40.4 C
Patiāla
Thursday, May 9, 2024

ਕਿਸਾਨ ਪ੍ਰਦਰਸ਼ਨ: ਚੰਡੀਗੜ੍ਹ ਦੀਆਂ ਹੱਦਾਂ ’ਤੇ ਭਾਰੀ ਪੁਲੀਸ ਫੋਰਸ ਤਾਇਨਾਤ

Must read


ਆਤਿਸ਼ ਗੁਪਤਾ

ਚੰਡੀਗੜ੍ਹ, 22 ਅਗਸਤ

ਉੱਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹਾਂ ਕਰ ਕੇ ਹੋਏ ਨੁਕਸਾਨ ਸਬੰਧੀ ਮੁਆਵਜ਼ਾ ਜਾਰੀ ਕਰਨ ਸਣੇ ਹੋਰ ਕਿਸਾਨੀ ਮੰਗਾਂ ਲਈ ਚੰਡੀਗੜ੍ਹ ਵਿੱਚ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਇਸ ਐਲਾਨ ਕਰ ਕੇ ਰਾਜਧਾਨੀ ਚੰਡੀਗੜ੍ਹ ਦੀਆਂ ਹੱਦਾਂ ’ਤੇ ਦਿਨ ਭਰ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ। ਪੁਲੀਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ। ਮੁਹਾਲੀ ਤੇ ਪੰਚਕੂਲਾ ਪੁਲੀਸ ਦੇ ਵੱਡੀ ਗਿਣਤੀ ਮੁਲਾਜ਼ਮ ਦਿਨ ਭਰ ਟ੍ਰਾਈਸਿਟੀ ਦੀਆਂ ਹੱਦਾਂ ’ਤੇ ਚੌਕਸ ਰਹੇ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵੱਲੋਂ ਕੋਈ ਵੀ ਕਿਸਾਨ ਆਗੂ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋ ਸਕਿਆ।

ਚੰਡੀਗੜ੍ਹ ਵਿੱਚ ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਦੇ ਚਾਰ ਹਜ਼ਾਰ ਪੁਲੀਸ ਮੁਲਾਜ਼ਮਾਂ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀਆਂ ਦੋ ਦਰਜਨ ਤੋਂ ਵੱਧ ਸੜਕਾਂ ’ਤੇ ਬੈਰੀਕੇਡਿੰਗ ਕੀਤੀ। ਪੁਲੀਸ ਨੇ ਬੈਰੀਕੇਡਿੰਗ ਦੇ ਨਾਲ-ਨਾਲ ਜਲ ਤੋਪਾਂ ਅਤੇ ਕੈਪਿਡ ਐਕਸ਼ਨ ਫੋਰਸ ਨੂੰ ਵੀ ਚੌਕਸ ਰੱਖਿਆ। ਇਸੇ ਦੌਰਾਨ ਪੁਲੀਸ ਨੇ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਸ਼ੱਕੀ ਵਾਹਨਾਂ ਤੇ ਬੱਸਾਂ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਕੰਵਰਦੀਪ ਕੌਰ, ਐੱਸਪੀ ਤੇ ਡੀਐੱਸਪੀ ਸਣੇ ਸਾਰੇ ਐੱਚਐੱਚਓ ਵੀ ਵੱਖ-ਵੱਖ ਥਾਵਾਂ ’ਤੇ ਗਸ਼ਤ ਕਰਦੇ ਦਿਖਾਈ ਦਿੱਤੇ।

ਜ਼ਿਕਰਯੋਗ ਹੈ ਕਿ ਉੱਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਰ ਕੇ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ ਸੀ। ਕਿਸਾਨਾਂ ਨੇ ਫ਼ਸਲਾਂ ਦੇ ਨੁਕਸਾਨ ਬਦਲੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੇ ਐੱਮਐੱਸਪੀ ’ਤੇ ਕਾਨੂੰਨ ਗਾਰੰਟੀ ਦੇਣ ਦੀ ਮੰਗ ਕੀਤੀ ਸੀ। ਕਿਸਾਨ ਜਥੇਬੰਦੀਆਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਤੇ ਰਾਜਪਾਲ ਵਿਚਕਾਰ ਮੀਟਿੰਗ ਬੇਸਿੱਟਾ ਰਹੀ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਨਾ ਮੰਨਣ ਅਤੇ ਵਾਅਦਾਖਿਲਾਫ਼ੀ ਕਰਨ ਦੇ ਦੋਸ਼ ਲਾਉਂਦਿਆਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲੀਸ ਵੱਲੋਂ ਰੋਕੇ ਜਾਣ ’ਤੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਗਈ ਸੀ।

 

ਬਨੂੜ ਤੋਂ ਚੰਡੀਗੜ੍ਹ ਜਾਣ ਵਾਲੀਆਂ ਸੜਕਾਂ ਉੱਤੇ ਚੱਪੇ-ਚੱਪੇ ’ਤੇ ਪੁਲੀਸ ਦਾ ਪਹਿਰਾ

ਬਨੂੜ ਨੇੜਲੇ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ’ਤੇ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਰਵੀ ਕੁਮਾਰ

ਬਨੂੜ (ਕਰਮਜੀਤ ਸਿੰਘ ਚਿੱਲਾ): ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਬਨੂੜ ਤੋਂ ਚੰਡੀਗੜ੍ਹ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਉੱਤੇ ਚੱਪੇ-ਚੱਪੇ ’ਤੇ ਪੁਲੀਸ ਤਾਇਨਾਤ ਹੈ। ਇੱਥੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ਉੱਤੇ ਤਿੰਨ ਸੌ ਵੱਧ ਪੁਲੀਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਰਹੇ। ਪੁਲੀਸ ਵੱਲੋਂ ਇੱਥੇ ਕੀਤੀ ਗਈ ਜ਼ਬਰਦਸਤ ਨਾਕਾਬੰਦੀ ’ਤੇ ਵਾਹਨ ਚਾਲਕਾਂ ਦੀ ਤਲਾਸ਼ੀ ਲਈ ਗਈ, ਜਿਸ ਕਾਰਨ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਇਸ ਨਾਕੇ ਉੱਤੇ ਸੀਸੀਟੀਵੀ ਕੈਮਰਿਆਂ ਨਾਲ ਲੈਸ ਗੱਡੀਆਂ, ਅੱਧਾ ਦਰਜਨ ਦੇ ਕਰੀਬ ਟਿੱਪਰ ਤੇ ਵੱਡੀ ਗਿਣਤੀ ਬੈਰੀਕੇਡ ਲਗਾਏ ਗਏ ਹਨ। ਇੱਥੇ ਮੌਜੂਦ ਡੀਐਸਪੀ ਰਾਜਪੁਰਾ ਸੁਰਿੰਦਰ ਮੋਹਨ ਸਿੰਘ ਤੇ ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਕਿਸਾਨ ਆਗੂਆਂ ਜਗਜੀਤ ਸਿੰਘ ਜੱਗੀ, ਸਤਨਾਮ ਸਿੰਘ ਸੱਤਾ ਖਲੌਰ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਗੁਰਦਰਸ਼ਨ ਸਿੰਘ ਖਾਸਪੁਰ, ਮੋਹਨ ਸਿੰਘ ਸੋਢੀ, ਜਾਗੀਰ ਸਿੰਘ ਹੰਸਾਲਾ, ਗੁਰਪ੍ਰੀਤ ਸਿੰਘ ਸੇਖਨਮਾਜਰਾ, ਹੈਪੀ ਗੁਰਨਾਖੇੜੀ, ਧਰਮਿੰਦਰ ਸਿੰਘ, ਅੰਗਰੇਜ਼ ਸਿੰਘ ਆਦਿ ਨੇ ਪੁਲੀਸ ਵੱਲੋਂ ਲੌਂਗੋਵਾਲ ਵਿੱਚ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪ੍ਰੀਤਮ ਸਿੰਘ ਦੀ ਮੌਤ ਲਈ ਪੁਲੀਸ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

ਮੀਂਹ ’ਚ ਚੌਕਸ ਰਹੇ ਪੁਲੀਸ ਮੁਲਾਜ਼ਮ

ਮੰਗਲਵਾਰ ਨੂੰ ਸਵੇਰ ਸਮੇਂ ਹੀ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੀਂਹ ਸ਼ੁਰੂ ਹੋ ਗਿਆ। ਮੀਂਹ ’ਚ ਵੀ ਪੁਲੀਸ ਮੁਲਾਜ਼ਮ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਤਾਇਨਾਤ ਰਹੇ। ਇਸ ਦੌਰਾਨ ਪੁਲੀਸ ਮੁਲਾਜ਼ਮ ਮੀਂਹ ਵਿੱਚ ਗਿੱਲੇ ਹੋਣ ਦੇ ਬਾਵਜੂਦ ਵਾਹਨਾਂ ਦੀ ਚੈਕਿੰਗ ਕਰਦੇ ਦਿਖਾਈ ਦਿੱਤੇ।

ਪੰਚਕੂਲਾ ਪੁਲੀਸ ਨੇ ਸ਼ਹਿਰ ਦੀਆਂ ਹੱਦਾਂ ’ਤੇ ਨੌਂ ਨਾਕੇ ਲਾਏ

ਪੰਚਕੂਲਾ (ਪੀਪੀ ਵਰਮਾ): ਚੰਡੀਗੜ੍ਹ ਵਿੱਚ ਅੱਜ ਕਿਸਾਨ ਅੰਦੋਲਨ ਨੂੰ ਮੁੱਖ ਰੱਖਦੇ ਹੋਏ ਪੰਚਕੂਲਾ ਵਿੱਚ ਸਖ਼ਤੀ ਰੱਖੀ ਗਈ। ਪੰਚਕੂਲਾ ਦੇ ਪੰਜਾਬ ਨਾਲ ਲਗਦੇ ਬੈਰੀਅਰਾਂ ’ਤੇ ਆਉਣ ਜਾਣ ਵਾਲਿਆਂ ਦੀ ਪੁਲੀਸ ਨੇ ਤਲਾਸ਼ੀ ਲਈ। ਪੁਲੀਸ ਨੇ ਸ਼ਹਿਰ ਦੀਆਂ ਹੱਦਾਂ ’ਤੇ ਨੌਂ ਨਾਕੇ ਲਗਾਏ। ਪੰਚਕੂਲਾ ਦੇ ਕਿਸਾਨ ਆਗੂਆਂ ਦੀ ਫੜੋ-ਫੜੀ ਜਾਰੀ ਰਹੀ। ਡਿਪਟੀ ਕਮਿਸ਼ਨਰ ਪੁਲੀਸ ਸੁਮੇਰ ਪ੍ਰਤਾਪ ਸਿੰਘ ਨੇ ਨਾਕਿਆਂ ਦੀ ਚੈਕਿੰਗ ਕੀਤੀ। ਕਿਸਾਨ ਨੇਤਾ ਕਰਮ ਸਿੰਘ ਨੇ ਫੋਨ ’ਤੇ ਦੱਸਿਆ ਕਿ ਪੁਲੀਸ ਨੇ ਉਸ ਨੂੰ ਅੱਜ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਪੁਲੀਸ ਨਾਕਿਆਂ ਕਾਰਨ ਪੰਚਕੂਲਾ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਪੁਲੀਸ ਦੀ ਬੈਰੀਕੇਡਿੰਗ ਕਰ ਕੇ ਲੋਕ ਖੁੱਜਲ ਹੋਏ

ਉੱਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਤੇ ਪੱਕਾ ਮੋਰਚਾ ਲਗਾਉਣ ਦੇ ਐਲਾਨ ਕਰ ਕੇ ਚੰਡੀਗੜ੍ਹ ਪੁਲੀਸ ਨੇ ਮੰਗਲਵਾਰ ਨੂੰ ਸਵੇਰ ਸਮੇਂ ਹੀ ਸ਼ਹਿਰ ਦੀਆਂ ਹੱਦਾਂ ’ਤੇ ਬੈਰੀਕੇਡਿੰਗ ਕਰ ਦਿੱਤੀ। ਇਸ ਦੌਰਾਨ ਇੱਕ ਲਾਈਨ ਦੇ ਵਿੱਚ ਹੀ ਵਾਹਨਾਂ ਨੂੰ ਚੈਕਿੰਗ ਕਰਨ ਉਪਰੰਤ ਲੰਘਣ ਦਿੱਤਾ ਗਿਆ। ਪੁਲੀਸ ਦੀ ਕਾਰਵਾਈ ਕਰ ਕੇ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀਆਂ ਮੁੱਖ ਸੜਕਾਂ ’ਤੇ ਜਾਮ ਵਰਗੇ ਹਾਲਾਤ ਬਣੇ ਰਹੇ। ਸੜਕਾਂ ’ਤੇ ਲੱਗਣ ਵਾਲੇ ਜਾਮ ਕਰ ਕੇ ਨੌਕਰੀ ’ਤੇ ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਹੋਈ।



News Source link

- Advertisement -

More articles

- Advertisement -

Latest article