29.1 C
Patiāla
Sunday, May 5, 2024

ਧਾਲੀਵਾਲ ਨੇ ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

Must read


ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 19 ਦਸੰਬਰ

ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ‘‘ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਐੱਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸਾਲ ਦਸੰਬਰ ਤੇ ਅਪਰੈਲ ਮਹੀਨੇ ਵਿੱਚ ਦੋ ਵਾਰ ਐੱਨਆਰਆਈ ਮਿਲਣੀਆਂ ਕੀਤੀਆਂ ਜਾਣਗੀਆਂ।’’ ਉਹ ਅੱਜ ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਗਏ ‘ਐੱਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਮੌਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਬੋਲ ਰਹੇ ਸਨ। ਇਸ ਸਮਾਗਮ ਵਿੱਚ ਮੁਹਾਲੀ ਸਮੇਤ ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਨੇ ਸ਼ਿਰਕਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਐੱਨਆਰਆਈਜ਼ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਰੁਝਾਨ ਸਾਹਮਣੇ ਆਇਆ ਹੈ, ਅਜਿਹੇ ਕੇਸਾਂ ਵਿੱਚ ਆਇਲਜ਼ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰ ਕੇ ਮੁੰਡੇ ਵਾਲੇ ਉਸ ਨੂੰ ਬਾਹਰ ਤਾਂ ਭੇਜ ਦਿੰਦੇ ਹਨ ਪਰ ਬਾਅਦ ਵਿੱਚ ਆਪਸੀ ਝਗੜੇ ਵਧ ਜਾਂਦੇ ਹਨ। ਕੁੜੀ, ਮੁੰਡੇ ਨੂੰ ਬਾਹਰ ਲਿਜਾਣ ਤੋਂ ਮੁਕਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਇੱਥੇ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਸ਼ਿਕਾਇਤਾਂ ਸਰਕਾਰ ਕੋਲ ਪੇਸ਼ ਕਰ ਸਕਦੇ ਹਨ, ਜਿਨ੍ਹਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐੱਨਆਰਆਈਜ਼ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਛੇਤੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਤੋਂ ਕੈਨੇਡਾ ਉਡਾਣਾਂ ਸ਼ੁਰੂ ਕਰਨ ਅਤੇ ਈ-ਵੀਜ਼ਾ ਦੀ ਸਹੂਲਤ ਵਿੱਚ ਪਰਵਾਸੀ ਪੰਜਾਬੀਆਂ ਦੀਆਂ ਪ੍ਰੇਸ਼ਾਨੀਆਂ ਸਬੰਧੀ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਹ ਦੋਵੇਂ ਮਸਲੇ ਕੇਂਦਰ ਸਰਕਾਰ ਕੋਲ ਚੁੱਕਣਗੇ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ‘ਆਪ’ ਆਗੂ ਪ੍ਰਭਜੋਤ ਕੌਰ, ਹਰਸੁਖਇੰਦਰ ਸਿੰਘ ਬੱਬੀ ਬਾਦਲ ਸਣੇ ਐੱਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ ਬਾਲਾਮੁਰੂਗਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।





News Source link

- Advertisement -

More articles

- Advertisement -

Latest article