20.6 C
Patiāla
Tuesday, April 30, 2024

ਚੱਕਰਵਾਤੀ ਤੂਫਾਨ: ਪ੍ਰਧਾਨ ਮੰਤਰੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Must read


ਨਵੀਂ ਦਿੱਲੀ, 12 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੱਕਰਵਾਤੀ ਤੂਫਾਨ ਬਿਪਰਜੁਆਏ ਕਾਰਨ ਬਣੇ ਹਾਲਾਤ ਨਾਲ ਨਜਿੱਠਣ ਲਈ ਕੇਂਦਰ ਦੇ ਗੁਜਰਾਤ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਚੱਕਰਵਾਤੀ ਤੂਫਾਨ ਦੇ ਰਾਹ ਵਿੱਚ ਪੈਣ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਚ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਯਕੀਨੀ ਬਣਾ ਰਹੀਆਂ ਹਨ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਸਾਡੀਆਂ ਟੀਮਾਂ ਸੰਵੇਦਨਸ਼ੀਲ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਤੇ ਜ਼ਰੂਰੀ ਸੇਵਾਵਾਂ ਦੀ ਸੰਭਾਲ ਯਕੀਨੀ ਬਣਾ ਰਹੀਆਂ ਹਨ। ਸਾਰਿਆਂ ਦੀ ਸੁਰੱਖਿਆ ਤੇ ਭਲਾਈ ਲਈ ਪ੍ਰਾਰਥਨਾ ਕਰਦਾ ਹਾਂ।’ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਤੋਂ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਹੈ ਕਿ ਮੋਦੀ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੰਵੇਦਨਸ਼ੀਲ ਥਾਵਾਂ ਤੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਮੋਦੀ ਨੇ ਬਿਜਲੀ, ਦੂਰਸੰਚਾਰ, ਸਿਹਤ ਤੇ ਪੀਣ ਵਾਲੇ ਪਾਣੀ ਜਿਹੀਆਂ ਸਾਰੀਆਂ ਜ਼ਰੂਰੀ ਸੇਵਾਵਾਂ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਸਥਿਤੀ ’ਚ ਉਨ੍ਹਾਂ ਨੂੰ ਤੁਰੰਤ ਬਹਾਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਪਸ਼ੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਹਫ਼ਤੇ ’ਚ ਸੱਤੇ ਦਿਨ ਤੇ 24 ਘੰਟੇ ਚੱਲਣ ਵਾਲੇ ਕੰਟਰੋਲ ਰੂਪ ਸਥਾਪਤ ਕਰਨ ਦਾ ਹੁਕਮ ਦਿੱਤਾ।

ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਦੇ ਸਕੱਤਰ ਪੀਕੇ ਮਿਸ਼ਰਾ, ਕੈਬਨਿਟ ਸਕੱਤਰ ਰਾਜੀਵ ਗੌਬਾ, ਧਰਤ ਵਿਗਿਆਨ ਸਕੱਤਰ ਐੱਮ ਰਵੀਚੰਦਰਨ, ਕੌਮੀ ਆਫਤ ਪ੍ਰਬੰਧਨ ਅਥਾਰਿਟੀ ਦੇ ਮੈਂਬਰ ਕਮਲ ਕਿਸ਼ੋਰ ਤੇ ਆਈਐੱਮਡੀ ਦੇ ਅਧਿਕਾਰੀ ਵੀ ਹਾਜ਼ਰ ਸਨ। -ਪੀਟੀਆਈ

ਚੱਕਰਵਾਤੀ ਤੂਫ਼ਾਨ ਦੇ 15 ਨੂੰ ਗੁਜਰਾਤ ਪੁੱਜਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਦੱਸਿਆ ਕਿ ਚੱਕਰਵਾਤੀ ਤੂਫ਼ਾਨ ਦੇ 15 ਜੂਨ ਨੂੰ ਦੁਪਹਿਰ ਤੱਕ ਗੁਜਰਾਤ ਦੇ ਸੌਰਾਸ਼ਟਰ ਤੇ ਕੱਛ ਤੋਂ ਲੰਘਣ ਦੀ ਸੰਭਾਵਨਾ ਹੈ। ਇਸ ਦੌਰਾਨ 122 ਤੋਂ 135 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫਾਨ ਆ ਸਕਦਾ ਹੈ ਤੇ ਹਵਾ ਦੀ ਰਫ਼ਤਾਰ 145 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਗੁਜਰਾਤ ਦੇ ਸਾਹਿਲੀ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪਾਕਿਸਤਾਨੀ ਅਥਾਰਿਟੀ ਲੋਕਾਂ ਨੂੰ ਸੁਰੱਖਿਅਤ ਕੱਢਣ ਲੱਗੀ

ਕਰਾਚੀ: ਚੱਕਰਵਾਤੀ ਤੂਫ਼ਾਨ ਦੇ ਮੱਦੇਨਜ਼ਰ ਪਾਕਿਸਤਾਨੀ ਅਥਾਰਿਟੀਆਂ ਨੇ ਦੱਖਣੀ ਸਿੰਧ ਸੂਬੇ ’ਚ ਹੇਠਲੇ ਸਾਹਿਲੀ ਇਲਾਕਿਆਂ ’ਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਭਾਰੀ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਆਫ਼ਤ ਪ੍ਰਬੰਧਨ ਅਥਾਰਿਟੀ ਦੇ ਅਧਿਕਾਰੀ ਨੇ ਦੱਸਿਆ ਕਿ ਸਿੰਧ ਦੇ ਹੇਠਲੇ ਸਾਹਿਲੀ ਇਲਾਕਿਆਂ ’ਚੋਂ ਲੋਕਾਂ ਨੂੰ ਕੱਢ ਕੇ ਸਰਕਾਰੀ ਸਕੂਲਾਂ ਤੇ ਦਫ਼ਤਰਾਂ ’ਚ ਪਹੁੰਚਾਇਆ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article