30 C
Patiāla
Tuesday, May 7, 2024

ਪੁਲੀਸ ਨੇ ਵੱਡੀ ਗਿਣਤੀ ਕਿਸਾਨ ਆਗੂ ਹਿਰਾਸਤ ’ਚ ਲਏ

Must read


ਦਵਿੰਦਰ ਪਾਲ

ਚੰਡੀਗੜ੍ਹ, 21 ਅਗਸਤ

ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 16 ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਟਰੈਕਟਰ ਮਾਰਚ ਦੇ ਮੱਦੇਨਜ਼ਰ ਅੱਜ ਪੰਜਾਬ ਭਰ ’ਚ ਪੁਲੀਸ ਨੇ ਕਿਸਾਨ ਜਥੇਬੰਦੀਆਂ ਦੇ ਆਗੂ ਹਿਰਾਸਤ ਵਿੱਚ ਲਏ ਅਤੇ ਕਈ ਆਗੂਆਂ ਨੂੰ ਪੁਲੀਸ ਨੇ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕੀਤਾ। ਪੁਲੀਸ ਦੀ ਇਸ ਕਾਰਵਾਈ ਵਿਰੁਧ ਕਿਸਾਨ ਜਥੇਬੰਦੀਆਂ ਨੇ ਕੌਮੀ ਅਤੇ ਰਾਜ ਮਾਰਗਾਂ ’ਤੇ ਲਗਪਗ ਇੱਕ ਦਰਜਨ ਟੌਲ ਪਲਾਜ਼ਿਆਂ ਦਾ ਘਿਰਾਓ ਕਰ ਕੇ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪੰਜਾਬ ਨਾਲ ਸਬੰਧਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਫੂਲ ਗਰੁੱਪ), ਆਜ਼ਾਦ ਕਿਸਾਨ ਕਮੇਟੀ ਦੁਆਬਾ (ਸੰਘਾ ਗਰੁੱਪ) ਤੇ ਭਾਰਤੀ ਕਿਸਾਨ ਯੂਨੀਅਨ (ਬਹਿਰਾਕਮੇ) ਸ਼ਾਮਲ ਸਨ। ਇਸ ਤੋਂ ਬਿਨਾਂ ਹਰਿਆਣਾ ਨਾਲ ਸਬੰਧਤ ਛੇ, ਉੱਤਰ ਪ੍ਰਦੇਸ਼ ਨਾਲ ਸਬੰਧਤ ਤਿੰਨ ਤੇ ਉਤਰਾਖੰਡ ਤੇ ਰਾਜਸਥਾਨ ਨਾਲ ਸਬੰਧਤ ਇੱਕ-ਇੱਕ ਜਥੇਬੰਦੀ ਸ਼ਾਮਲ ਹਨ। ਉਕਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਤਵਾਰ ਸ਼ਾਮ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮੀਟਿੰਗ ਦੇ ਬੇਸਿੱਟਾ ਰਹਿਣ ਮਗਰੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਨਾ ਮੰਨਣ ਅਤੇ ਵਾਅਦਾ ਖਿਲਾਫ਼ੀ ਕਰਨ ਦੇ ਦੋਸ਼ ਲਾਉਂਦਿਆਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਪੁਲੀਸ ਵੱਲੋਂ ਰੋਕੇ ਜਾਣ ’ਤੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਗਈ ਸੀ। ਪੰਜਾਬ ਦੇ ਜਲੰਧਰ, ਤਰਨ ਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਅੱਜ ਉਨ੍ਹਾਂ ਦੇ ਘਰ ਪਿੰਡ ਸਭਰਾ ਵਿੱਚ ਨਜ਼ਰਬੰਦ ਕੀਤਾ ਗਿਆ।

ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁਨਾਂ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਰੋਸ ਵਿੱਚ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਸਵੇਰ ਤੋਂ ਨਿੱਜਰਪੁਰਾ ਟੌਲ ਪਲਾਜ਼ਾ ਬੰਦ ਕਰਕੇ ਪਰਚੀ ਮੁਕਤ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਅੱਜ 21 ਅਗਸਤ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ 6 ਸੂਬਿਆਂ ਦੀਆਂ, 16 ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾਣਾ ਸੀ, ਜਿਸ ਤੋਂ ਘਬਰਾ ਕੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਕਿਸਾਨ ਜਥੇਬੰਦੀਆਂ ਵੱਲੋਂ ਪੁਲੀਸ ਕਾਰਵਾਈ ਦੀ ਨਿਖੇਧੀ

ਚੰਡੀਗੜ੍ਹ (ਟਨਸ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ), ਪੰਜਾਬ ਕਿਸਾਨ ਯੂਨੀਅਨ ਤੇ ਆਜ਼ਾਦ ਕਿਸਾਨ ਸੰਘਰਸ਼ ਨੇ ਅੱਜ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਪ੍ਰੇਮ ਸਿੰਘ ਭੰਗੂ ਤੇ ਰੁਲਦੂ ਸਿੰਘ ਮਾਨਸਾ ਨੇ ਵੱਖੋ ਵੱਖਰੇ ਬਿਆਨਾਂ ਰਾਹੀਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਜਮਹੂਰੀ ਤੇ ਸੰਵਿਧਾਨਕ ਹੱਕ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਦੀ ਨਿਖੇਧੀ ਹੈ।

ਕਿਸਾਨ ਦੀ ਮੌਤ ’ਤੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਣ ਚੰਡੀਗੜ੍ਹ ਜਾ ਰਹੇ ਕਿਸਾਨਾਂ ’ਤੇ ਲਾਠੀਚਾਰਜ ਤੇ ਪੁਲੀਸ ਤਸ਼ੱਦਦ ਕੀਤਾ ਗਿਆ ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ।

ਲਾਠੀਚਾਰਜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਹੋਵੇ: ਪਰਮਿੰਦਰ ਢੀਂਡਸਾ

ਸੰਗਰੂਰ: ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ’ਤੇ ਅੰਨ੍ਹੇਵਾਹ ਲਾਠੀਚਾਰਜ ਨੇ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਜਮਹੂਰੀਅਤ ਵਿਰੋਧੀ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਉਪਰ ਤਸ਼ੱਦਦ ਢਾਹੁਣ ਵਾਲੇ ਅਫ਼ਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਸਰਕਾਰ ਦੀ ਕਾਰਵਾਈ ਨਿੰਦਣਯੋਗ: ਬਾਜਵਾ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ’ਤੇ ‘ਆਪ’ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਸਰਕਾਰ ਨੇ ਜੋ ਰੁਖ਼ ਅਪਣਾਇਆ ਹੈ, ਉਹ ਨਿੰਦਣਯੋਗ ਹੈ। ਇਸ ਨਾਲ ਸਰਕਾਰ ਦਾ ਕਿਸਾਨਾਂ ਨੂੰ ਰਾਹਤ ਦੇਣ ਦਾ ਝੂਠ ਸਾਹਮਣੇ ਆ ਗਿਆ ਹੈ।



News Source link

- Advertisement -

More articles

- Advertisement -

Latest article