ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 9 ਦਸੰਬਰ
ਕੌਮੀ ਜਾਂਚ ਏਜੰਸੀ ਐੱਨਆਈਏ ਨੇ ਭਾਰਤ ਅਤੇ ਵਿਦੇਸ਼ ਬੈਠੇ ਗੈਂਗਸਟਰਾਂ ਦੇ ਗੱਠਜੋੜ ਦਾ ਪਰਦਾਫਾਸ਼ ਕਰਨ ਦੀ ਮੁਹਿੰਮ ਤਹਿਤ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਦਹਿਸ਼ਤੀ ਕਾਰਵਾਈਆਂ ਲਈ ਫੰਡ ਜੁਟਾਉਣ ਦੇ ਮਾਮਲੇ ਵਿੱਚ ਨੌਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਇੱਕ ਅਧਿਕਾਰਿਤ ਬਿਆਨ ਰਾਹੀਂ ਕਿਹਾ ਕਿ ਉਸ ਨੇ ਵੀਰਵਾਰ ਨੂੰ ਸ਼ਾਹਬਾਜ਼ ਅੰਸਾਰੀ ਉਰਫ਼ ਸ਼ਹਿਜ਼ਾਦ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਜ਼ਾਦ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਤੇ ਹੋਰ ਗੋਲੀ-ਸਿੱਕਾ ਸਪਲਾਈ ਕੀਤਾ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਇਹੀ ਹਥਿਆਰ ਵਰਤੇ ਗਏ ਸਨ। ਮੁਲਜ਼ਮ ਅੰਸਾਰੀ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ।