33.5 C
Patiāla
Friday, May 3, 2024

ਕੇਂਦਰੀ ਸਿੱਖ ਅਜਾਇਬਘਰ ਵਿੱਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 9 ਅਪਰੈਲ

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ।

ਅੱਜ ਕੇਂਦਰੀ ਸਿੱਖ ਅਜਾਇਬਘਰ ’ਚ ਜਿਨ੍ਹਾਂ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਕਾਰ-ਸੇਵਾ ਸੰਪਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ ਕਰਨ ਵਾਲੇ ਅੱਲ੍ਹਾ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸ਼ਾਮਲ ਹਨ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥਕ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾ ਕੇ ਸਿੱਖ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਹਜ਼ਾਰਾ ਸਿੰਘ ਕਾਰ-ਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਜਿੱਥੇ ਗੁਰਦੁਆਰਿਆਂ ਦੀ ਉਸਾਰੀ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਉਥੇ ਉਨ੍ਹਾਂ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਵੀ ਕੱਟੀ ਅਤੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤ ਨੂੰ ਗੁਰੂ ਲੜ ਲਾਇਆ। ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ ਨੇ 1980 ਤੋਂ 1987 ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਵੀ ਕਾਰਜਸ਼ੀਲ ਰਹੇ। ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਦਾ ਵੀ ਗੁਰਮਤਿ ਸੰਗੀਤ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਸੱਤ ਪੁਸਤਕਾਂ ਵੀ ਸੰਗਤ ਦੀ ਝੋਲੀ ਪਾਈਆਂ। ਅੱਲ੍ਹਾ ਯਾਰ ਯੋਗੀ ਨੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ‘ਸ਼ਹੀਦਾਨਿ ਵਫ਼ਾ’ ਅਤੇ ‘ਗੰਜਿ-ਏ-ਸ਼ਹੀਦਾਂ’ ਰਾਹੀਂ ਬਿਆਨ ਕੀਤਾ ਹੈ, ਜੋ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸੋਮਾ ਹੈ।

ਇਸ ਮੌਕੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਦੌਰਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ

ਇਸ ਮੌਕੇ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਜਥੇਦਾਰ ਮਹਾਲੋਂ ਦੇ ਪਰਿਵਾਰ ਵਿੱਚੋਂ ਜਗਦੀਪ ਸਿੰਘ, ਭਾਈ ਸਰਬਜੀਤ ਸਿੰਘ, ਪ੍ਰੋਫ਼ੈਸਰ ਕਰਤਾਰ ਸਿੰਘ ਦੇ ਪਰਿਵਾਰ ਵਿੱਚੋਂ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, ਐਡਵੋਕੇਟ ਅਮਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

ਖ਼ਾਲਸਾ ਸਾਜਨਾ ਦਿਵਸ ’ਤੇ ਖ਼ਾਲਸਈ ਨਿਸ਼ਾਨ ਝੁਲਾਉਣ ਦਾ ਸੰਦੇਸ਼

ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ’ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ 13 ਅਪਰੈਲ ਵਾਲੇ ਦਿਨ ਹਰੇਕ ਸਿੱਖ ਆਪਣੇ ਘਰ ਉੱਪਰ ਖ਼ਾਲਸਈ ਨਿਸ਼ਾਨ ਝੁਲਾ ਕੇ ਖਾਲਸਾ ਦੇ ਜਾਹੋ-ਜਲਾਲ ਦਾ ਪ੍ਰਗਟਾਵਾ ਕਰੇ। ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇੱਕ ਇਕੱਤਰਤਾ ਦੌਰਾਨ ਕੀਤਾ ਗਿਆ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸ਼ਾਮਲ ਹੋਏ। ਮੀਟਿੰਗ ਵਿੱਚ ਕੀਤੇ ਗਏ ਫ਼ੈਸਲਿਆਂ ਬਾਰੇ ਖੁਲਾਸਾ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ’ਤੇ 13 ਅਪਰੈਲ ਵਾਲੇ ਦਿਨ ਹਰੇਕ ਸਿੱਖ ਨੂੰ ਆਪਣੇ ਘਰ ਉਪਰ ਖ਼ਾਲਸਈ ਨਿਸ਼ਾਨ ਝੁਲਾਉਣ ਵਾਸਤੇ ਸੰਦੇਸ਼ ਦਿੱਤਾ ਹੈ। ਸਮੁੱਚੀ ਕੌਮ ਨੂੰ ਅੰਮ੍ਰਿਤਧਾਰੀ ਬਣਨ ਅਤੇ ਅਗਿਆਨਤਾ ਰੂਪੀ ਅੰਧਕਾਰ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ। ਇੱਕ ਵਿਸ਼ੇਸ਼ ਮਤੇ ਰਾਹੀਂ 13 ਅਪਰੈਲ ਵਾਲੇ ਦਿਨ ਖਾਲਸਾ ਸਾਜਨਾ ਦਿਵਸ ਮੌਕੇ ਹਰ ਸਿੱਖ ਨੂੰ ਅਪੀਲ ਕੀਤੀ ਹੈ ਕਿ ਉਹ ਸਵੇਰ ਵੇਲੇ 9 ਵਜੇ ਸਿਰਫ ਪੰਜ ਮਿੰਟ ਵਾਸਤੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਵਾਸਤੇ ਗੁਰਮੰਤਰ ਅਤੇ ਮੂਲ ਮੰਤਰ ਦੇ ਜਾਪ ਕਰਕੇ ਅਰਦਾਸ ਕਰੇ। ਉਨ੍ਹਾਂ ਨੇ 6 ਜੂਨ 1984 ਨੂੰ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ ਇਸ ਸਾਲ 40 ਸਾਲ ਪੂਰੇ ਹੋਣ ’ਤੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਆਪਣੇ ਨੇੜਲੇ ਗੁਰੂ ਘਰਾਂ ਵਿੱਚ ਸ਼ਹੀਦੀ ਸਮਾਗਮ ਮਨਾਉਣ, ਗੁਰਬਾਣੀ ਦੇ ਜਾਪ ਕਰਨ ਅਤੇ ਦੀਵਾਨ ਲਾ ਕੇ ਨਵੀਂ ਪੀੜੀ ਨੂੰ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਇਸ ਹਮਲੇ ਦੀ ਦਾਸਤਾਨ ਸੁਣਾਉਣ। ਇਸ ਮੌਕੇ ਇਕੱਤਰਤਾ ’ਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕੀਤੀ ਗਈ।



News Source link

- Advertisement -

More articles

- Advertisement -

Latest article