ਦਵਿੰਦਰ ਪਾਲ
ਚੰਡੀਗੜ੍ਹ 15 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।
ਤਾਜ਼ਾ ਨਿਯੁਕਤੀਆਂ ਵਿੱਚ ਕਈ ਅਜਿਹੇ ਆਗੂਆਂ ਨੂੰ ਵੀ ਥਾਂ ਦਿੱਤੀ ਗਈ ਹੈ, ਜਿਨ੍ਹਾਂ ਦੇ ਨਾਮ ਅਕਾਲੀ ਦਲ ਵਿੱਚੋਂ ਕੱਢੇ ਗਏ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਆਪਣੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸਨ। ਅੱਜ ਕੀਤੀਆਂ ਨਿਯੁਕਤੀਆਂ ਵਿੱਚ ਬਾਗੀ ਚੱਲੇ ਆ ਰਹੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਬਲਬੀਰ ਸਿੰਘ ਮਿਆਣੀ, ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।
ਪਾਰਟੀ ਵੱਲੋਂ ਨਿਯੁਕਤ ਕੀਤੇ ਸੀਨੀਅਰ ਮੀਤ ਪ੍ਰਧਾਨਾਂ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜੀਤਮਹਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਯਾਲੀ, ਸੋਹਣ ਸਿੰਘ ਠੰਡਲ, ਹਰਮੀਤ ਸਿੰਘ ਸੰਧੂ, ਮਨਤਾਰ ਸਿੰਘ ਬਰਾੜ, ਜਗਬੀਰ ਸਿੰਘ ਬਰਾੜ, ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਹਰਪ੍ਰੀਤ ਸਿੰਘ ਕੋਟਭਾਈ, ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾਂ, ਹੰਸ ਰਾਜ ਜੋਸ਼ਨ, ਐੱਸਆਰ ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਅਤੇ ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੁਲਾਈ ਮਹੀਨੇ ਦੌਰਾਨ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਸੀ। ਨਵੇਂ ਗਠਿਤ ਕੀਤੇ ਜਾ ਰਹੇ ਜਥੇਬੰਦਕ ਢਾਂਚੇ ਵਿੱਚ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਵੀ ਨਿਯੁਕਤੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰ ਕਮੇਟੀ ਮੈਂਬਰ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤਰ੍ਹਾਂ ਨਾਲ ਪਾਰਟੀ ’ਤੇ ਪਹਿਲਾਂ ਵਾਂਗ ਹੀ ਪਰਿਵਾਰਵਾਦ ਦਾ ਪਰਛਾਵਾਂ ਦੇਖਿਆ ਜਾ ਸਕਦਾ ਹੈ। ਪਾਰਟੀ ਵੱਲੋਂ ਇਸ ਤੋਂ ਪਹਿਲਾਂ ਪ੍ਰਧਾਨ ਦੇ ਸਲਾਹਕਾਰ ਬੋਰਡ ਦੇ ਮੈਂਬਰਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਜਥੇਬੰਦਕ ਢਾਂਚਾ ਭੰਗ ਕਰਨ ਮਗਰੋਂ ਅੱਜ ਦੂਜੀ ਸੂਚੀ ਜਾਰੀ ਕੀਤੀ ਗਈ ਹੈ।