38.1 C
Patiāla
Sunday, April 28, 2024

ਸਿਆਸੀ ਆਗੂਆਂ ਤੇ ਅਧਿਕਾਰੀਆਂ ਨੇ ਅਨਾਜ ਮੰਡੀਆਂ ’ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

Must read


ਪੱਤਰ ਪ੍ਰੇਰਕ

ਚਮਕੌਰ ਸਾਹਿਬ , 11 ਅਪਰੈਲ

ਅਨਾਜ ਮੰਡੀ ਚਮਕੌਰ ਸਾਹਿਬ ਵਿਖੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਮੰਡੀਆਂ ਵਿਚ ਕਣਕ ਲੈ ਕੇ ਆਏ ਹਰੇਕ ਕਿਸਾਨ ਦੀ ਫਸਲ ਖਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹ ਪੈਣ ਕਾਰਨ ਹੋਏ ਨੁਕਸਾਨ ਦੇ ਬਾਵਜੂਦ ਕਣਕ ਦਾ ਝਾੜ 20 ਕੁਇੰਟਲ ਪ੍ਰਤੀ ਏਕੜ ਤੋਂ ਵੀ ਉਪਰ ਨਿਕਲਿਆ ਹੈ। ਉਨ੍ਹਾਂ ਮੰਡੀ ਵਿਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਡੀ ਵਿਚ ਸਫਾਈ ਦੇ ਅਜੇ ਤੱਕ ਟੈਂਡਰ ਨਾ ਹੋਣ ’ਤੇ ਕਿਹਾ ਕਿ ਉਹ ਜਲਦੀ ਹੀ ਐਕਸ਼ਨ ਲੈਣਗੇ ਅਤੇ ਇਹ ਸਮੱਸਿਆ ਅਗਲੇ ਦਿਨਾਂ ਵਿਚ ਹੱਲ ਹੋ ਜਾਵੇਗੀ । ਉਨ੍ਹਾਂ ਮੰਡੀ ਦੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਵੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮੰਡੀ ਵਿਚ ਅੱਜ ਕਣਕ ਦੀ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਵੱਲੋਂ ਕੀਤੀ ਗਈ । ਇਸ ਮੌਕੇ ਜ਼ਿਲਾ ਮੰਡੀ ਅਫਸਰ ਡਾ. ਨਵਰੀਤ ਕੌਰ, ਮਾਰਕੀਟ ਕਮੇਟੀ ਦੇ ਸਕੱਤਰ ਤਰਨਜੀਤ ਸਿੰਘ, ਆੜ੍ਹਤੀ ਉੱਜਲ ਸਿੰਘ, ਮਨਜੀਤ ਸਿੰਘ ਕੰਗ, ਨੈਬ ਸਿੰਘ, ਤਰਲੋਚਨ ਸਿੰਘ ਭੰਗੂ, ਬਹਾਦਰ ਸਿੰਘ ਤੁੰਗ, ਬਲਜੀਤ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।

ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਖਮਾਣੋਂ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅਪਣੀ ਸਮੁੱਚੀ ਟੀਮ ਨਾਲ ਅਤੇ ਮਾਰਕੀਟ ਕਮੈਟੀ ਦੇ ਕਰਮਚਾਰੀਆਂ ਨਾਲ ਮੰਡੀਆ ਦਾ ਦੌਰਾ ਕੀਤਾ। ਵਿਧਾਇਕ ਰੁਪਿੰਦਰ ਸਿੰਘ ਨੇ ਅਨਾਜ਼ ਮੰਡੀ ਸੰਘੋਲ,ਰਾਏਪੁਰ ਮਾਜਰੀ, ਨਾਨੋਵਾਲ,ਬਰਵਾਲੀ ਅਤੇ ਖਮਾਣੋਂ ਦੀ ਅਨਾਜ਼ ਮੰਡੀ ‘ਚ ਗੁਰੂ ਨਾਨਕ ਟਰੇਡਰਜ਼ ਤੇ ਕਿਸਾਨ ਮਨਪ੍ਰੀਤ ਸਿੰਘ ਅਮਰਗੜ ਦੀ ਕਣਕ ਢੇਰੀ ਦੀ ਬੋਲੀ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪਿਛਲੇ ਸੀਜ਼ਨ ਵਾਂਗ ਇਸ ਵਾਰ ਵੀ ਕਿਸੇ ਕਿਸਾਨ ਜਾਂ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਦਾਣਾ ਮੰਡੀ ਖਮਾਣੋਂ ਵਿਖੇ ਖ਼ਰੀਦ ਕਰਵਾਉਣ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਆੜ੍ਹਤੀ ਜਸਵਿੰਦਰ ਸਿੰਘ ਭਾਮੀਆਂ, ਰਾਜਵਿੰਦਰ ਸਿੰਘ ਰਾਜੂ ,ਪਰਮਵੀਰ ਸਿੰਘ ਮੱਲਮਜਰਾ, ਕੁਲਵੰਤ ਸਿੰਘ ਢਿੱਲੋਂ, ਸੈਂਟੀ ਭਾਰਦਵਾਜ, ਰਾਜੀਵ ਅਹੂਜਾ, ਕਿਸਾਨ ਆਗੂ ਕਸ਼ਮੀਰਾ ਸਿੰਘ ਜਟਾਣਾ ਉਚਾ, ਤਰਲੋਚਨ ਸਿੰਘ ਰਾਣਵਾਂ, ਸਵਪਨ ਦੀਪ ਪੱਡਾ, ਸੁਦਾਗਰ ਸਿੰਘ ਭੰਗੂ ਕਿਸਾਨ, ਮਾਰਕੀਟ ਕਮੇਟੀ ਤੋਂ ਸਤਵੀਰ ਬੱਗਾ, ਇੰਸਪੈਕਟਰ ਗੁਰਮੀਤ ਸਿੰਘ ਤੇ ਸੰਦੀਪ ਕੌਰ ਵੀ ਹਾਜ਼ਰ ਸਨ।

ਮੋਰਿੰਡਾ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਬੇਮੌਸਮੀ ਬਾਰਸ਼ ਕਾਰਨ ਕਣਕ ਦਾ ਨੁਕਸਾਨ ਹੋਇਆ ਹੈ ਪਰੰਤੂ ਫ਼ੇਰ ਵੀ ਇਲਾਕੇ ਵਿੱਚ ਕਣਕ ਦਾ ਝਾੜ 20 ਕੁਇੰਟਲ ਪ੍ਰਤੀ ਏਕੜ ਤੋਂ ਵੀ ਵੱਧ ਹੈ । ਉਨ੍ਹਾਂ ਮੰਡੀ ਵਿਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਵਿੱਚ ਲੱਗੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਮੰਡੀ ਵਿਚ ਅੱਜ ਕਣਕ ਦੀ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਵੱਲੋਂ ਕੀਤੀ ਗਈ । ਇਸ ਮੌਕੇ ਐਸਡੀਐਮ ਦਿਪਾਂਕਰ ਗਰਗ, ਜ਼ਿਲਾ ਮੰਡੀ ਅਫਸਰ ਡਾ. ਨਵਰੀਤ ਕੌਰ, ਮਾਰਕੀਟ ਕਮੇਟੀ ਦੇ ਸਕੱਤਰ ਪਦੀਪ ਕੁਮਾਰ, ਮੰਡੀ ਅਫ਼ਸਰ ਜਸਵੰਤ ਸਿੰਘ, ਸ੍ਰੀਮਤੀ ਮੀਨਾ ਬੈਂਸ ਏਐਫਪੀਓ ਮੋਰਿੰਡਾ, ਸਰਬਜਿੰਦਰ ਸਿੰਘ ਮਾਨ, ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਢਿੱਲੋ, ਗੁਰਮੇਲ ਸਿੰਘ ਰੰਗੀ, ਹਰਜੀਤ ਸਿੰਘ ਢੋਲਣਮਾਜਰਾ ਆਦਿ ਹਾਜ਼ਰ ਸਨ।

ਮੰਡੀਆਂ ਵਿੱਚ ਪੁੱਜ ਰਹੀ ਕਣਕ ਦੇ ਦਾਣੇ ਵਿੱਚ ਕਿਸੇ ਕਿਸਮ ਦੀ ਕੋਈ ਖਰਾਬੀ ਨਹੀਂ: ਡੀਸੀ

ਰੂਪਨਗਰ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਹਾਲਤ ਅਤੇ ਫਸਲ ਦੀ ਵਿਕਰੀ ਸਬੰਧੀ ਗੱਲਬਾਤ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‌ਵਿੱਚ ਕਣਕ ਦੀ ਫਸਲ ਦੀ ਖਰੀਦ ਸਹੀ ਤਰੀਕੇ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਹਾਲ ਦੀ ਘੜੀ ਮੰਡੀਆਂ ਵਿੱਚ ਪੁੱਜ ਰਹੀ ਫਸਲ ਪੂਰੀ ਤਰ੍ਹਾਂ ਠੀਕ ਠਾਕ ਹੈ ਅਤੇ ਕਣਕ ਦੇ ਦਾਣਿਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਖਰਾਬੀ ਨਹੀਂ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ. ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਚਮਕੌਰ ਸਾਹਿਬ ਅਮਰੀਕ ਸਿੰਘ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਮੋਰਿੰਡਾ ਦਿਪਾਂਕਰ ਗਰਗ, ਤਹਿਸੀਲਦਾਰ ਚਮਕੌਰ ਸਾਹਿਬ ਚੇਤਨ ਬੰਗੜ, ਤਹਿਸੀਲਦਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ ਅੰਮ੍ਰਿਤਵੀਰ ਸਿੰਘ, ਨਾਇਬ ਤਹਿਸੀਲਦਾਰ ਰੂਪਨਗਰ ਰਵਿੰਦਰ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦਾ ਜਾਇਜ਼ਾ

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਚਮਕੌਰ ਸਾਹਿਬ ਇਲਾਕੇ ਵਿਚ ਪਿਛਲੇ ਦਿਨੀਂ ਬੇਮੌਸਮੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਵਿਸ਼ੇਸ਼ ਗਿਰਦਾਵਰੀ ਦਾ ਜਾਇਜ਼ਾ ਲੈਂਦਿਆ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਨੇ ਪਿੰਡਾਂ ਦਾ ਦੌਰਾ ਕਰਦਿਆਂ ਮਾਲ ਵਿਭਾਗ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਿਰਦਾਵਰੀ ਦੌਰਾਨ ਬਗੈਰ ਪੱਖਪਾਤ ਤੋਂ ਕੰਮ ਨੂੰ ਜਲਦੀ ਮੁਕੰਮਲ ਕਰਕੇ ਰਿਪੋਰਟ ਭੇਜਣ ਤਾਂ ਜੋ ਕਿ ਕਿਸਾਨਾਂ ਨੂੰ ਛੇਤੀ ਮੁਆਵਜ਼ਾ ਮਿਲ ਸਕੇ। ਐਸਡੀਐਮ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਸਬ ਡਵੀਜਨ ਦੇ ਪਿੰਡਾਂ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਚੇਤਨ ਬੰਗੜ , ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਮੁਹਾਲੀ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ, ਡੀਸੀ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

 ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖ਼ਰੀਦ ਸ਼ੁਰੂ ਹੋ ਗਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਸਮੂਹ ਅਨਾਜ ਮੰਡੀਆਂ ’ਚੋਂ ਕਣਕ ਦੀ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਜੈਨ ਨੇ ਆਉਂਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਫ਼ਟਿੰਗ ਦੇ ਕਾਰਜ ’ਤੇ ਰੋਜ਼ਮੱਰਾ ਦੇ ਆਧਾਰ ’ਤੇ ਨਿਗਰਾਨੀ ਰੱਖਣ ’ਤੇ ਜ਼ੋਰ ਦਿੱਤਾ।

ਇਸ ਮੌਕੇ ਅਧਿਕਾਰੀਆਂ ਨੇ ਡੀਸੀ ਨੂੰ ਦੱਸਿਆ ਕਿ ਅੱਜ ਸ਼ਾਮ ਤੱਕ 6385 ਮੀਟਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ। ਜਿਸ ’ਚੋਂ 4042 ਮੀਟਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਜਦੋਂਕਿ 470 ਮੀਟਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਪ੍ਰਾਈਵੇਟ ਏਜੰਸੀਆਂ ਵੱਲੋਂ ਖ਼ਰੀਦ ਵਿੱਚ ਦਿਖਾਈ ਜਾ ਰਹੀ ਰੁਚੀ ’ਤੇ ਖ਼ੁਸ਼ੀ ਜਾਹਰ ਕੀਤੀ। ਡੀਸੀ ਨੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਤੋਂ ਇਲਾਵਾ ਮੰਡੀਆਂ ਵਿੱਚ ਰੱਖ-ਰਖਾਓ, ਬਿਜਲੀ-ਪਾਣੀ ਅਤੇ ਸਫ਼ਾਈ ਪ੍ਰਬੰਧਾਂ, ਪਖਾਨਿਆਂ, ਖ਼ਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦਾ ਵੀ ਜਾਇਜ਼ਾ ਲਿਆ। ਸ੍ਰੀਮਤੀ ਜੈਨ ਨੇ ਖ਼ਰੀਦ ਪ੍ਰਬੰਧਾਂ ਬਾਰੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਨਿਰਧਾਰਿਤ ਸਮੇਂ ਵਿੱਚ ਫ਼ਸਲ ਦੀ ਅਦਾਇਗੀ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਡੀਸੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਖ਼ਰੀਦ ਸਮੇਂ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪ੍ਰਬੰਧਾਂ ਦੇ ਮਾਮਲੇ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ’ਚ ਕਣਕ ਬੀਜੀ ਗਈ ਹੈ ਅਤੇ 1.96 ਲੱਖ ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਮੰਡੀਆਂ ਵਿੱਚ ਖ਼ਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।





News Source link

- Advertisement -

More articles

- Advertisement -

Latest article