39 C
Patiāla
Saturday, April 27, 2024

ਮੁਹਾਲੀ: ਬੰਬੀਹਾ ਗੈਂਗ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 4 ਅਕਤੂਬਰ

ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇਵਾਲਾ, ਫਰੀਦਕੋਟ ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਿਤ ਵਾਸੀ ਪਿੰਡ ਗਦਾਪੁਰ, ਪਟਿਆਲਾ ਵਜੋਂ ਹੋਈ ਹੈ।

ਪੁਲੀਸ ਵੱਲੋਂ ਮੁਲਾਜ਼ਮਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲਾਂ (ਤਿੰਨ .32 ਬੋਰ ਅਤੇ ਇੱਕ .30 ਬੋਰ) ਸਮੇਤ ਛੇ ਮੈਗਜ਼ੀਨਾਂ ਅਤੇ 16 ਕਾਰਤੂਸ ਬਰਾਮਦ ਕੀਤੇ ਗਏ ਹਨ। ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਢਕੋਲੀ (ਮੁਹਾਲੀ) ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐੱਫ ਦੀ ਟੀਮ, ਜਿਸ ਦੀ ਅਗਵਾਈ ਏਆਈਜੀ ਏਜੀਟੀਐਫ ਸੰਦੀਪ ਗੋਇਲ ਕਰ ਰਹੇ ਸਨ, ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਦੋਨਾਂ ਮੁਲਜ਼ਮਾਂ ਨੂੰ ਪੁਰਾਣੀ ਅੰਬਾਲਾ-ਕਾਲਕਾ ਰੋਡ, ਢਕੋਲੀ ਤੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਅਪਰੇਸ਼ਨ ਵਿੱਚ ਡੀਐੱਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਵਤਾਰ ਗੋਰਾ, ਗੈਂਗਸਟਰ ਗੁਰਬਖਸ਼ ਸੇਵੇਵਾਲਾ ਦਾ ਨਜ਼ਦੀਕੀ ਸਾਥੀ ਹੈ, 2014 ਵਿੱਚ ਦੋਹਰੇ ਕਤਲ ਕਾਂਡ ਸਮੇਤ ਦੋ ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਸੀ। ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬੰਬੀਹਾ ਗਰੁੱਪ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।



News Source link

- Advertisement -

More articles

- Advertisement -

Latest article