ਪਰਮਜੀਤ ਸਿੰਘ
ਫਾਜ਼ਿਲਕਾ, 4 ਸਤੰਬਰ
ਐੱਸਐੱਸਪੀ ਵਰਿੰਦਰ ਸਿੰਘ ਬਰਾੜ ਵੱਲੋਂ ਅੱਜ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਹਸਪਤਾਲਾਂ ਅਤੇ ਸਿਹਤਕਰਮੀਆਂ ਦੀ ਸਰਕਾਰੀ ਡਿਊਟੀ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੀਟਿੰਗ ਵਿੱਚ ਸਿਵਲ ਸਰਜਨ ਫਾਜ਼ਿਲਕਾ, ਐੱਸਐੱਮਓ ਫਾਜ਼ਿਲਕਾ, ਪੀਸੀਐੱਮਐੱਸ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਹਸਪਤਾਲਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਡਾਕਟਰਾਂ ਅਤੇ ਹੋਰ ਸਿਹਤ ਕਰਮੀਆਂ ਨਾਲ ਖਹਿਬੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਗਿਆ। ਐੱਸਐੱਸਪੀ ਸ੍ਰੀ ਬਰਾੜ ਨੇ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਨਾਲ ਉਨ੍ਹਾਂ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਹ ਮੀਟਿੰਗ ਸਿਹਤ ਵਿਭਾਗ ਅਤੇ ਪੁਲੀਸ ਦਰਮਿਆਨ ਭਰੋਸੇਮੰਦ ਸਹਿਯੋਗ ਦਾ ਪ੍ਰਤੀਕ ਸੀ, ਜੋ ਸਿਹਤ ਸੇਵਾਵਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਬਹੁਤ ਹੀ ਮਹੱਤਵਪੂਰਨ ਹੈ।