ਅੰਬਾਲਾ, 20 ਅਪਰੈਲ
ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ ਦਿਨ ਵੀ ਪਟੜੀ ‘ਤੇ ਬੈਠਣ ਕਾਰਨ ਅੱਜ ਅੰਬਾਲਾ-ਅੰਮ੍ਰਿਤਸਰ ਰੂਟ ‘ਤੇ ਕੁੱਲ 54 ਰੇਲ ਗੜੀਆਂ ਨੂੰ ਰੱਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਕਾਰਨ ਅੱਜ 54 ਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਪ੍ਰਦਰਸ਼ਨ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 380 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ ਹੈ। ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਵਿੱਚ ਕਿਸਾਨ ਮਜ਼ਦੂਰ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ਨੇੜੇ ਸ਼ੰਭੂ ਵਿਖੇ ਅੰਬਾਲਾ-ਲੁਧਿਆਣਾ-ਅੰਮ੍ਰਿਤਸਰ ਮਾਰਗ ‘ਤੇ ਪਟੜੀ ‘ਤੇ ਬੈਠ ਕੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ ਆਪਣਾ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।