ਆਤਿਸ਼ ਗੁਪਤਾ
ਚੰਡੀਗੜ੍ਹ, 10 ਅਗਸਤ
ਚੀਫ ਜਸਟਿਸ ਆਫ ਇੰਡੀਆ (ਸੀਜੇਆਈ) ਡੀਵਾਈ ਚੰਦਰਚੂੜ ਨੇ ਕਿਹਾ ਕਿ ਅਦਾਲਤੀ ਕੰਮਕਾਜ ਵਿੱਚ ਵੱਡੇ ਪੱਧਰ ’ਤੇ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਨਿਆਂਪਾਲਿਕਾ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ ਨੇ ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜੁਡੀਸ਼ੀਅਲ ਕੰਪਲੈਕਸ ਵਿੱਚ ਦੋ ਰੋਜ਼ਾ ਕੌਮੀ ਕਾਨਫਰੰਸ ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਅਦਾਲਤੀ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਹੁੰਦਾ ਹੈ, ਪਰ ਉੱਥੇ ਪੂਰੇ ਦੇਸ਼ ਤੋਂ ਲੋਕ ਨਿਆਂ ਦੀ ਆਸ ਵਿੱਚ ਆਉਂਦੇ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅੰਗਰੇਜ਼ੀ ਭਾਸ਼ਾ ਨਹੀਂ ਆਉਂਦੀ ਹੁੰਦੀ। ਉਨ੍ਹਾਂ ਕਿਹਾ ਕਿ ਮਸਨੂਈ ਬੌਧਿਕਤਾ (ਏਆਈ) ਨਾਲ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਹਰ ਭਾਸ਼ਾ ਵਿੱਚ ਤਰਜਮਾ ਕੀਤਾ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਉਨ੍ਹਾਂ ਦੀ ਭਾਸ਼ਾ ਵਿੱਚ ਜਾਣਕਾਰੀ ਮਿਲਦੀ ਹੈ।
ਸ੍ਰੀ ਚੰਦਰਚੂੜ ਨੇ ਕਿਹਾ ਕਿ ਅਦਾਲਤੀ ਕੰਮਕਾਜ ਨੂੰ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣ ਲਈ ਈ-ਕੋਰਟਸ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਸਮੇਂ-ਸਮੇਂ ’ਤੇ ਅਪਡੇਟ ਕੀਤਾ ਗਿਆ। ਇਸ ਨਾਲ ਵਕੀਲਾਂ ਸਣੇ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਈ-ਕੋਰਟਸ ਦਾ ਤੀਜਾ ਪੜਾਅ ਸ਼ੁਰੂ ਹੋਣ ਵਾਲਾ ਹੈ, ਜਿਸ ਲਈ ਕੇਂਦਰ ਸਰਕਾਰ ਵੱਲੋਂ ਸੱਤ ਹਜ਼ਾਰ ਕਰੋੜ ਰੁਪਏ ਦਾ ਬਜਟ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਹੋਰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ।
ਬਕਾਇਆ ਕੇਸਾਂ ਦੇ ਨਿਬੇੜੇ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ’ਤੇ ਜ਼ੋਰ
ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ ਨੇ ਅਦਾਲਤਾਂ ਵਿੱਚ ਬਕਾਇਆ ਕੇਸਾਂ ਦੇ ਨਿਬੇੜੇ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚੋਂ ਕੇਸਾਂ ਦੇ ਨਿਬੇੜੇ ਲਈ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਪੰਜ ਦਿਨਾਂ ਵਿੱਚ ਇਕ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਦੀ ਛੁੱਟੀਆਂ ਵਿੱਚ 21 ਬੈਂਚਾਂ ਨੇ ਕੰਮ ਕੀਤਾ ਅਤੇ ਚਾਰ ਹਜ਼ਾਰ ਕੇਸਾਂ ’ਤੇ ਸੁਣਵਾਈ ਕਰਦਿਆਂ ਇਕ ਹਜ਼ਾਰ ਤੋਂ ਵੱਧ ਕੇਸਾਂ ਦਾ ਨਿਬੇੜਾ ਕੀਤਾ ਗਿਆ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾਵੇਗਾ।
ਖ਼ੁਸ਼ੀ ਦੇ ਪਲ…