31.6 C
Patiāla
Wednesday, May 1, 2024

ਪੰਚਾਇਤੀ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਸੂਬਾਈ ਧਰਨਾ

Must read


ਕਰਮਜੀਤ ਸਿੰਘ ਚਿੱਲਾ

ਐਸ.ਏ.ਐਸ.ਨਗਰ (ਮੁਹਾਲੀ), 9 ਜਨਵਰੀ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ ਪੰਜਾਬ ਭਰ ਤੋਂ ਆਏ ਪੈਨਸ਼ਨਰਾਂ ਨੇ ਅੱਜ ਕੜਾਕੇ ਦੀ ਠੰਢ ਦੇ ਬਾਵਜੂਦ ਇਥੇ ਪੰਚਾਇਤੀ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅੱਗੇ ਧਰਨਾ ਦਿੱਤਾ। ਇਸ ਮੌਕੇ ਪੈਨਸ਼ਨਰਾਂ ਨੇ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਪੰਜਾਬ ਸਰਕਾਰ ਉੱਤੇ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਵੀ ਕੀਤੀ।

ਧਰਨੇ ਨੂੰ ਯੂਨੀਅਨ ਦੀ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਜਗੀਰ ਸਿੰਘ ਢਿੱਲੋਂ ਹੰਸਾਲਾ, ਨਰਿੰਦਰ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਰਾਜਿੰਦਰ ਸਿੰਘ, ਸਤਪਾਲ, ਦਰਸ਼ਨ ਕੌਰ, ਮਾਨ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ, ਦਿਆਲ ਸਿੰਘ, ਦਵਿੰਦਰ ਸਿੰਘ, ਜਸਬੀਰ ਸਿੰਘ ਅਤੇ ਰਾਜਪਾਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਬੁਢਾਪੇ ਅਤੇ ਠੰਢ ਦੇ ਬਾਵਜੂਦ ਧਰਨੇ ਦੇਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਮੁਲਾਜ਼ਮਾਂ ਲਈ ਜੁਲਾਈ 2021 ਵਿੱਚ ਲਾਗੂ ਕਰ ਦਿੱਤੀਆਂ ਸਨ ਪਰ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਹਾਲੇ ਤੱਕ ਛੇਵੇਂ ਵਿੱਤ ਕਮਿਸ਼ਨ ਦੇ ਲਾਭ ਨਹੀਂ ਦਿੱਤੇ ਗਏ। ਉਹ ਇਸ ਸਬੰਧੀ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪੰਚਾਇਤ ਮੰਤਰੀ ਅਤੇ ਵਿੱਤ ਮੰਤਰੀ ਨੂੰ ਵੀ ਮੰਗ ਪੱਤਰ ਦੇ ਚੁੱਕੇ ਹਨ ਪਰ ਉਨ੍ਹਾਂ ਨੂੰ ਭਰੋਸਿਆਂ ਤੋਂ ਇਲਾਵਾ ਕੁਝ ਨਹੀਂ ਮਿਲਿਆ। ਉਨ੍ਹਾਂ ਸਮੇਂ ਸਿਰ ਪੈਨਸ਼ਨ ਨਾ ਮਿਲਣ, ਪੂਰੀ ਸਰਵਿਸ ਦੀ ਪੈਨਸ਼ਨ ਨਾ ਦੇਣ, ਪੈਨਸ਼ਨ ਲਾਉਣ ਦੇ ਅਮਲ ਨੂੰ ਸਮਾਂਬੱਧ ਨਾ ਕਰਨ, ਬੁਢਾਪਾ ਭੱਤਾ ਸਿਰਫ 70 ਸਾਲ ਤੱਕ ਦੇਣ ਅਤੇ ਐੱਲਟੀਸੀ ਸਹੂਲਤ ਨਾ ਦੇਣ ਦੇ ਦੋਸ਼ ਵੀ ਲਾਏ। ਪੈਨਸ਼ਨਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਵਿਭਾਗ ਦੇ ਦਫ਼ਤਰ ਅੱਗੇ ਪੱਕਾ ਧਰਨਾ ਲਾਉਣਗੇ। ਉਨ੍ਹਾਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਪਣੀ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਹੁਕਮਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ।



News Source link

- Advertisement -

More articles

- Advertisement -

Latest article