ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਪਰੈਲ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਇੱਥੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ, ਆਤਿਸ਼ੀ ਅਤੇ ਸੌਰਭ ਭਾਰਦਵਾਜ ’ਤੇ ਦੋਸ਼ ਲਗਾ ਕੇ ਸੁਨੀਤਾ ਭਾਬੀ ਦੇ ਮੁੱਖ ਮੰਤਰੀ ਬਣਨ ਦਾ ਰਾਹ ਸਾਫ਼ ਕੀਤਾ ਹੈ। ਸੂਬਾ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਕਿ ਕੱਲ੍ਹ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਚਿਹਰੇ ਅਤੇ ਜ਼ੁਬਾਨਾਂ ਇੱਕ ਦੂਜੇ ਦਾ ਸਾਥ ਨਹੀਂ ਦੇ ਰਹੀਆਂ। ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਬਿਆਨ ਵਿੱਚ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੋਵਾਂ ਦਾ ਨਾਂ ਲੈਣ ਕਾਰਨ ਇਕ ਪਾਸੇ ਉਹ ਨਿਰਾਸ਼ ਅਤੇ ਘਬਰਾਏ ਹੋਏ ਹਨ ਅਤੇ ਦੂਜੇ ਪਾਸੇ ਸ੍ਰੀਮਤੀ ਸੁਨੀਤਾ ਨੇ ਮੀਡੀਆ ਦੇ ਸਾਹਮਣੇ ਆਪਣੇ ਨੂੰ ‘ਆਪ’ ਪਾਰਟੀ ਦਾ ਆਗੂ ਐਲਾਨ ਦਿੱਤਾ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਜਦੋਂ ਕੇਜਰੀਵਾਲ ਸੱਤ ਦਿਨ ਪਹਿਲਾਂ ਅਦਾਲਤ ਵਿੱਚ ਪੁੱਜੇ ਤਾਂ ਉਨ੍ਹਾਂ ਨੇ ਸੌਰਭ ਅਤੇ ਆਤਿਸ਼ੀ ਦਾ ਨਾਂ ਨਹੀਂ ਲਿਆ ਕਿਉਂਕਿ ਉਦੋਂ ਤੱਕ ਉਨ੍ਹਾਂ ਨੂੰ ਭਰੋਸਾ ਸੀ ਕਿ ਸ਼ਾਇਦ ਪਾਰਟੀ ਸੁਨੀਤਾ ਕੇਜਰੀਵਾਲ ਨੂੰ ਆਪਣੀ ਅਗਲੀ ਮੁੱਖ ਮੰਤਰੀ ਵਜੋਂ ਸਵੀਕਾਰ ਕਰੇਗੀ ਪਰ ਜਦੋਂ ਅਜਿਹਾ ਨਾ ਹੋਇਆ ਤਾਂ ਉਨ੍ਹਾਂ ਮੁੱਖ ਮੰਤਰੀ ਬਣਨ ਦੇ ਦਾਅਵੇਦਾਰ ਆਤਿਸ਼ੀ ਅਤੇ ਸੌਰਭ ਦਾ ਨਾਂ ਲੈ ਕੇ ਉਨ੍ਹਾਂ ਲਈ ਵੀ ਜੇਲ੍ਹ ਜਾਣ ਦਾ ਰਾਹ ਪੱਧਰਾ ਕਰ ਦਿੱਤਾ ਹੈ।