ਲਖਵਿੰਦਰ ਸਿੰਘ
ਮਲੋਟ, 3 ਦਸੰਬਰ
ਇਥੇ ਅਬੋਹਰ ਰੋਡ ’ਤੇ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਣ ਪੁੱਜੀਆਂ ਦੋ ਦਰਜਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਵਾਂ ਨੂੰ ਪੁਲੀਸ ਨੇ ਗੇਟ ‘ਤੇ ਰੋਕ ਲਿਆ। ਇਸ ’ਤੇ ਅਧਿਆਪਕਾਂ ਨੇ ਗੇਟ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਬੇਰੁਜ਼ਗਾਰਾਂ ਦੀ ਪੁਲੀਸ ਨੇ ਖਿੱਚ-ਧੂਹ ਕੀਤੀ। ਡੀਐੱਸਪੀ ਬਲਕਾਰ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਨੂੰ ਜਮਹੂਰੀ ਢੰਗ ਨਾਲ ਆਪਣੀ ਗੱਲ ਰੱਖਣੀ ਚਾਹੀਦੀ ਹੈ, ਹਿੰਸਾ ਬਰਦਾਸ਼ਤ ਤੋਂ ਬਾਹਰ ਹੈ, ਜੇਕਰ ਕੋਈ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।