33.1 C
Patiāla
Sunday, April 28, 2024

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

Must read


ਬੀ.ਐੱਸ. ਚਾਨਾ

ਸ੍ਰੀ ਆਨੰਦਪੁਰ ਸਾਹਿਬ, 25 ਜੂਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ। ਇਸ ਉਪਰੰਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬਾਬਾ ਮਲੂਕ ਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਮੇਤ ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਘੁਸਪੈਠ ਕਰਨ ਦੇ ਰਾਹ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਉਹ ਜੀ ਤੋੜ ਮਿਹਨਤ ਕਰਨਗੇ।





News Source link

- Advertisement -

More articles

- Advertisement -

Latest article