34.2 C
Patiāla
Friday, May 17, 2024

ਮੁਹਾਲੀ ’ਚ ਪੱਕਾ ਮੋਰਚਾ: ਸੰਯੁਕਤ ਕਿਸਾਨ ਮੋਰਚੇ ਨੇ ਸਮਰਥਨ ਦੇਣ ਦਾ ਐਲਾਨ ਕੀਤਾ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 20 ਫਰਵਰੀ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਬੀਤੇ ਦਿਨ ਬੀਬੀਆਂ ਨੇ ਮੋਰਚਾ ਸੰਭਾਲਿਆ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ

ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਪੰਜਾਬ ਦੇ ਕਿਸਾਨਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਬਾਅਦ ਦੁਪਹਿਰ 1 ਵਜੇ ਕਿਸਾਨਾਂ ਦੀ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਕਿਸਾਨ ਨੇ ਰੋਸ ਮਾਰਚ ਕਰਦੇ ਹੋਏ ਪੱਕੇ ਮੋਰਚੇ ਵਿੱਚ ਪਹੁੰਚੇ। ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ’ਤੇ ਵੀ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਣਾ ਗੈਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖ਼ਿਲਾਫ਼ ਹੈ। ਉਨ੍ਹਾਂ ਬੰਦੀ ਸਿੰਘਾਂ ਸਮੇਤ ਸਾਰੇ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕੀਤੀ, ਜਿਨ੍ਹਾਂ ਨੂੰ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਕੇ ਸਾਂਝੇ ਤੌਰ ’ਤੇ ਅੰਦੋਲਨ ਨੂੰ ਤੇਜ਼ ਕਰਨ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਦਿੱਲੀ ਵਿੱਚ ਕੌਮੀ ਪੱਧਰ ’ਤੇ ਇੱਕ ਰੋਜ਼ਾ ਅੰਦੋਲਨ ਕੀਤਾ ਜਾਵੇਗਾ। ਜਿਸ ਵਿੱਚ 450 ਤੋਂ ਵੱਧ ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਵਿੱਚ ਨੁਮਾਇੰਦੇ ਸ਼ਮੂਲੀਅਤ ਕਰਨਗੇ।

ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਵਿੱਚ ਸੋਮਵਾਰ ਨੂੰ ਵੱਡੇ ਜਥੇ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਪੱਕੇ ਮੋਰਚੇ ’ਤੇ ਡਟੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ’ਤੇ ਨਹੀਂ ਪਹੁੰਚਦੇ, ਉਦੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕ ਜੁੜ ਰਹੇ ਹਨ।





News Source link

- Advertisement -

More articles

- Advertisement -

Latest article