26.6 C
Patiāla
Sunday, April 28, 2024

ਸੰਗਰੂਰ: ਮਸਤੂਆਣਾ ਸਾਹਿਬ ’ਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 8 ਜਨਵਰੀ

ਮਾਲਵੇ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਮਾਮਲਾ ਹੱਲ ਹੋਣ ਦੀ ਉਮੀਦ ਬੱਝੀ ਹੈ। ਮੈਡੀਕਲ ਕਾਲਜ ਦੀ ਜ਼ਮੀਨ ਬਾਬਤ ਅਦਾਲਤ ਵਿਚ ਚੱਲ ਰਹੇ ਕੇਸ ਨੂੰ ਖਤਮ ਕਰਾਉਣ ਲਈ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸਮੇਤ ਸਾਰੀਆਂ ਧਿਰਾਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ ਹੈ, ਜਿਸ ਵਿਚ ਵਿਵਾਦ ਨੂੰ ਖਤਮ ਕਰਨ ਵਾਸਤੇ ਸਾਰੀਆਂ ਧਿਰਾਂ ’ਚ ਸਹਿਮਤੀ ਬਣੀ ਹੈ। ਅਗਲੇ ਦਿਨਾਂ ’ਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਦੇ ਆਸਾਰ ਹਨ ਤਾਂ ਜੋ ਸਾਰੇ ਅੜਿੱਕਿਆਂ ਨੂੰ ਦੂਰ ਕਰਕੇ ਮੈਡੀਕਲ ਕਾਲਜ ਦੀ ਉਸਾਰੀ ਦਾ ਰਾਹ ਪੱਧਰਾ ਹੋ ਸਕੇ। ਇਥੇ ਰੈਸਟ ਹਾਊਸ ਵਿਚ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਮੈਡੀਕਲ ਕਾਲਜ ਦੀ ਜ਼ਮੀਨ ਦੇ ਸਬੰਧ ਵਿਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਵਾਸਤੇ ਸਾਰੀਆਂ ਧਿਰਾਂ ਅਹਿਮ ਮੀਟਿੰਗ ਪਿਛਲੇ ਦਿਨੀਂ ਹੋਈ ਹੈ, ਜਿਸ ਵਿਚ ਪੰਜਾਬ ਸਰਕਾਰ ਦੀ ਤਰਫ਼ੋਂ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ, ਐੱਸਜੀਪੀਸੀ ਦੇ ਸੀਨੀਅਰ ਐਡਵੋਕੇਟ ਪੁਨੀਤ ਕੌਰ ਸੇਖੋਂ, ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ, ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ, ਅਕਾਲੀ ਦਲ ਦੀ ਤਰਫ਼ੋਂ ਖੁਦ ਵਿਨਰਜੀਤ ਸਿੰਘ ਗੋਲਡੀ ਅਤੇ ਐੱਸਜੀਪੀਸੀ ਤਰਫ਼ੋਂ ਗੁਰਜਿੰਦਰ ਸਿੰਘ ਸ਼ਾਮਲ ਹੋਏ। ਚੰਡੀਗੜ੍ਹ ਵਿਖੇ ਸੁਖਾਵੇਂ ਮਾਹੌਲ ’ਚ ਹੋਈ ਮੀਟਿੰਗ ਦੌਰਾਨ ਸਾਰੀਆਂ ਧਿਰਾਂ ਨੇ ਸਹਿਮਤੀ ਪ੍ਰਗਟ ਕੀਤੀ ਹੈ ਕਿ ਮੈਡੀਕਲ ਕਾਲਜ ਬਣਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਰੀਬ ਦੋ ਘੰਟੇ ਚੱਲੀ ਮੀਟਿੰਗ ’ਚ ਜ਼ਮੀਨ ਦੀ ਬਾਬਤ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੇ ਕੇਸ ਨੂੰ ਖਤਮ ਕਰਾਉਣ ਵਾਸਤੇ ਕਾਨੂੰਨੀ ਪੱਖ ਤੋਂ ਸਾਰੇ ਪਹਿਲੂਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਅਗਲੇ ਦਿਨਾਂ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨਗੇ ਅਤੇ ਮੁੱਖ ਮੰਤਰੀ ਵਲੋਂ ਹੀ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਬਾਬਤ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਪਹਿਲਾਂ ਹੀ ਲਿਖਤੀ ਰੂਪ ਵਿਚ ਆਪਣੀ ਸਹਿਮਤੀ ਦੇ ਦਿੱਤੀ ਹੈ। ਸ੍ਰੀ ਗੋਲਡੀ ਨੇ ਕਿਹਾ ਕਿ ਉਹ ਸਿਆਸਤ ਤੋਂ ਉਪਰ ਉਠ ਕੇ ਸੰਤ ਬਾਬਾ ਅਤਰ ਸਿੰਘ ਜੀ ਦਾ ਉਪਾਸਕ ਹੋਣ ਦੇ ਨਾਤੇ ਇਸ ਵਿਵਾਦ ਨੂੰ ਹੱਲ ਕਰਾਉਣ ਲਈ ਯਤਨਸ਼ੀਲ ਹਨ ਅਤੇ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਹੋਇਆ ਆਪਣਾ ਫਰਜ਼ ਸਮਝਦੇ ਹੋਏ ਇਸ ਮਸਲੇ ਦੇ ਹੱਲ ਲਈ ਵਕਾਲਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 5 ਅਗਸਤ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ ਪਰ ਮੈਡੀਕਲ ਕਾਲਜ ਲਈ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਵਲੋਂ ਸਰਕਾਰ ਨੂੰ ਦਿੱਤੀ 25 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਵਲੋਂ ਅਕਾਲੀ ਦਲ ਅਤੇ ਐੱਸਜੀਪੀਸੀ ਖ਼ਿਲਾਫ਼ ਮਸਤੂਆਣਾ ਸਾਹਿਬ ਵਿਖੇ ਪੱਕਾ ਮੋਰਚਾ ਵੀ ਜਾਰੀ ਹੈ ਜਿਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।



News Source link

- Advertisement -

More articles

- Advertisement -

Latest article