29.1 C
Patiāla
Wednesday, May 8, 2024

ਰਾਜੌਰੀ ਅਤਿਵਾਦੀ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ: ਸ਼ਾਹ

Must read


ਜੰਮੂ, 13 ਜਨਵਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜੌਰੀ ’ਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਗਈ ਹੈ। ਜੰਮੂ ਕਸ਼ਮੀਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਜੰਮੂ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਇਹ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ।

ਜੰਮੂ ਦੇ ਇੱਕ ਰੋਜ਼ਾ ਦੌਰੇ ਮਗਰੋਂ ਸ਼ਾਹ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ’ਚ ਜੰਮੂ ’ਚ ਹੋਈਆਂ ਸਾਰੀਆਂ ਅਤਿਵਾਦੀ ਘਟਨਾਵਾਂ ਦੀ ਜਾਂਚ ਵੀ ਐੱਨਆਈਏ ਕਰੇਗੀ ਅਤੇ ਜੰਮੂ ਕਸ਼ਮੀਰ ਪੁਲੀਸ ਜਾਂਚ ’ਚ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ, ‘ਅਸੀਂ ਰਾਜੌਰੀ ਘਟਨਾ ਦੀ ਜਾਂਚ ਐੱਨਆਈਏ ਨੂੰ ਸੌਂਪ ਦਿੱਤੀ ਹੈ।’ ਰਾਜੌਰੀ ’ਚ ਇੱਕ ਤੇ ਦੋ ਜਨਵਰੀ ਨੂੰ ਹੋਏ ਅਤਿਵਾਦੀ ਹਮਲਿਆਂ ’ਚ ਸੱਤ ਜਣਿਆਂ ਦੀ ਮੌਤ ਹੋ ਗਈ ਸੀ ਜਦਕਿ 14 ਜ਼ਖ਼ਮੀ ਵਿਅਕਤੀ ਹੋ ਗਏ ਸਨ। ਸ਼ਾਹ ਨੇ ਸੁਰੱਖਿਆ ਏਜੰਸੀਆਂ ਤੇ ਜੰਮੂ ਕਸ਼ਮੀਰ ਦੇ ਸਿਖਰਲੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਸਬੰਧੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ, ‘ਅਸੀਂ ਇਸ ਨੂੰ ਲੈ ਕੇ ਚਰਚਾ ਕੀਤੀ ਹੈ ਕਿ ਸੁਰੱਖਿਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਿਵੇਂ ਕੀਤਾ ਜਾਵੇ। ਸੁਰੱਖਿਆ ਏਜੰਸੀਆਂ ਨੇ ਮੈਨੂੰ ਦੱਸਿਆ ਕਿ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਅਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੌ ਫੀਸਦ ਤਿਆਰ ਹਨ।’ ਮੀਟਿੰਗ ’ਚ ਉਪ ਰਾਜਪਾਲ ਮਨੋਜ ਸਿਨਹਾ ਵੀ ਹਾਜ਼ਰ ਸਨ।

ਗ੍ਰਹਿ ਮੰਤਰੀ ਨੇ ਕਿਹਾ ਕਿ ਮੀਟਿੰਗ ’ਚ ਮੌਜੂਦਾ ਸਥਿਤੀ ਦੀ ਪੂਰੀ ਸਮੀਖਿਆ ਕੀਤੀ ਗਈ ਅਤੇ ਦਹਿਸ਼ਤਗਰਦਾਂ ਦੀ ਹਮਾਇਤ ਕਰਨ ਵਾਲੇ ਤੰਤਰ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇੱਕ ਸਮਾਂਬੱਧ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਵਿੱਚ ਤਿੰਨ ਮਹੀਨੇ ਅੰਦਰ ਜੰਮੂ ਡਿਵੀਜ਼ਨ ਦੇ ਸਾਰੇ ਖੇਤਰਾਂ ’ਚ ਸੁਰੱਖਿਆ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇਗਾ। ਸ਼ਾਹ ਨੇ ਕਿਹਾ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੁਰੱਖਿਆ ਮਜ਼ਬੂਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਦਿਨੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਪ੍ਰਸ਼ਾਸਨ ਤੇ ਸੁਰੱਖਿਆ ਬਲਾਂ ਦੇ ਸਿਖਰਲੇ ਅਧਿਕਾਰੀਆਂ ਨੇ ਹਵਾਈ ਅੱਡੇ ’ਤੇ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ। -ਪੀਟੀਆਈ

ਸ਼ਾਹ ਨੇ ਰਾਜੌਰੀ ਹਮਲੇ ਦੇ ਪੀੜਤਾਂ ਨਾਲ ਫੋਨ ’ਤੇ ਕੀਤੀ ਗੱਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਹ ਰਾਜੌਰੀ ’ਚ ਹੋਏ ਅਤਿਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਜੰਮੂ ਆਏ ਸਨ ਪਰ ਖਰਾਬ ਮੌਸਮ ਕਾਰਨ ਉਹ ਉੱਥੇ ਨਹੀਂ ਜਾ ਸਕੇ। ਉਨ੍ਹਾਂ ਕਿਹਾ, ‘ਹਾਲਾਂਕਿ ਮੈਂ ਸੱਤ ਪੀੜਤਾਂ ’ਚੋਂ ਹਰੇਕ ਦੇ ਪਰਿਵਾਰਕ ਮੈਂਬਰਾਂ ਨਾਲ ਫੋਨ ’ਤੇ ਗੱਲ ਕੀਤੀ ਹੈ। ਪਰਿਵਾਰਾਂ ਨੇ ਕਿਹਾ ਕਿ ਉਹ ਅਤਿਵਾਦੀਆਂ ਨਾਲ ਲੜਨ ਲਈ ਤਿਆਰ ਹਨ। ਉਨ੍ਹਾਂ ਤੋਂ ਅਜਿਹੀਆਂ ਗੱਲਾਂ ਸੁਣਨਾ ਅਸਲ ਵਿੱਚ ਖੁਸ਼ੀ ਦੀ ਗੱਲ ਹੈ।’



News Source link

- Advertisement -

More articles

- Advertisement -

Latest article