29.7 C
Patiāla
Monday, May 6, 2024

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਦਸੰਬਰ

ਸ੍ਰੀ ਦਰਬਾਰ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਅੱਜ ਸੁੰਦਰ ਜਲੌਅ ਵੀ ਸਜਾਏ ਗਏ।

ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਗਤ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਅਲੌਕਿਕ ਜਲੌਅ ਸਜਾਏ ਗਏ ਤੇ ਰਾਤ ਵੇਲੇ ਆਤਿਸ਼ਬਾਜ਼ੀ ਵੀ ਕੀਤੀ ਗਈ।

ਇਸੇ ਦੌਰਾਨ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਸਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਮੌਜੂਦਾ ਸਮੇਂ ਫੈਲੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਬੱਚਿਆਂ ਨੂੰ ਦਸਵੇਂ ਪਾਤਸ਼ਾਹੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਪਾਕਿਸਤਾਨ ਵਿਚ ਪੰਜ ਜਨਵਰੀ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਇਹ ਗੁਰਪੁਰਬ ਭਾਰਤ ਵਿੱਚ ਅੱਜ 29 ਦਸੰਬਰ ਅਤੇ ਪਾਕਿਸਤਾਨ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 5 ਜਨਵਰੀ ਨੂੰ ਮਨਾਇਆ ਜਾਵੇਗਾ। ਸਾਲ 2010 ਵਿਚ ਜਦੋਂ ਤੋਂ ਮੂਲ ਨਾਨਕਸ਼ਾਹੀ ਕੈਲੰਡਰ ਵਿਚ ਸੋਧ ਕੀਤੀ ਗਈ ਹੈ ਗੁਰਪੁਰਬ ਦੀਆਂ ਦੋ-ਦੋ ਤਰੀਕਾਂ ਨੂੰ ਲੈ ਕੇ ਸੰਗਤ ਵਿਚ ਦੁਬਿਧਾ ਬਣੀ ਹੋਈ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸੁਝਾਅ ਦਿਤਾ ਕਿ ਇਸ ਦਬਿਧਾ ਨੂੰ ਦੂਰ ਕਰਨ ਵਾਸਤੇ ਪੋਹ ਸੁਦੀ ਸਤਮੀ ਜੋ 23 ਪੋਹ ਬਣਦੀ ਹੈ, ’ਤੇ ਸਹਿਮਤੀ ਕਰ ਲਈ ਜਾਵੇ।

ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ (ਟ.ਨ.ਸ.): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁੱਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਗੁਰੂ ਸਾਹਿਬ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਨਿਆਂ, ਬਰਾਬਰੀ, ਸਮਾਜਿਕ ਭਲਾਈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਟੀਚਿਆਂ ਦੀ ਪ੍ਰਾਪਤੀ ਲਈ ਖੁਦ ਨੂੰ ਕੁਰਬਾਨ ਕਰਨ ਲਈ ਸਦਾ ਤਿਆਰ ਰਹਿਣ ਵਾਲੀ ਕੌਮ ਤਿਆਰ ਕੀਤੀ। ਉਨ੍ਹਾਂ ਲੋਕਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਮਹਾਨ “ਸੰਤ ਸਿਪਾਹੀ’’ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਰਹੂਮ ਪਿਤਾ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਹ ਖੇਡਾਂ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੇ 5 ਫਰਵਰੀ, 2023 ਨੂੰ ਕਰਵਾਈਆਂ ਜਾਣਗੀਆਂ। ਟੀਮਾਂ ਦੀ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 20 ਜਨਵਰੀ, 2023 ਹੈ।





News Source link

- Advertisement -

More articles

- Advertisement -

Latest article