38.2 C
Patiāla
Friday, May 3, 2024

ਖਾਲਸਾ ਸਾਜਨਾ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਅਪਰੈਲ

ਇੱਥੇ ਖਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਸ਼ਰਧਾਲੂਆਂ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਸਰੋਵਰ ਵਿੱਚ ਇਸ਼ਨਾਨ ਕਰ ਕੇ ਸ਼ਰਧਾ ਪ੍ਰਗਟਾਈ। ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸਿੱਖ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਣੇ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ।

325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਅੱਜ ਖਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ। ਪੰਜ ਸਿੰਘ ਸਾਹਿਬਾਨ ਵੱਲੋਂ ਬੀਤੇ ਦਿਨ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਵਿੱਚ ਸਿੱਖ ਸੰਗਤ ਲਈ ਖਾਲਸਈ ਝੰਡਿਆਂ ਦਾ ਪ੍ਰਬੰਧ ਕੀਤਾ ਗਿਆ।

ਇਸ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਿੱਖ ਸੰਸਥਾ ਦੇ ਮੁਲਾਜ਼ਮਾਂ ਨੇ ਸਮੂਹਿਕ ਰੂਪ ਵਿੱਚ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ। ਉਪਰੰਤ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।

ਭੋਗਪੁਰ (ਬਲਵਿੰਦਰ ਸਿੰਘ ਭੰਗੂ): ਪਾਕਿਸਤਾਨ ਦੇ ਸੂਬਾ ਪੱਛਮੀ ਪੰਜਾਬ ਦੇ ਜ਼ਿਲ੍ਹਾ ਫ਼ੈਸਲਾਬਾਦ (ਪਹਿਲਾ ਨਾਂ ਲਾਇਲਪੁਰ) ਵਿੱਚ ਪੈਂਦੇ ਪਿੰਡ ਖਿਆਲਾ ਕਲਾਂ ਚੱਕ ਨੰਬਰ 57 ਜੇ ਬੀ ਵਿੱਚ 76 ਸਾਲਾਂ ਬਾਅਦ ਮੁਸਲਮਾਨ ਭਾਈਚਾਰੇ ਨੇ ਬਾਬਾ ਤਾਰਿਕ ਅਤੇ ਮਾਸਟਰ ਅੱਲਾ ਰੱਖਾ ਹੋਠੀ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਦਿੱਤ ਮੱਲ ਜੀ (ਬਾਬਾ ਮੜ) ਦਾ ਨਵੀਨੀਕਰਨ ਕਰ ਕੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਈ। ਭਾਈਚਾਰੇ ਦੇ ਲੋਕ ਸਿੱਖ ਰਹਿਤ ਮਰਿਆਦਾ ਅਨੁਸਾਰ ਦਸ ਗੁਰੂ ਸਾਹਿਬਾਨ ਦੀ ਫੋਟੋ ਅੱਗੇ ਨਤਮਸਤਕ ਹੋਏ ਅਤੇ ਨਿਸ਼ਾਨ ਸਾਹਿਬ ਚੜ੍ਹਾਉਣ ਤੋਂ ਬਾਅਦ ਲੰਗਰ ਲਗਾ ਕੇ ਸਿੱਖ ਪੰਥ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਗੌਰਤਲਬ ਹੈ ਕਿ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਨੇ ਜਦੋਂ ਅੰਮ੍ਰਿਤਸਰ ਵਾਲੀ ਲੜਾਈ ਲੜੀ ਤਾਂ ਬਾਬਾ ਦਿੱਤ ਮੱਲ ਨੇ ਉਸ ਵਿੱਚ ਸ਼ਹੀਦੀ ਜਾਮ ਪੀਤਾ ਸੀ ਜਿਸ ਦੀ ਯਾਦ ਵਿੱਚ ਖਿਆਲਾਂ ਕਲਾਂ ਚੱਕ ਨੰਬਰ 57 ਜੇਬੀ ਵਿੱਚ ਗੁਰਦੁਆਰਾ ਬਣਾਇਆ ਗਿਆ ਪਰ ਉਸ ਪਿੰਡ ਦਾ ਸਾਰਾ ਸਿੱਖ ਭਾਈਚਾਰਾ ਸੰਨ 1947 ਵਿੱਚ ਉੱਥੋਂ ਆ ਕੇ ਭੋਗਪੁਰ ਇਲਾਕੇ ਵਿੱਚ ਆ ਵੱਸਿਆ ਸੀ।

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਵਧਾਈ ਸੰਦੇਸ਼

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂ ਦਿੱਤੇ ਵਧਾਈ ਸੰਦੇਸ਼ ਵਿੱਚ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਗੁਰੂ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਦੀ ਛਤਰ-ਛਾਇਆ ਹੇਠ ਇਕੱਤਰ ਹੋਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਹਕੂਮਤੀ ਜਬਰ ਦਾ ਮੁਕਾਬਲਾ ਏਕਤਾ ਤੋਂ ਬਿਨਾਂ ਨਹੀਂ ਕਰ ਸਕਦੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਕੱਤਰੇਤ ’ਤੇ ਖ਼ਾਲਸਈ ਪਰਚਮ ਝੁਲਾਇਆ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲਅੰਦਾਜ਼ੀ ਨਾ ਕਰਨ ਕੇਂਦਰ ਤੇ ਸੂਬਾ ਸਰਕਾਰ: ਧਾਮੀ

ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੇਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਇਹ ਦਖਲਅੰਦਾਜ਼ੀ ਬੰਦ ਨਾ ਹੋਈ ਤਾਂ ਇਸ ਦੇ ਮਾੜੇ ਸਿੱਟੇ ਨਿਕਲ ਸਕਦੇ ਹਨ। ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਸਿੱਖਾਂ ਨੂੰ ਇਨਸਾਫ਼ ਦਿੱਤਾ ਹੈ ਪਰ ਕੇਂਦਰ ਸਰਕਾਰ ਵੱਲੋਂ ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸ਼ਰਧਾਲੂ ਹੋਏ ਨਤਮਸਤਕ

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਤੀਜੇ ਤੇ ਮੁੱਖ ਦਿਨ ਅੱਜ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰ ਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰੋ. ਬਲਜਿੰਦਰ ਕੌਰ, ਅਮਾਨ ਸਿੰਘ ਮਾਨ ਆਦਿ ਸਿਆਸੀ ਆਗੂ ਵੀ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏੇ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸਿੱਖ ਧਰਮ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ’ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਮੁੱਖ ਛਾਉਣੀ ਬੁੱਢਾ ਦਲ (ਨਿਹੰਗ ਸਿੰਘਾਂ), ਗੁਰਦੁਆਰਾ ਬੁੰਗਾ ਨਾਨਕਸਰ ਆਦਿ ਧਾਰਮਿਕ ਅਸਥਾਨਾਂ ’ਤੇ ਵੀ ਭੋਗ ਪਾਏ ਗਏ। ਇਸ ਵਾਰ ਚੋਣ ਜ਼ਾਬਤੇ ਕਾਰਨ ਅੱਜ ਦੇ ਦਿਨ ਹੋਣ ਵਾਲੀਆਂ ਸਿਆਸੀ ਕਾਨਫ਼ਰੰਸਾਂ ਨਹੀਂ ਹੋਈਆਂ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਮਾਲਵਾ ਗਤਕਾ ਮੁਕਾਬਲੇ ਕਰਵਾਏ ਗਏ। ਮੇਲੇ ਦੇ ਆਖ਼ਰੀ ਦਿਨ 14 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਸਵੇਰ ਵੇਲੇ ਮਹੱਲਾ ਕੱਢੇਗੀ ਜਦਕਿ ਬਾਅਦ ਦੁਪਹਿਰ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਘੋੜਿਆਂ ’ਤੇ ਸਵਾਰ ਹੋ ਕੇ ਰਵਾਇਤੀ ਮਹੱਲਾ ਕੱਢਣਗੀਆਂ।



News Source link

- Advertisement -

More articles

- Advertisement -

Latest article