23.9 C
Patiāla
Friday, May 3, 2024

ਸਮੇਂ ਦੀ ਕਦਰ ਨਾ ਕਰਨ ਵਾਲੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ 12 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ

Must read


ਚੰਡੀਗੜ੍ਹ, 2 ਮਾਰਚ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਮੀਟਿੰਗ ਵਿੱਚ ਦੇਰ ਨਾਲ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਸੁਮਨ ਗੁਪਤਾ, ਡੀਟੀਪੀ ਰਿਤਿਕਾ ਅਰੋੜਾ ਅਤੇ ਡੀਟੀਪੀ ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏਟੀਪੀ) ਗਗਨ ਚੋਪੜਾ, ਏਟੀਪੀ ਅਮਰਿੰਦਰਜੀਤ ਸਿੰਘ, ਪਲੈਨਿੰਗ ਅਫ਼ਸਰ ਪਰਮਜੀਤ ਸਿੰਘ, ਪਲੈਨਿੰਗ ਅਫ਼ਸਰ ਭੁਪਿੰਦਰ ਕੌਰ, ਏਡੀਓ ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ ਤੇ ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਐੱਨਓਸੀਜ਼ ਨਾਲ ਸਬੰਧਤ ਮਾਮਲੇ ‘ਤੇ ਚਰਚਾ ਅਤੇ ਇਨ੍ਹਾਂ ਦੇ ਹੱਲ ਲਈ ਮੀਟਿੰਗ ਬੁਲਾਈ ਸੀ, ਜਿਸ ਵਿੱਚ ਇਹ ਅਧਿਕਾਰੀ/ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਸਨ। ਇਨ੍ਹਾਂ ਅਧਿਕਾਰੀਆਂ ਵੱਲੋਂ ਡਿਊਟੀ ਵਿੱਚ ਵਰਤੀ ਕੁਤਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਮੁੱਖ ਪ੍ਰਸ਼ਾਸਕ ਪੁੱਡਾ ਨੂੰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਨਿਰਧਾਰਤ ਸਮੇਂ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿੱਚ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੰਮਕਾਜ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਅਪਣਾਇਆ ਹੈ। ਉਨ੍ਹਾਂ ਨੇ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੇਂ ਸਿਰ ਆਪਣੀ ਡਿਊਟੀ ‘ਤੇ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।





News Source link

- Advertisement -

More articles

- Advertisement -

Latest article