39 C
Patiāla
Saturday, April 27, 2024

ਮੁੱਖ ਮੰਤਰੀ ਵੱਲੋਂ 20 ਥਾਈਂ ਸਸਤਾ ਰੇਤਾ ਦੇਣ ਦੀ ਸ਼ੁਰੂਆਤ

Must read


ਮਹਿੰਦਰ ਸਿੰਘ ਰੱਤੀਆਂ/ਹਰਦੀਪ ਸਿੰਘ
ਮੋਗਾ/ਫ਼ਤਿਹਗੜ੍ਹ ਪੰਜਤੂਰ, 21 ਅਪਰੈਲ

ਮੁੱਖ ਅੰਸ਼

  • ਰੇਤ ਮਾਫੀਆ ਦੀ ਪੁਸ਼ਤਪਨਾਹੀ ਕਰਨ ਵਾਲਿਆਂ ’ਤੇ ਸ਼ਬਦੀ ਹਮਲੇ ਕੀਤੇ

ਮੁੱਖ ਮੰਤਰੀ ਭਗਵੰਤ ਮਾਨ ਨੇ ਤੀਜੇ ਪੜਾਅ ਦੌਰਾਨ ਅੱਜ ਪੰਜ ਜ਼ਿਲ੍ਹਿਆਂ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਵਿਚ 20 ਨਵੀਆਂ ਖੱਡਾਂ ਸਸਤੇ ਭਾਅ ਰੇਤ ਲਈ ਜਨਤਕ ਕੀਤੀਆਂ ਜਿਥੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਮਿਲੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ’ਚ ਪਹਿਲਾਂ ਰੇਤ ਮਹਿੰਗੇ ਭਾਅ ’ਤੇ ਮੁਸ਼ਕਲ ਨਾਲ ਅਤੇ ਨਸ਼ੇ ਬਾਜ਼ਾਰ ’ਚ ਆਸਾਨੀ ਨਾਲ ਮਿਲ ਜਾਂਦੇ ਸਨ।

ਇਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿਚੋਂ ਮਾਫ਼ੀਆ ਰਾਜ ਦਾ ਖ਼ਾਤਮਾ ਤੇ ਲੋਕਾਂ ਦਾ ਰਾਜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ ਵਧੇ-ਫੁਲੇ ਰੇਤ ਮਾਫ਼ੀਆ ਨੂੰ ਜੜ੍ਹੋਂ ਉਖਾੜ ਦਿੱਤਾ ਹੈ। ਹੁਣ ਸੂਬੇ ਭਰ ਵਿੱਚ ਚੱਲ ਰਹੀਆਂ ਜਨਤਕ ਖੱਡਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ ਅਤੇ ਜਲਦੀ 150 ਜਨਤਕ ਖੱਡਾਂ ਨੂੰ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਨ੍ਹਾਂ ਖੱਡਾਂ ਵਿੱਚ ਕੇਵਲ ਹੱਥਾਂ ਨਾਲ ਹੀ ਰੇਤੇ ਦੀ ਖੁਦਾਈ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ’ਤੇ ਰੇਤ ਦੀ ਨਿਕਾਸੀ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਮੋਬਾਈਲ ਐਪ ਰਾਹੀਂ ਸਭ ਤੋਂ ਨੇੜਲੀ ਖੱਡ ਬਾਰੇ ਜਾਣਕਾਰੀ ਮਿਲ ਜਾਵੇਗੀ। ਲੋਕਾਂ ਨੂੰ ਟਰੈਕਟਰ-ਟਰਾਲੀ ਨਾਲ ਲੇਬਰ ਲਿਜਾਣੀ ਹੋਵੇਗੀ ਅਤੇ ਲੇਬਰ ਨਾ ਹੋਣ ’ਤੇ ਖੱਡਾਂ ’ਤੇ ਵੀ ਲੇਬਰ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ’ਚ ਟਿੱਪਰਾਂ ਅਤੇ ਜੇਸੀਬੀ ਨੂੰ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਸਰਕਾਰ ਦਾ ਕੋਈ ਮੰਤਰੀ, ਵਿਧਾਇਕ, ਨੁਮਾਇੰਦਾ ਜਾਂ ਪਾਰਟੀ ਆਗੂ ਇਸ ਕੰਮ ’ਚ ਦਖ਼ਲ ਨਹੀਂ ਦੇਵੇਗਾ। ਉਨ੍ਹਾਂ ਪਿਛਲੀਆਂ ਸਰਕਾਰਾਂ ਉੱਤੇ ਰੇਤ ਮਾਫ਼ੀਆ ਦੀ ਪੁਸ਼ਤਪਨਾਹੀ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਵਿੱਤੀ ਹਾਲਤ ਮੁੜ ਲੀਹ ’ਤੇ ਲਿਆਂਦੀ ਜਾਵੇਗੀ। ਕਿਸੇ ਵੀ ਦਾਗੀ ਵਿਅਕਤੀ ਨੂੰ ਉਨ੍ਹਾਂ ਦੀ ਸਰਕਾਰ ਅਧੀਨ ਕਿਸੇ ਵੀ ਸਰੋਤ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਤਗ਼ਮਾ ਜੇਤੂ 147 ਖਿਡਾਰੀਆਂ ਦਾ ਸਨਮਾਨ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਤਹਿਤ ਖਿਡਾਰੀਆਂ ਨੂੰ 16 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਖੇਡਾਂ ਦੇ ਖੇਤਰ ਵਿੱਚ ਨਵਾਂ ਬਦਲਾਅ ਲਿਆਉਣ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿੱਚ ਤਗ਼ਮੇ ਜਿੱਤਣ ਵਾਲੇ 147 ਖਿਡਾਰੀਆਂ ਨੂੰ 5.43 ਕਰੋੜ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇੱਥੇ ਮਿਉਂਸਿਪਲ ਭਵਨ ਵਿੱਚ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਕੌਮੀ ਖੇਡਾਂ ਦੇ ਸੋਨ ਤਗ਼ਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗ਼ਮੇ ਜਿੱਤਣ ਵਾਲਿਆਂ ਨੂੰ 3-3 ਲੱਖ ਰੁਪਏ ਤੇ ਕਾਂਸੀ ਦੇ ਤਗ਼ਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article