29.2 C
Patiāla
Saturday, April 27, 2024

ਮੇਅਰ ਦੀ ਚੋਣ ਖ਼ਿਲਾਫ਼ ‘ਆਪ’ ਅਤੇ ਕਾਂਗਰਸ ਵੱਲੋਂ ਮੁਜ਼ਾਹਰਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 31 ਜਨਵਰੀ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਪਾਰਟੀ ਨੇ ਸੈਕਟਰ-17 ਵਿੱਚ ਪੁਲੀਸ ਥਾਣੇ ਦੇ ਬਾਹਰ ਮੁਜ਼ਾਹਰਾ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਤੇ ਆਗੂਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਮੇਅਰ ਦੀ ਚੋਣ ਵਿੱਚ ਧਾਂਦਲੀ ਕਰਨ ਦੇ ਲਾਏ ਦੋਸ਼ ਲਾਏ। ਪੁਲੀਸ ਨੇ ਬੈਰੀਕੇਡ ਲਾ ਕੇ ਧਰਨਾਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਪੁਲੀਸ ਤੇ ਧਰਨਾਕਾਰੀਆਂ ਵਿੱਚ ਹਲਕੀ ਝੜਪ ਵੀ ਹੋਈ ਹੈ। ਧਰਨਾਕਾਰੀਆਂ ਨੇ ਕਿਹਾ ਕਿ ਮੇਅਰ ਦੀ ਚੋਣ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਲੋਕਤੰਤਰ ਦੀ ਹੱਤਿਆ ਕਰਦਿਆਂ ਸ਼ਰ੍ਹੇਆਮ ਜਾਣਬੁੱਝ ਕੇ ਅੱਠ ਵੋਟਾਂ ਰੱਦ ਕੀਤੀਆਂ ਹਨ। ‘ਆਪ’ ਤੇ ਕਾਂਗਰਸ ਦੇ ਕੌਂਸਲਰਾਂ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਵਿਰੁੱਧ ਥਾਣਾ ਸੈਕਟਰ-17 ਅਤੇ ਚੰਡੀਗੜ੍ਹ ਦੇ ਐੱਸਐੱਸਪੀ ਨੂੰ ਸ਼ਿਕਾਇਤ ਦਿੰਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ। ਚੰਡੀਗੜ੍ਹ ‘ਆਪ’ ਦੇ ਸਹਿ ਇੰਚਾਰਜ ਸੰਨੀ ਆਹਲੂਵਾਲੀਆ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਸਮੂਹ ਕੌਂਸਲਰਾਂ ਨਾਲ ਸੈਕਟਰ-17 ਦੇ ਥਾਣੇ ਵਿੱਚ ਪਹੁੰਚ ਕੇ ਐੱਸਐੱਚਓ ਨਾਲ ਮੁਲਾਕਾਤ ਕੀਤੀ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਐੱਸਐੱਚਓ ਨੂੰ ਮੇਅਰ ਚੋਣਾਂ ਵਿੱਚ ਧਾਂਦਲੀ ਨਾਲ ਸਬੰਧਤ ਵੀਡੀਓ ਤੇ ਹੋਰ ਇਤਰਾਜ਼ਯੋਗ ਸਮੱਗਰੀ ਮੁਹੱਈਆ ਕਰਵਾ ਗਈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਐੱਸਐੱਸਪੀ ਨਾਲ ਮੁਲਾਕਾਤ ਕਰ ਕੇ ਵੀ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ ’ਚ ਮੰਗਿਆ ਜਵਾਬ

ਚੰਡੀਗੜ੍ਹ (ਮੁਕੇਸ਼ ਕੁਮਾਰ): ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ ਅੰਦਰ ਮੁਕੰਮਲ ਰਿਪੋਰਟ ਮੰਗੀ ਹੈ। ਬੀਤੇ ਦਿਨ ਹੋਈ ਚੋਣ ਵਿੱਚ ਮੇਅਰ ਦੇ ਅਹੁਦੇ ਲਈ ‘ਆਪ’-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਵੱਲੋਂ ਦਾਖਲ ਪਟੀਸ਼ਨ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ’ਤੇ ਧਾਂਦਲੀ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਪਟੀਸ਼ਨ ਵਿੱਚ ਮੇਅਰ ਦੀ ਚੋਣ ਨਿਰਪੱਖ ਢੰਗ ਨਾਲ ਨਾ ਕਰਵਾਉਣ ਸਮੇਤ ਵੋਟਾਂ ਦੀ ਗਿਣਤੀ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੀ ਦਲੀਲ ਪੇਸ਼ ਕਰ ਕੇ ਚੋਣ ਦੁਬਾਰਾ ਕਰਵਾਉਣ ਦੀ ਮੰਗ ਕੀਤੀ ਸੀ। ਕੋਰਟ ਨੇ ਅੱਜ ਸੁਣਵਾਈ ਦੌਰਾਨ ਪ੍ਰਸ਼ਾਸਨ ਕੋਲੋਂ ਤਿੰਨ ਹਫਤਿਆਂ ਅੰਦਰ ਇਸ ਬਾਰੇ ਜਵਾਬ ਮੰਗ ਕੇ ਅਗਲੀ ਸੁਣਵਾਈ 26 ਫਰਵਰੀ ਲਈ ਤੈਅ ਕੀਤੀ ਹੈ। ਚੰਡੀਗੜ੍ਹ ਦੇ ਨਵੇਂ ਮੇਅਰ ਲਈ ਬੀਤੇ ਦਿਨ ਹੋਈ ਚੋਣ ਵਿੱਚ ਭਾਜਪਾ ਕੌਂਸਲਰ ਮਨੋਜ ਸੋਨਕਰ ਨੂੰ ਮੇਅਰ ਚੁਣਿਆ ਗਿਆ। ਉਨ੍ਹਾਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਕਾਂਗਰਸ ਅਤੇ ‘ਆਪ’ ਗੱਠਜੋੜ ਦੀਆਂ ਮਿਲ ਕੇ 20 ਵੋਟਾਂ ਸਨ ਪਰ ਇਨ੍ਹਾਂ ’ਚੋਂ ਚੋਣ ਅਧਿਕਾਰੀ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ ਜਿਸ ਦੇ ਵਿਰੋਧ ’ਚ ਗੱਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਨੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ’ਚ ਉਨ੍ਹਾਂ ਦੱਸਿਆ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਵੋਟਾਂ ਦੀ ਗਿਣਤੀ ਵੇਲੇ ਦੋਵਾਂ ਉਮੀਦਵਾਰਾਂ ਦੇ ਕਿਸੇ ਵੀ ਏਜੰਟ ਨੂੰ ਮੌਕੇ ’ਤੇ ਨਹੀਂ ਬੁਲਾਇਆ ਅਤੇ 8 ਵੋਟਾਂ ਰੱਦ ਕਰਨ ਦਾ ਵੀ ਕੋਈ ਕਾਰਨ ਨਹੀਂ ਦੱਸਿਆ। ਉਨ੍ਹਾਂ ਚੋਣਾਂ ਲਈ ਜ਼ਿੰਮੇਵਾਰ ਅਧਿਕਾਰੀਆਂ ’ਤੇ ਭਾਜਪਾ ਨਾਲ ਮਿਲੀਭੁਗਤ ਦਾ ਦੋਸ਼ ਵੀ ਲਾਇਆ ਹੈ।

ਕਾਂਗਰਸ ਤੇ ‘ਆਪ’ ਡਰਾਮੇਬਾਜ਼ੀ ਕਰ ਰਹੇ ਹਨ: ਮਲਹੋਤਰਾ

ਚੰਡੀਗੜ੍ਹ: ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਪਾਰਦਰਸ਼ੀ ਢੰਗ ਨਾਲ ਹੋਈ ਹੈ, ਪਰ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਡਰਾਮੇਬਾਜ਼ੀ ਕਰ ਕੇ ਲੋਕਾਂ ਨੂੰ ਗੁਮਰਾਹ ਕਰਨ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਪੈਂਕਚਰ ਹੋ ਚੁੱਕਾ ਹੈ, ਪਰ ਚੰਡੀਗੜ੍ਹ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਿੱਜੀ ਹਿੱਤਾਂ ਲਈ ‘ਆਪ’ ਨਾਲ ਸਮਝੌਤਾ ਕਰ ਰਹੇ ਹਨ। ਇਸੇ ਕਰਕੇ ਕਾਂਗਰਸ ਦੇ ਕੌਂਸਲਰ ਚੰਡੀਗੜ੍ਹ ਵਿੱਚ ‘ਆਪ’ ਦਾ ਮੇਅਰ ਨਹੀਂ ਬਣਨ ਦੇਣਾ ਚਾਹੁੰਦੇ ਸਨ। ਅੱਜ ਦੋਵੇਂ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਤੇ ਕਾਂਗਰਸ ਮੇਅਰ ਦੀ ਚੋਣ ਹਾਰ ਗਈ ਸੀ ਤਾਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿੱਚ ਹਿੱਸਾ ਲੈਣਾ ਚਾਹੀਦਾ ਸੀ, ਪਰ ਦੋਵੇਂ ਪਾਰਟੀਆਂ ਜਾਣਬੁੱਝ ਕੇ ਉਸ ਚੋਣ ਤੋਂ ਵੀ ਭੱਜ ਗਈਆਂ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਕੇਜਰੀਵਾਲ ਈਡੀ ਦੇ ਸੰਮਨ ਤੋਂ ਜਾਣਬੁੱਝ ਕੇ ਭੱਜ ਰਹੇ ਹਨ। ਜੇ ਉਹ ਬੇਗੁਨਾਹ ਹਨ ਤਾਂ ਈਡੀ ਦੇ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ। -ਟਨਸ

ਯੂਥ ਕਾਂਗਰਸ ਨੇ ਨਗਰ ਨਿਗਮ ਦਫ਼ਤਰ ਅੱਗੇ ਦਿੱਤਾ ਧਰਨਾ

ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਅੱਜ ਪ੍ਰਧਾਨ ਮਨੋਜ ਲੁਬਾਣਾ ਦੀ ਅਗਵਾਈ ਹੇਠ ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਿਸ ਦੌਰਾਨ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ ਵੀ ਹੋਈ। ਇਸ ਦੌਰਾਨ ਪੁਲੀਸ ਨੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲੀਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ: ਡੀਐੱਸਪੀ

ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਗੁਰਮੁੱਖ ਸਿੰਘ ਨੇ ਕਿਹਾ ਕਿ ‘ਆਪ’ ਤੇ ਕਾਂਗਰਸੀ ਆਗੂਆਂ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਕ ਪੁਲੀਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



News Source link

- Advertisement -

More articles

- Advertisement -

Latest article