ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਦਸੰਬਰ
ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਸਬੰਧੀ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਭਵਨ ਦੇ ਮੁੱਖ ਦਫ਼ਤਰ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ। ਟੀਮ ਨੇ ਢਿੱਲੋਂ ਤੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਸਵਾਲ ਜਵਾਬ ਕੀਤੇ। ਉਧਰ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਮਰੀਕਾ ਵਿੱਚ ਹੋਣ ਕਾਰਨ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬੀਤੀ 29 ਨਵੰਬਰ ਨੂੰ ਵੀ ਸਾਬਕਾ ਮੰਤਰੀ ਸ਼ਰਨਜੀਤ ਢਿੱਲੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਸੀ। ਉਸ ਦਿਨ ਸ੍ਰੀ ਢਿੱਲੋਂ ਨੇ ਜ਼ਰੂਰੀ ਰੁਝੇਵਿਆਂ ਦੀ ਦੁਹਾਈ ਦਿੰਦੇ ਹੋਏ ਵਿਜੀਲੈਂਸ ਤੋਂ ਚਾਰ ਦਿਨ ਦੀ ਮੋਹਲਤ ਮੰਗੀ ਸੀ।