27.4 C
Patiāla
Wednesday, May 1, 2024

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਚੁਣੇ 4161 ਅਧਿਆਪਕਾਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ, ਪੱਗਾਂ ਲੱਥੀਆਂ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 18 ਫਰਵਰੀ

ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਖਾਸੀ ਧੱਕਾ-ਮੁੱਕੀ ਹੋਈ, ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ। ਭਰਤੀ ਪ੍ਰਕਿਰਿਆ ਦੌਰਾਨ ਚੁਣੇ ਗਏ 4161 ਅਧਿਆਪਕ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੀ। ਪੁਲੀਸ ਵਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਸੜਕ ’ਤੇ ਆਵਾਜਾਈ ਠੱਪ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਪੰਜਾਬ ਭਰ ਤੋਂ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕ ਸਥਾਨਕ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ। ਨਾਕੇਬੰਦੀ ਦੇ ਬਾਵਜੂਦ ਜਿਉਂ ਹੀ ਪ੍ਰਦਰਸ਼ਨਕਾਰੀ ਆਂ ਨੇ ਬੈਰੀਕੇਡ ਧੂਹ ਕੇ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਜਬਰਦਸਤ ਧੱਕਾ-ਮੁੱਕੀ ਹੋਈ, ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ। ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਸਮੇਤ ਗੁਰਮੁਖ ਸਿੰਘ ਕੋਟਭਾਈ ਅਤੇ ਬਲਵੀਰ ਸਿੰਘ ਦੀਆਂ ਪੱਗਾਂ ਲੱਥ ਗਈਆਂ ਅਤੇ ਕੁੱਝ ਸੱਟਾਂ ਵੀ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਜਨਵਰੀ ਨੂੰ ਲੁਧਿਆਣਾ ਵਿਖੇ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ ਪਰ ਡੇਢ ਮਹੀਨੇ ਬਾਅਦ ਵੀ ਅਜੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਅਤੇ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਉਪਰ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੋਂਗੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ, ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਦੇਵੀ ਦਿਆਲ, ਫ਼ਕੀਰ ਚੰਦ ਟਿੱਬਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਅਧਿਆਪਕਾਂ ਨੂੰ ਸਮਰਥਨ ਦਿੱਤਾ। ਇਸ ਮੌਕੇ ਮਾਲਵਿੰਦਰ ਸਿੰਘ ਬਰਨਾਲਾ, ਇੰਦਰਾਜ਼ ਅਬੋਹਰ, ਇਕਬਾਲ ਮਾਲੇਰਕੋਟਲਾ, ਗੁਰਮੇਲ ਸਿੰਘ ਕੁਲਰੀਆਂ, ਹਰਦੀਪ ਬਠਿੰਡਾ, ਅਲਕਾ ਫਗਵਾੜਾ, ਗੁਰਜੀਤ ਕੌਰ ਸੰਗਰੂਰ, ਸੰਦੀਪ ਗੁਰੀ, ਅਮਿਤ ਸੰਗਰੂਰ, ਖੁਸ਼ਦੀਪ ਸੰਗਰੂਰ, ਰਿੰਕੂ ਕੰਬੋਜ, ਬਲਕਾਰ ਬੁਢਲਾਡਾ, ਗੁਰਪਾਲ ਮਾਨਸਾ, ਸੰਦੀਪ ਫਿਰੋਜ਼ਪੁਰ, ਗੁਰਸੇਵਕ ਤਰਨਤਾਰਨ, ਲਵਪ੍ਰੀਤ ਕੰਬੋਜ, ਗਗਨ ਸੰਧਵਾਂ ਫਰੀਦਕੋਟ ਆਦਿ ਅਧਿਆਪਕ ਹਾਜ਼ਰ ਸਨ।





News Source link

- Advertisement -

More articles

- Advertisement -

Latest article