ਹਰਦੀਪ ਸਿੰਘ ਸੋਢੀ
ਧੂਰੀ, 1 ਦਸੰਬਰ
ਗੰਨਾ ਸੰਘਰਸ਼ ਕਮੇਟੀ ਨੇ ਖੰਡ ਮਿੱਲ ਧੂਰੀ ਵੱਲ ਰਹਿੰਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਅੱਗੇ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਧਰਨਾ ਲਾਇਆ। ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸ਼ੂਗਰ ਮਿੱਲਾਂ ਨੂੰ ਚਲਾਉਣ ਦਾ ਐਲਾਨ ਕਰ ਰਹੀ ਹੈ ਦੂਸਰੇ ਪਾਸੇ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਰਾਸ਼ੀ ਤੁਰੰਤ ਜਾਰੀ ਨਾ ਕਰਵਾਈ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਲੱਗੇ ਧਰਨੇ ਨੂੰ ਮੁੱਖ ਮੰਤਰੀ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਤੇ ਧੂਰੀ ਦੇ ਐੱਸਡੀਐੱਮ ਅਮਿਤ ਕੁਮਾਰ ਗੁਪਤਾ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਅਪਣਾ ਧਰਨਾ ਸਮਾਪਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਤਹਿਸੀਲਦਾਰ, ਡੀਐੱਸਪੀ ਯੋਗੇਸ਼ ਸ਼ਰਮਾ ਤੋਂ ਇਲਾਵਾ ਕਿਸਾਨ ਆਗੂ ਪ੍ਰੇਮਜੀਤ ਸਿੰਘ ਭੋਜੋਵਾਲੀ, ਸੁਖਵੰਤ ਸੰਧੂ ਚੌਂਦਾ,ਦਲਜੀਤ ਕਹੇਰੂ, ਭਵਨ ਕਹੇਰੂ ਤੇ ਯੋਧਾ ਬੱਬਨਪੁਰ ਸਮੇਤ ਹੋਰ ਵੀ ਹਾਜ਼ਰ ਸਨ।