29.1 C
Patiāla
Saturday, May 4, 2024

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ

Must read


ਸਿਮਰਤਪਾਲ ਬੇਦੀ

ਜੰਡਿਆਲਾ ਗੁਰੂ, 26 ਫਰਵਰੀ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 11 ਤੋਂ 4 ਵਜੇ ਤੱਕ ਟਰੈਕਟਰ ਮਾਰਚ ਕਰਦਿਆਂ ਨਿੱਝਰਪੂਰਾ ਟੌਲ ਪਲਾਜ਼ਾ ’ਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਲੱਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਅੱਜ ਦੇ ਦਿਨ ਵਿਸ਼ਵ ਵਪਾਰ ਸੰਸਥਾ ਦੀ ਮੀਟਿੰਗ ਆਬੂ ਧਾਬੀ ਵਿੱਚ ਹੋ ਰਹੀ ਹੈ। ਜਿਸ ਵਿੱਚੋਂ ਖੇਤੀ ਸੈਕਟਰ ਨੂੰ ਬਾਹਰ ਰੱਖਣ ਅਤੇ ਭਾਰਤ ਸਰਕਾਰ ਨੂੰ ਇਸ ਸੰਸਥਾ ਦੀਆਂ ਨੀਤੀਆਂ ਨੂੰ ਲਾਗੂ ਨਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਵਾਰਨਿੰਗ ਦਿੱਤੀ ਹੈ। ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਘ ਝੀਤਾ, ਜਗਜੀਤ ਸਿੰਘ ਜੋਗੀ, ਦਿਲਬਾਗ ਸਿੰਘ ਰਾਜੇਵਾਲ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਕਿਸਾਨ ਆਗੂ ਨਿਸ਼ਾਨ ਸਿੰਘ ਸਾਘਣਾ, ਗੁਰਦੇਵ ਸਿੰਘ ਵਰਪਾਲ, ਰਾਜਬੀਰ ਸਿੰਘ ਫਤਿਹਪੁਰ ਤੇ ਗੁਰਦੇਵ ਸਿੰਘ ਮੱਖਣਵਿੰਡੀ ਆਦਿ ਮੌਜੂਦ ਸਨ।

ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਭਾਰਤ ਸਰਕਾਰ ਨੂੰ ਵਿਸ਼ਵ ਵਪਾਰ ਸੰਸਥਾ ਵਿਚੋਂ ਬਾਹਰ ਆਉਣ ਦੀ ਮੰਗ ਨੂੰ ਉਭਾਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਵਿਖਾਵੇ ਕਰਕੇ ਡਬਲਿਊਟੀਓ ਦੇ ਪੁਤਲੇ ਸਾੜੇ| ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਕਿਹਾ ਕਿ ਜਥੇਬੰਦੀ ਇਸ ਵਿਸ਼ਵ ਵਪਾਰ ਸੰਸਥਾ ਵਿੱਚੋਂ ਖੇਤੀ ਨੂੰ ਬਾਹਰ ਕਰਨ ਜਾਂ ਭਾਰਤ ਸਰਕਾਰ ਨੂੰ ਇਸ ਸੰਸਥਾ ’ਚੋਂ ਬਾਹਰ ਆਉਣ ਦੀ ਜ਼ੋਰਦਾਰ ਮੰਗ ਕਰਦੀ ਹੈ। ਜਥੇਬੰਦੀ ਨੇ ਜ਼ਿਲ੍ਹੇ ਦੇ ਪਿੰਡ ਮਾਨੋਚਾਹਲ, ਪਲਾਸੌਰ, ਝਬਾਲ, ਖਡੂਰ ਸਾਹਿਬ, ਵੈਰੋਵਾਲ ਥਾਵਾਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ| ਇਸ ਮੌਕੇ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ, ਫਤਿਹ ਸਿੰਘ ਪਿੱਦੀ ਤੇ ਸਲਵਿੰਦਰ ਸਿੰਘ ਜੀਓਬਾਲਾ ਆਦਿ ਨੇ ਸੰਬੋਧਨ ਕੀਤਾ|

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਦਬਾਅ ਬਣਾਉਣ ਲਈ ਅੱਜ ਇੱਥੋਂ ਨੇੜਲੇ ਪਿੰਡ ਸਠਿਆਲੀ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਸੁਖਵੰਤ ਸਿੰਘ ਸਠਿਆਲੀ, ਲਖਵਿੰਦਰ ਸਿੰਘ ਜਾਗੋਵਾਲ, ਸਰਪੰਚ ਬਿੰਦਰ ਸਿੰਘ ਖ਼ਾਲਸਾ ਨੇਣੈਕੋਟ ਤੇ ਬਲਵਿੰਦਰ ਸਿੰਘ ਸਠਿਆਲੀ ਆਦਿ ਹਾਜ਼ਰ ਸਨ।

ਫਿਲੌਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਜੀਟੀ ਰੋਡ ’ਤੇ ਟਰੈਰਟਰ ਖੜ੍ਹੇ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਖੇਤੀ ਸੰਕਟ ਕਾਰਨ ਕਿਸਾਨੀ ਦਾ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ, ਜਦੋਂ ਕਿ ਕਰਜ਼ੇ ਦੀ ਮੁਆਫ਼ੀ ਸਿਰਫ਼ ਵੱਡੇ ਸਨਅਤਕਾਰਾਂ ਦੀ ਕੀਤੀ ਗਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਵਿੰਦਰ ਸਿੰਘ ਖਹਿਰਾ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਆਦਿ ਹਾਜ਼ਰ ਸਨ।

ਚੇਤਨਪੁਰਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਵੱਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੂਬਾ ਆਗੂ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਗੁਰੂਦੁਆਰਾ ਮੋਰਚਾ ਸਾਹਿਬ ਹਰਸ਼ਾ ਛੀਨਾ ਤੋਂ ਟਰੈਕਟਰ ਮਾਰਚ ਕੀਤਾ ਗਿਆ, ਜੋ ਰਾਜਾਸਾਂਸੀ ਏਅਰਪੋਰਟ ਦੇ ਨਾਲ ਲੱਗਦੇ ਪਿੰਡਾਂ ਤੋਂ ਹੁੰਦਾ ਹੋਇਆ ਹਰਸ਼ਾ ਛੀਨਾ ਵਿਖੇ ਸਮਾਪਤ ਹੋਇਆ।

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਕਲਾਨੌਰ ਵਿਖੇ ਨੈਸ਼ਨਲ ਹਾਈਵੇ 354 ਗੁਰਦਾਸਪੁਰ ਰੋਡ ਉਪਰ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਟਰੈਕਟਰ ਹਾਈਵੇ ’ਤੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਇਕੱਠ ਨੂੰ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਹਰਜੀਤ ਸਿੰਘ ਕਾਹਲੋਂ, ਗੁਰਿੰਦਰਪਾਲ ਸਿੰਘ ਸੋਨੂ, ਬਲਜੀਤ ਸਿੰਘ ਗੁਰਾਇਆ ਤੇ ਮਨਜੀਤ ਸਿੰਘ ਅਦਾਲਤਪੁਰ ਆਦਿ ਨੇ ਸੰਬੋਧਨ ਕੀਤਾ।

ਪਠਾਨਕੋਟ (ਐਨ.ਪੀ ਧਵਨ): ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਟਰੈਕਟਰ ਖੜ੍ਹੇ ਕਰਕੇ ਸਰਕਾਰ ਦਾ ਵਿਰੋਧ ਕੀਤਾ। ਇਸ ਦੀ ਅਗਵਾਈ ਕੇਵਲ ਸਿੰਘ ਕੰਗ, ਪ੍ਰੇਮ ਸਿੰਘ, ਬਲਵੰਤ ਘੋਹ, ਕੇਵਲ ਕਾਲੀਆ, ਏਐਸ ਗੁਲਾਟੀ, ਸ਼ਿਵ ਕੁਮਾਰ, ਜੋਗਾ ਸਿੰਘ ਮਿਆਣੀ, ਇਕਬਾਲ ਸਿੰਘ ਆਦਿ ਆਗੂਆਂ ਨੇ ਕੀਤੀ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੁਜ਼ਾਹਰਾ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਇਥੇ ਮੁੱਖ ਮਾਰਗ ’ਤੇ ਟਰੈਕਟਰ ਮਾਰਚ ਕਰਦਿਆਂ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਸਬੰਧ ਵਿੱਚ ਜਥੇਬੰਦੀ ਦੇ ਵੱਖ ਵੱਖ ਥਾਵਾਂ ਤੋਂ ਪੁੱਜੇ ਕਾਰਕੂਨ ਇੱਥੇ ਬਾਈਪਾਸ ਮਾਰਗ ’ਤੇ ਖੰਨਾ ਪੇਪਰ ਮਿਲੱ ਨੇੜੇ ਇਕੱਠੇ ਹੋਏ ਜਿੱਥੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਜਥੇਬੰਦੀ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਟਰੈਕਟਰ ਟਰਾਲੀਆਂ ਸਬੰਧੀ ਅਦਾਲਤ ਦੇ ਫੈਸਲੇ ਦੇ ਖਿਲਾਫ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਆਪਣੇ ਟਰੈਕਟਰ ਇਕੱਠੇ ਕਰਕੇ ਸ਼ਾਹ ਮਾਰਗਾਂ ’ਤੇ ਖੜੇ ਕੀਤੇ ਗਏ ਹਨ।



News Source link

- Advertisement -

More articles

- Advertisement -

Latest article