਿਆਂ ਦੇ ਕਾਰਜਕਾਲ ਵਿੱਚ ‘ਆਪ’ ਨੇ ਕੁਝ ਨਹੀਂ ਕੀਤਾ।
ਨੌਜਵਾਨਾਂ ਨੂੰ ਹਥਿਆਰਾਂ ਦੇ ਰਾਹ ਨਾ ਪਾਉਣ ਅੰਮ੍ਰਿਤਪਾਲ ਸਿੰਘ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬੀਆਂ ਦੇ ਹੱਥਾਂ ਵਿੱਚ ਹਥਿਆਰ ਨਾ ਦੇਣ ਦੀ ਨਸੀਹਤ ਦਿੱਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਕਾਲੇ ਦੌਰ ਵਿੱਚ ਵਾਪਸ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ, ਨਾ ਕਿ ਹਥਿਆਰਾਂ ਦੇ ਰਾਹ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਬੁਰਾ ਦੌਰ ਦੇਖਿਆ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨੇ ਪਹਿਲਾਂ ਆਇਆ ਇੱਕ ਨੌਜਵਾਨ ਹੁਣ ਧਰਮ ਦਾ ਠੇਕੇਦਾਰ ਬਣ ਗਿਆ ਹੈ।