29.6 C
Patiāla
Monday, April 29, 2024

ਅਮਰੂਦ ਬਾਗ਼ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ

Must read


ਚੰਡੀਗੜ੍ਹ, 21 ਜੂਨ

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਕਥਿਤ ਘਪਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐੱਚਡੀਓ) ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਏਅਰਪੋਰਟ ਰੋਡ ਮੁਹਾਲੀ ਨੇੜੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਪ੍ਰਾਜੈਕਟ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਜਾਣਾ ਸੀ। ਜ਼ਮੀਨ ਵਿੱਚ ਲੱਗੇ ਫਲਾਂ/ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਦੀ ਕੀਮਤ ਤੋਂ ਵੱਖਰੇ ਤੌਰ ਉਤੇ ਅਦਾ ਕੀਤੀ ਜਾਣੀ ਸੀ ਅਤੇ ਫ਼ਲਦਾਰ ਰੁੱਖਾਂ ਦੀ ਕੀਮਤ ਬਾਗ਼ਬਾਨੀ ਵਿਭਾਗ ਵੱਲੋਂ ਨਿਰਧਾਰਤ ਕੀਤੀ ਜਾਣੀ ਸੀ। ਇਸ ਤੋਂ ਬਾਅਦ ਜ਼ਮੀਨ ਗ੍ਰਹਿਣ ਕੁਲੈਕਟਰ (ਐੱਲਏਸੀ), ਗਮਾਡਾ ਨੇ ਫ਼ਲਦਾਰ ਰੁੱਖਾਂ ਵਾਲੀ ਜ਼ਮੀਨ ਦੀ ਸਰਵੇਖਣ ਸੂਚੀ ਡਾਇਰੈਕਟਰ ਬਾਗ਼ਬਾਨੀ ਨੂੰ ਭੇਜ ਕੇ ਦਰੱਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕਰਨ ਦੀ ਬੇਨਤੀ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸਭ ਤੋਂ ਪਹਿਲਾਂ ‘ਪਾਕੇਟ ਏ’ (ਪਿੰਡ ਬਾਕਰਪੁਰ) ਦੇ ਮੁਲਾਂਕਣ ਦਾ ਕੰਮ ਡਿਪਟੀ ਡਾਇਰੈਕਟਰ, ਮੁਹਾਲੀ ਵੱਲੋਂ ਜਸਪ੍ਰੀਤ ਸਿੰਘ ਸਿੱਧੂ, ਐੱਚਡੀਓ ਡੇਰਾਬੱਸੀ ਨੂੰ ਸੌਂਪਿਆ ਗਿਆ, ਜਦੋਂਕਿ ਇਹ ਖੇਤਰ ਐੱਚਡੀਓ ਖਰੜ ਵੈਸ਼ਾਲੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਸੀ। ਜਸਪ੍ਰੀਤ ਸਿੱਧੂ ਨੇ ਆਪਣੀ ਰਿਪੋਰਟ ਵਿੱਚ ਸ਼੍ਰੇਣੀ 1 ਅਤੇ 2 ਦੇ 2500 ਪੌਦੇ ਪ੍ਰਤੀ ਏਕੜ ਦੇ ਹਿਸਾਬ ਨਾਲ ਦਿਖਾਏ। ਇਸ ਅਨੁਸਾਰ ਅਦਾਇਗੀਆਂ ਜਾਰੀ ਕਰਨ ਲਈ ਇਹ ਰਿਪੋਰਟ ਅੱਗੇ ਐੱਲਏਸੀ, ਗਮਾਡਾ ਨੂੰ ਭੇਜੀ ਗਈ। ਇਸ ਬਾਅਦ ਜ਼ਮੀਨ ਦੇ ਕੁਝ ਮਾਲਕਾਂ ਨੇ ਅਰਜ਼ੀਆਂ ਦਾਇਰ ਕੀਤੀਆਂ ਕਿ ਉਨ੍ਹਾਂ ਦੇ ਪੌਦਿਆਂ ਦਾ ਸਹੀ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੇ ਵੱਧ ਮੁਆਵਜ਼ੇ ਦਾ ਦਾਅਵਾ ਕੀਤਾ। ਇਨ੍ਹਾਂ ਅਰਜ਼ੀਆਂ ਦੇ ਆਧਾਰ ‘ਤੇ ਡਾਇਰੈਕਟਰ ਬਾਗ਼ਬਾਨੀ ਨੇ ਇਸ ਰਿਪੋਰਟ ਦੀ ਤਸਦੀਕ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ, ਜਿਸ ਵਿੱਚ ਦੋ ਸਹਾਇਕ ਡਾਇਰੈਕਟਰ ਅਤੇ ਦੋ ਐੱਚਡੀਓ ਨੂੰ ਸ਼ਾਮਲ ਕੀਤਾ ਗਿਆ। ਇਸ ਕਮੇਟੀ ਨੇ ਪੌਦਿਆਂ ਦੀ ਸਥਿਤੀ ਅਤੇ ਝਾੜ ਦੇ ਹਿਸਾਬ ਨਾਲ ਮੁੜ ਮੁਲਾਂਕਣ ਕਰਨ ਦਾ ਸੁਝਾਅ ਦਿੱਤਾ। ਇਸ ਤੋਂ ਬਾਅਦ ‘ਪਾਕੇਟ ਏ’ ਦੇ ਮੁਲਾਂਕਣ ਦਾ ਕੰਮ ਐੱਚਡੀਓ ਖਰੜ ਵੈਸ਼ਾਲੀ ਨੂੰ ਦਿੱਤਾ ਗਿਆ, ਜਿਨ੍ਹਾਂ ਨੇ ਆਪਣੀ ਰਿਪੋਰਟ ਪੇਸ਼ ਕੀਤੀ, ਜੋ ਲਗਪਗ ਪਹਿਲੀ ਰਿਪੋਰਟ ਨਾਲ ਹੀ ਮਿਲਦੀ ਜੁਲਦੀ ਸੀ, ਜਿਸ ਵਿੱਚ ਜ਼ਿਆਦਾਤਰ ਪੌਦਿਆਂ ਨੂੰ ਫਲ ਦੇਣ ਲਈ ਤਿਆਰ (4-5 ਸਾਲ ਦੀ ਉਮਰ) ਹੋਣ ਦੇ ਰੂਪ ਵਿੱਚ ਦਿਖਾਇਆ ਗਿਆ ਤਾਂ ਜੋ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਸਕੇ। ਵੈਸ਼ਾਲੀ ਦੀ ਰਿਪੋਰਟ ਦੇ ਆਧਾਰ ‘ਤੇ ਤਕਰੀਬਨ 145 ਕਰੋੜ ਰੁਪਏ ਮੁਆਵਜ਼ਾ ਜਾਰੀ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ਬਾਅਦ ਵੈਸ਼ਾਲੀ ਫ਼ਰਾਰ ਹੋ ਗਈ ਅਤੇ ਸੈਸ਼ਨ ਕੋਰਟ ਮੁਹਾਲੀ ਦੁਆਰਾ ਉਸ ਦੀ ਅਗਾਊਂ ਜ਼ਮਾਨਤ ਖ਼ਾਰਜ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਸ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਸੀ ਅਤੇ ਉਸ ਵਿੱਚ ਵੀ ਉਸ ਨੂੰ ਕੋਈ ਅੰਤਰਿਮ ਰਾਹਤ ਨਹੀਂ ਮਿਲੀ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਾਗ਼ਬਾਨੀ ਵਿਭਾਗ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।





News Source link

- Advertisement -

More articles

- Advertisement -

Latest article