22 C
Patiāla
Thursday, May 2, 2024

ਪਾਕਿਸਤਾਨ ਨਾਲ ਕੋਈ ਵਪਾਰਕ ਸਬੰਧ ਨਹੀਂ ਬਣਾਵਾਂਗੇ: ਭਗਵੰਤ ਮਾਨ

Must read


ਆਤਿਸ਼ ਗੁਪਤਾ
ਚੰਡੀਗੜ੍ਹ, 13 ਫਰਵਰੀ

ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਨਾਲ ਕਿਸੇ ਵੀ ਕਿਸਮ ਦੇ ਵਪਾਰਕ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਪ੍ਰਗਟਾਵਾ ਕੀਤਾ।

ਸ੍ਰੀ ਮਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਰੋਜ਼ਾਨਾ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜ ਕੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਨਾਲ ਕਿਸੇ ਕਿਸਮ ਦੇ ਸਬੰਧ ਰੱਖਣਾ ਠੀਕ ਨਹੀਂ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਠੀਕ ਹੈ। ਇਸ ਲਈ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਚਿੰਤਤ ਹੋਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲੀਸ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ, ਜਿਸ ਸਦਕਾ ਵੱਡੀ ਗਿਣਤੀ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਨਾਲ ਸਰਹੱਦੀ ਖੇਤਰ ਵਿੱਚ ਚੌਕਸੀ ਵਧਾਈ ਗਈ ਹੈ। ਸ੍ਰੀ ਮਾਨ ਨੇ ਇਸ ਮੌਕੇ ਸੂਬੇ ਵਿੱਚ ਕੀਤੇ ਗਏ ਨਿਵੇਸ਼ ਬਾਰੇ ਗੱਲ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ਼ 11 ਮਹੀਨਿਆਂ ਦੇ ਸਮੇਂ ਵਿੱਚ 38,175 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਹੈ, ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਇਸ ਤਹਿਤ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਪ੍ਰਸਤਾਵਿਤ ਨਿਵੇਸ਼ 11,853 ਕਰੋੜ ਰੁਪਏ ਦਾ ਹੈ, ਜਿਸ ਨਾਲ 1.22 ਲੱਖ ਨੌਕਰੀਆਂ ਪੈਦਾ ਹੋਣਗੀਆਂ। ਮੈਨੂਫੈਕਚਰਿੰਗ ਸੈਕਟਰ ’ਚ 5,981 ਕਰੋੜ ਦੇ ਨਿਵੇਸ਼ ਨਾਲ 39,952 ਨੌਕਰੀਆਂ, ਸਟੀਲ ਸੈਕਟਰ ’ਚ 3,889 ਕਰੋੜ ਦੇ ਨਿਵੇਸ਼ ਨਾਲ 9,257 ਨੌਕਰੀਆਂ, ਕੱਪੜਾ, ਟੈਕਨੀਕਲ ਟੈਕਸਟਾਈਲ ਉਦਯੋਗ ’ਚ 3,305 ਕਰੋੜ ਦੇ ਨਿਵੇਸ਼ ਨਾਲ 13,753 ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ 23 ਤੇ 24 ਫਰਵਰੀ ਨੂੰ ਮੁਹਾਲੀ ਵਿੱਚ ਹੋਣ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਵਿੱਚ ਦੁਨੀਆਂ ਭਰ ਤੋਂ ਕੰਪਨੀਆਂ ਪਹੁੰਚ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਸਿੰਗਲ ਵਿੰਡੋ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਦਿਖਾਵਾ ਸੀ, ਜਿਸ ਦਾ ਕੋਈ ਮਤਲਬ ਨਹੀਂ ਸੀ। ਇਸ ਕਾਰਨ ਸੰਭਾਵੀ ਨਿਵੇਸ਼ਕਾਂ ਦਾ ਨਾ ਸਿਰਫ਼ ਹੌਸਲਾ ਡਿੱਗਿਆ, ਸਗੋਂ ਇਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਵੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੰਗਲ ਵਿੰਡੋ ਪ੍ਰਣਾਲੀ ਨੂੰ ਸੂਬੇ ਵਿੱਚ ਨਿਵੇਸ਼ ਦੇ ਇੱਛੁਕ ਸਨਅਤਕਾਰਾਂ ਲਈ ਅਸਲ ਮਾਇਨਿਆਂ ਵਾਲੀ ਸਹੂਲਤ ਬਣਾਉਣ ’ਤੇ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੇ ਅਰਥਚਾਰੇ ਦੇ ਇੰਜਣ ਵਜੋਂ ਕੰਮ ਕਰਨ ਦੇ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹੋਣ ਕਾਰਨ ਸੂਬੇ ਨੇ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਬਹਾਲ ਕਰਨ ਮਗਰੋਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਵੱਲ ਵੱਡਾ ਕਦਮ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਥਰਮਲ ਪਲਾਂਟਾਂ ਨੂੰ ਕੋਲੇ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸਨਅਤਕਾਰਾਂ ਦਾ ਪੰਜਾਬ ਤੋਂ ਉੱਤਰ ਪ੍ਰਦੇਸ਼ ’ਚ ਹਿਜਰਤ ਕਰਨਾ ਕੋਰਾ ਝੂਠ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੋਂ ਕਿਸੇ ਵੀ ਸਨਅਤ ਨੇ ਉੱਤਰ ਪ੍ਰਦੇਸ਼ ਦਾ ਰੁਖ਼ ਨਹੀਂ ਕੀਤਾ ਹੈ। ਇਹ ਕੋਰਾ ਝੂਠ ਹੈ। ਉਨ੍ਹਾਂ ਕਿਹਾ ਕਿ ਸਨਅਤੀ ਇਕਾਈਆਂ ਨੂੰ ਇੱਥੇ ਬਿਹਤਰੀਨ ਸਹੂਲਤਾਂ ਮਿਲ ਰਹੀਆਂ ਹਨ, ਜਿਸ ਕਾਰਨ ਕੋਈ ਵੀ ਸਨਅਤ ਸੂਬੇ ਤੋਂ ਬਾਹਰ ਨਹੀਂ ਗਈ। ਸ੍ਰੀ ਮਾਨ ਨੇ ਕਿਹਾ ਕਿ ਸਨਅਤੀ ਇਕਾਈਆਂ ਸਿਰਫ਼ ਸੂਬੇ ’ਚ ਹੀ ਰਹਿਣਗੀਆਂ ਅਤੇ ਉਨ੍ਹਾਂ ਦੇ ਇੱਥੋਂ ਰੁਖ਼ਸਤ ਹੋਣ ਦੀਆਂ ਖ਼ਬਰਾਂ ਕੋਰੀਆਂ ਅਫ਼ਵਾਹਾਂ ਹਨ।

ਹੋਲੇ ਮਹੱਲੇ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ’ਚ ਹੋਣ ਵਾਲੇ ਹੋਲਾ-ਮੁਹੱਲਾ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ਸੱਦੀ ਗਈ ਸੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਣ ਵਾਲੇ ਸਮਾਗਮਾਂ ’ਚ ਵੱਡੀ ਗਿਣਤੀ ’ਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਸ਼ਾਮਲ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ।





News Source link

- Advertisement -

More articles

- Advertisement -

Latest article