25 C
Patiāla
Monday, April 29, 2024

ਕਿਸਾਨਾਂ ਨੇ ਰੇਲਾਂ ਰੋਕ ਕੇ ਜਤਾਇਆ ਸਰਕਾਰ ਖ਼ਿਲਾਫ਼ ਰੋਸ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 10 ਮਾਰਚ

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਹਕੂਮਤੀ ਜਬਰ ਖ਼ਿਲਾਫ਼ ਅੱਜ ਰੇਲਵੇ ਟਰੈਕ ਮਾਨਸਾ ’ਤੇ ਧਰਨਾ ਦੇ ਕੇ ਰੇਲ ਆਵਾਜਾਈ ਠੱਪ ਕੀਤੀ। ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁਪਹਿਰ 12 ਤੋਂ 4 ਵਜੇ ਤੱਕ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਭਾਕਿਯੂ (ਏਕਤਾ ਉਗਰਾਹਾਂ), ਭਾਕਿਯੂ ਡਕੌਂਦਾ (ਧਰਨੇ) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ,ਭਾਕਿਯੂ ਮਾਲਵਾ ਅਤੇ ਕਿਸਾਨ ਕਮੇਟੀ ਦੋਆਬਾ ਆਦਿ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਦੇ ਸੂਬਾ ਆਗੂ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜੋਗਿੰਦਰ ਸਿੰਘ ਦਿਆਲਪੁਰਾ, ਭਾਕਿਯੂ ਡਕੌਂਦਾ (ਧਨੇਰ) ਦੇ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਬਲਕਾਰ ਸਿੰਘ ਚਹਿਲਾਂਵਾਲੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਭਜਨ ਸਿੰਘ ਘੁੰਮਣ ਅਤੇ ਸਾਧੂ ਸਿੰਘ ਢਿੱਲਵਾਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਦੀ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਲਈ ਨੈਸ਼ਨਲ ਹਾਈਵੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਿਆਂ ਹੀ ਨਹੀਂ ਗਿਆ, ਸਗੋਂ ਹੱਕ ਮੰਗਦੇ ਲੋਕਾਂ ’ਤੇ ਹੱਥਰੂ ਗੈਸ ਦੀ ਵਰਤੋਂ ਤੋਂ ਇਲਾਵਾ ਸਿੱਧੀਆ ਗੋਲੀਆਂ ਚਲਾ ਕੇ ਸ਼ਹੀਦ ਵੀ ਕੀਤਾ ਗਿਆ ਹੈ। ਆਗੂ ਨੇ ਕਿਹਾ ਕਿ ਸਰਕਾਰ ਜਬਰ ਦਾ ਰਸਤਾ ਤਿਆਗ ਕੇ ਬਕਾਇਆ ਮੰਗਾਂ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕਰੇ। ਉਨ੍ਹਾਂ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ, ਲਖਮੀਰਪੁਰ ਕਾਂਡ ਦੇ ਸ਼ਹੀਦਾਂ ਨੂੰ ਇਨਸਾਫ, ਪ੍ਰਦਰਸ਼ਨ ਐਕਟ ਤੋਂ ਖੇਤੀ ਨੂੰ ਬਾਹਰ ਕਰਨ ਦੀ ਮੰਗ ਕੀਤੀ। ਉਨ੍ਹਾਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋ ਰਹੀ ਦੇਸ਼ ਪੱਧਰੀ ਕਿਸਾਨ ਮਹਾ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਸੱਦਾ ਵੀ ਦਿੱਤਾ।

ਫਰੀਦਕੋਟ (ਜਸਵੰਤ ਜੱਸ): ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਇੱਥੇ ਕਿਸਾਨਾਂ ਨੇ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਧਰਨਾ ਲਾ ਕੇ ਰੇਲਾਂ ਦਾ ਚੱਕਾ ਜਾਮ ਕੀਤਾ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਲਾਲ ਸਿੰਘ ਗੋਲੇਵਾਲਾ, ਜਸਵੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੋਹੜ ਸਿੰਘ ਰੁਪਈਆਂ ਵਾਲਾ, ਇੰਦਰਜੀਤ ਸਿੰਘ ਘਣੀਆਂ ਨੇ ਕਿਹਾ ਕਿ 13 ਫਰਵਰੀ ਤੋਂ ਬਾਰਡਰਾਂ ਉੱਪਰ ਮੋਰਚੇ ਚੱਲ ਰਹੇ ਹਨ ਪਰ ਕੇਂਦਰ ਸਰਕਾਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਗੰਭੀਰ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਹੀ ਸੰਘਰਸ਼ ਲੜ ਰਹੇ ਹਨ।

ਬਰਨਾਲਾ (ਪਰਸ਼ੋਤਮ ਬੱਲੀ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਿਲ੍ਹਾ ਬਰਨਾਲਾ ਦੀਆਂ ਚਾਰ ਕਿਸਾਨ ਜਥੇਬੰਦੀਆਂ ਬੀਕੇਯੂ ਏਕਤਾ ਉਗਰਾਹਾਂ ਬੀਕੇਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਅਤੇ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵੱਲੋਂ ਬਰਨਾਲੇ ਵਿੱਚ ਕਿਸਾਨੀ ਅੰਦੋਲਨ ਦਿੱਲੀ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ, ਮੌਜੂਦਾ ਕਿਸਾਨ ਅੰਦੋਲਨ ’ਤੇ ਮੋਦੀ ਹਕੂਮਤ ਵੱਲੋਂ ਢਾਹੇ ਜਬਰ ਦੇ ਜ਼ਿੰਮੇਵਾਰ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਕਿਸਾਨਾਂ ਦੇ ਜਮਹੂਰੀ ਹੱਕ ਬਹਾਲ ਕਰਵਾਉਣ ਲਈ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਮਨਜੀਤ ਸਿੰਘ ਧਨੇਰ, ਕੁਲਵੰਤ ਭਦੌੜ, ਰੂਪ ਸਿੰਘ ਛੰਨਾਂ, ਦਰਸ਼ਨ ਸਿੰਘ ਭੈਣੀ ਮਹਿਰਾਜ, ਬੁੱਕਣ ਸੱਦੋਵਾਲ ਨੇ ਹੋਰਾਂ ਨੇ ਕਿਹਾ ਕਿ ਹੱਕੀ ਮੰਗਾਂ ਮੰਨਣ ਦੀ ਬਜਾਏ ਦੇਸ਼ ਦੇ ਅੰਨਦਾਤਾ ’ਤੇ ਜਬਰ ਢਾਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਦੀ ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਦੀ ਫੌਰੀ ਪੂਰਤੀ ਕਰੇ। ਅਖੀਰ ਵਿੱਚ ਬੁਲਾਰਿਆਂ ਨੇ 14 ਮਾਰਚ ਨੂੰ ਦਿੱਲੀ ਵਿੱਚ ਹੋ ਰਹੀ ਕਿਸਾਨ ਮਜ਼ਦੂਰ ਮਹਾਪੰਚਾਇਤ ਵਿੱਚ ਪੁੱਜਣ ਦਾ ਸੱਦਾ ਦਿੱਤਾ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ ਮੋਗਾ ਅਤੇ ਅਜੀਤਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਰੇਲਾਂ ਦਾ ਚੱਕਾ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਜੀਤਵਾਲ ਰੇਲਵੇ ਸਟੇਸ਼ਨ ’ਤੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਤੇ ਬਲੌਰ ਸਿੰਘ ਘਾਲੀ ਦੀ ਅਗਵਾਈ ਹੇਠ ਅਤੇ ਮੋਗਾ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਆਗੂ ਗੁਰਜੀਤ ਸਿੰਘ ਜਲਾਲਾਬਾਦ ਤੇ ਬਲਾਕ ਪ੍ਰਧਾਨ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ।

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਸੰਗਠਨਾਂ ਨੇ ਅੱਜ ਇਥੇ ਰੇਲਵੇ ਸਟੇਸ਼ਨ ਨੇੜੇ ਦਿਨੇ 12 ਤੋਂ 4 ਵਜੇ ਤੱਕ ਧਰਨਾ ਦੇ ਕੇ ਰੇਲਾਂ ਰੋਕੀਆਂ। ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਕਿਯੂ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਭਾਕਿਯੂ ਡਕੌਂਦਾ (ਧਨੇਰ ਗਰੁੱਪ) ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਅਤੇ ਭਾਕਿਯੂ (ਮਾਲਵਾ) ਦੇ ਸੂਬਾਈ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰੋਕਾਂ ਲਾ ਕੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਅਧਿਕਾਰ ਹੀ ਨਹੀਂ ਕੁਚਲਿਆ, ਸਗੋਂ ਅੰਨ੍ਹੇਵਾਹ ਸਿੱਧੀਆਂ ਗੋਲੀਆਂ ਚਲਾ ਕੇ ਜਬਰ ਢਾਹਿਆ ਜਾ ਰਿਹਾ ਹੈ।

ਮੋਦੀ ਹਕੂਮਤ ਡਾ. ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਨ ਤੋਂ ਮੁੱਕਰੀ: ਡੱਲੇਵਾਲ

ਜੈਤੋ ਰੇਲਵੇ ਸਟੇਸ਼ਨ ’ਤੇ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ।

ਜੈਤੋ (ਸ਼ਗਨ ਕਟਾਰੀਆ): ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵੱਲੋਂ ‘ਰੇਲ ਰੋਕੋ’ ਪ੍ਰੋਗਰਾਮ ਤਹਿਤ ਇਥੇ ਰੇਲਵੇ ਸਟੇਸ਼ਨ ’ਤੇ ਪਟੜੀਆਂ ਉੱਪਰ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਇਥੇ ਮੌਜੂਦ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਸੰਘਰਸ਼ ਲੜ ਰਹੇ ਹਨ। ਉਨ੍ਹਾਂ ਕਿਹਾ ਕਿ 2014 ਵਿੱਚ ਭਾਜਪਾ ਨੇ ਇਸ ਵਾਅਦੇ ਨਾਲ ਕੇਂਦਰ ’ਚ ਸਰਕਾਰ ਬਣਾਈ ਸੀ ਕਿ ਉਹ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇਗੀ। ਉਸ ਤੋਂ ਬਾਅਦ ਕਿਸਾਨ ਅੰਦੋਲਨ ਮੌਕੇ ਵੀ ਸਰਕਾਰ ਨੇ ਕਿਸਾਨਾਂ ਨੂੰ ਰਿਪੋਰਟ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਵਾਅਦਿਆਂ ਤੋਂ ਮੁੱਕਰ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਦੇਣ ਲਈ ਸਾਜਿਸ਼ਾਂ ਰਚ ਰਹੀ ਹੈ। ਡੱਲੇਵਾਲ ਨੇ ਕਿਹਾ ਕਿ ‘ਸਵੈ-ਨਿਰਭਰ ਭਾਰਤ’ ਦਾ ਨਾਅਰਾ ਦੇਣ ਵਾਲੀ ਕੇਂਦਰੀ ਹਕੂਮਤ 1 ਲੱਖ 41 ਹਜ਼ਾਰ ਕਰੋੜ ਰੁਪਏ ਦੇ ਅਨਾਜ, ਤੇਲ ਅਤੇ ਦਾਲਾਂ ਹੋਰਨਾਂ ਮੁਲਕਾਂ ਤੋਂ ਦਰਾਮਦ ਕਰਦੀ ਹੈ। ਇਸ ਦੌਰਾਨ ਉਨ੍ਹਾਂ ਮੁਲਤਾਨੀਆ ਰੋਡ ਵਾਲੇ ਹਵਾਈ ਪੁਲ ਹੇਠਾਂ ਰੇਲ ਪਟੜੀਆਂ ’ਤੇ ਵੀ ਧਰਨਾ ਲਾ ਕੇ ਚਾਰ ਘੰਟੇ ਰੇਲਾਂ ਦੀ ਆਵਾਜਾਈ ਰੋਕੀ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ-ਹਰਿਆਣੇ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ‘ਚੜ੍ਹਦੀ ਕਲਾ’ ਵਿਚ ਦੱਸਿਆ।

ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਕਾਲਾਂਵਾਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਕੀਤੇ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤਹਿਤ ਕਾਲਾਂਵਾਲੀ ਦੇ ਰੇਲਵੇ ਸਟੇਸ਼ਨ ’ਤੇ ਸੀਆਰਪੀਐੱਫ ਅਤੇ ਬੀਐੱਸਐੱਫ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕਣ ਦਾ ਸੱਦਾ ਦਿੱਤਾ ਸੀ, ਜਿਸ ਕਾਰਨ ਜਿਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਬਾਅਦ ਸਿਰਸਾ ਅਤੇ ਬਠਿੰਡਾ ਤੋਂ ਆਉਣ ਵਾਲੀਆਂ ਰੇਲ ਗੱਡੀਆਂ ਰੇਲਵੇ ਸਟੇਸ਼ਨ ’ਤੇ ਦੋਵੇਂ ਪਾਸੇ ਤੋਂ ਬੰਦ ਰਹੀਆਂ। ਇਸ ਮੌਕੇ ਡੀਐਸਪੀ ਗੁਰਦਿਆਲ ਸਿੰਘ, ਰਾਮਾਂ ਜੀਆਰਪੀ ਇੰਚਾਰਜ ਰਵੀਕੇਸ਼, ਰੇਲਵੇ ਚੌਕੀ ਇੰਚਾਰਜ ਭੂਪ ਸਿੰਘ, ਸਿੰਘਪੁਰਾ ਚੌਕੀ ਇੰਚਾਰਜ ਚੰਨਣ ਸਿੰਘ, ਜੈਦੀਪ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰੇਸ਼ਾਨ ਯਾਤਰੀਆਂ ਵੱਲੋਂ ਵੀ ਕਿਸਾਨਾਂ ਦੀ ਹਮਾਇਤ

ਫ਼ਾਜ਼ਿਲਕਾ (ਪਰਮਜੀਤ ਸਿੰਘ): ਕਿਸਾਨਾਂ ਨੇ ਅੱਜ ਫਾਜ਼ਿਲਕਾ ’ਚ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਰੋਕ ਕੇ ਧਰਨਾ ਲਾਇਆ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਅੰਦੋਲਨ ਨਾਲ ਪ੍ਰੇਸ਼ਾਨੀ ਹੋਈ ਪਰ ਉਹ ਕਿਸਾਨਾਂ ਦੇ ਨਾਲ ਹਨ। ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਉਹ ਅੰਦੋਲਨ ’ਚ ਰੇਲ ਪਟੜੀਆਂ ’ਤੇ ਨਹੀਂ ਬੈਠਣਾ ਚਾਹੁੰਦੇ ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ, ਇਸ ਲਈ ਸਖ਼ਤ ਕਦਮ ਚੁੱਕਣਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ਜਾਰੀ ਰੱਖਣਗੇ।



News Source link

- Advertisement -

More articles

- Advertisement -

Latest article