ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਨਵੰਬਰ
ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਯਾਦ ਪੱਤਰ ਦੇ ਕੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਨੂੰ ਵਿਚਾਰਨ ਅਤੇ ਨਿਬੇੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਕੇਸ ਨਾਲ ਸਬੰਧਤ ਕੁਝ ਦਸਤਾਵੇਜ਼ ਵੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪੇ ਹਨ।
ਗਿਆਨੀ ਰਣਜੀਤ ਸਿੰਘ ’ਤੇ ਦੋ ਸਾਲ ਪਹਿਲਾਂ ਇੱਕ ਵਿਅਕਤੀ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਤੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਅੱਜ ਇੱਥੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਸ ਦੇ ਮਾਮਲੇ ਦੀ ਜਾਂਚ ਸਬੰਧੀ ਰਿਪੋਰਟ ’ਤੇ ਵਿਚਾਰ ਕੀਤਾ ਜਾਵੇ ਅਤੇ ਇਸ ਸਬੰਧੀ ਲਟਕ ਰਹੇ ਮਾਮਲੇ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੋ ਸਾਲ ਤੋਂ ਇਹ ਜਾਂਚ ਰਿਪੋਰਟ ਇੱਥੇ ਅਕਾਲ ਤਖਤ ਵਿਖੇ ਪੁੱਜੀ ਹੀ ਨਹੀਂ ਸੀ ਅਤੇ ਅਜਿਹਾ ਸਾਜ਼ਿਸ਼ ਤਹਿਤ ਕੀਤਾ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਵਿੱਚ ਉਹ ਨਿਰਦੋਸ਼ ਸਾਬਤ ਹੋਏ ਹਨ। ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਕਾਲ ਤਖਤ ਵੱਲੋਂ ਸਤੰਬਰ 2019 ਵਿੱਚ ਗਿਆਨੀ ਇਕਬਾਲ ਸਿੰਘ ਦੀ ਥਾਂ ’ਤੇ ਤਖਤ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ। ਅਗਸਤ 2022 ਵਿੱਚ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਸੇਵਾਵਾਂ ਤੋਂ ਮੁਅਤਲ ਕਰ ਦਿੱਤਾ ਗਿਆ ਸੀ ਅਤੇ ਤਖਤ ਪਟਨਾ ਸਾਹਿਬ ਤੋਂ ਪੰਜ ਪਿਆਰਿਆ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਸੀ।