22.1 C
Patiāla
Tuesday, April 30, 2024

ਜਾਂਚ ਟੀਮ ਵੱਲੋਂ ਸਿੱਖ ਸੰਗਤ ਨੂੰ ਕਲੀਨ ਚਿੱਟ

Must read


ਜਸਵੰਤ ਜੱਸ

ਫਰੀਦਕੋਟ, 12 ਮਾਰਚ

ਕੋਟਕਪੂਰਾ ਗੋਲੀ ਕਾਂਡ ਤਹਿਤ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ। 

ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲੀਸ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਅਤੇ ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ ’ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ। ਜਾਂਚ ਟੀਮ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ, ਸਗੋਂ ਝੂਠੇ ਕੇਸ ਦੀ ਕਥਿਤ ਸਾਜ਼ਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।

ਬਾਦਲਾਂ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਾਇਰ

ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਨਾਮਜ਼ਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚਲਾਨ ਦੀਆਂ ਨਕਲਾਂ ਲੈਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਚਲਾਨ ਦੀ ਨਕਲ ਵਕੀਲ ਰਾਹੀਂ ਤੁਰੰਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਜ਼ਮਾਨਤ ਵਿੱਚ ਬਹਿਸ ਦੌਰਾਨ ਆਪਣਾ ਪੱਖ ਰੱਖ ਸਕਣ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਨੇ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਮੁਲਜ਼ਮ ਪਹਿਲਾਂ ਅਦਾਲਤ ਵਿੱਚ ਹਾਜ਼ਰ ਹੋਣ, ਉਸ ਤੋਂ ਬਾਅਦ ਹੀ ਉਹ ਕਾਨੂੰਨੀ ਤੌਰ ’ਤੇ ਚਲਾਨ ਦੀਆਂ ਨਕਲਾਂ ਲੈਣ ਦੇ ਹੱਕਦਾਰ ਹੋਣਗੇ। ਅਦਾਲਤ ਸੋਮਵਾਰ ਨੂੰ ਇਸ ਮੁੱਦੇ ’ਤੇ ਆਪਣਾ ਹੁਕਮ ਸੁਣਾਏਗੀ।

ਕੋਟਕਪੂਰਾ ਗੋਲੀ ਕਾਂਡ ਸਬੰਧੀ ਕੋਈ ਵੀ ਵਿਅਕਤੀ ਸਿਟ ਨਾਲ ਕਰ ਸਕੇਗਾ ਜਾਣਕਾਰੀ ਸਾਂਝੀ

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ’ਚ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਏਡੀਜੀਪੀ ਐੱਲ ਕੇ ਯਾਦਵ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ’ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਪੁਲੀਸ ਹੈੱਡਕੁਆਰਟਰ, ਸੈਕਟਰ-9, ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਿੱਚ 16, 23 ਅਤੇ 30 ਮਾਰਚ ਨੂੰ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ’ਤੇ ਮੈਸੇਜ ਭੇਜ ਕੇ ਜਾਂ newsit2021kotkapuracase0gmail.com ’ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ।  ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। ਇਸ ਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਏਡੀਜੀਪੀ ਐੱਲ ਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਐੱਸਐੱਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਸੀ। ਇਸ ਸਿਟ ਨੇ 24 ਫਰਵਰੀ ਨੂੰ ਅਦਾਲਤ ’ਚ ਆਪਣਾ ਪਹਿਲਾ ਚਲਾਨ ਪੇਸ਼ ਕਰ ਦਿੱਤਾ ਹੈ। ਉਸ ਤੋਂ ਬਾਅਦ ਸਿਟ ਨੇ ਪੰਜਾਬ ਦੇ ਇਕ ਆਈਏਐੱਸ ਸਣੇ ਚਾਰ ਪੁਲੀਸ ਅਧਿਕਾਰੀਆਂ ਤੋਂ ਵੀ ਕਈ ਘੰਟੇ ਪੁੱਛ-ਗਿਛ ਕੀਤੀ ਸੀ।





News Source link

- Advertisement -

More articles

- Advertisement -

Latest article