ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਬਣਨ ਮਗਰੋਂ ਅੱਜ ਸੁਨਾਮ ਸਥਿਤ ਸ਼ਹੀਦ ਊਧਮ ਸਿੰਘ ਦੀ ਯਾਦਗਾਰ ’ਤੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੁਨਾਮ ਵਾਸੀਆਂ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਯਾਦਗਾਰ ’ਤੇ ਕਰਵਾਏ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਸੁਨਾਮ ਨਿਵਾਸੀਆਂ ਵੱਲੋਂ ਸਮੇਂ-ਸਮੇਂ ’ਤੇ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਲਈ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੀਤੀ ਗਈ ਸ਼ੁਕਰਾਨਾ ਯਾਤਰਾ ਨੂੰ ਪੰਜਾਬ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੀ ਜ਼ਿੰਮਵਾਰੀ ਨੂੰ ਮਿਹਨਤ ਨਾਲ ਨਿਭਾਉਂਦੇ ਹੋਏ ਸੂਬੇ ਦੀ ਬਿਹਤਰੀ, ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ ਉਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵਿੱਚ ਹਰ ਵਰਕਰ ਨੂੰ ਮਾਣ ਸਨਮਾਨ ਦੇਣ ਦੀ ਰਵਾਇਤ ਹੈ। ਇਸ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਹਰ ਯੋਜਨਾ ਦਾ ਲਾਭ ਉਠਾਉਣ ਦੇ ਸਮਰੱਥ ਬਣਾਉਣ ਲਈ ਪੰਜਾਬ ਭਰ ਵਿੱਚ ਪਾਰਟੀ ਵਰਕਰ ਸਰਗਰਮ ਰਹਿਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਜਤਿੰਦਰ ਜੈਨ, ਈਓ ਬਾਲ ਕ੍ਰਿਸ਼ਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਮਨਪ੍ਰੀਤ ਬਾਂਸਲ, ਮਨੀ ਸਰਾਓ, ਰਵੀ ਕਮਲ ਗੋਇਲ, ਚਮਕੌਰ ਹਾਂਡਾ, ਸਨੀ ਕਾਂਸਲ ਐਮਸੀ, ਨਰੇਂਦਰ ਠੇਕੇਦਾਰ, ਭਾਨੂੰ ਪ੍ਰਤਾਪ, ਰਾਮ ਕੁਮਾਰ, ਆਸ਼ੀਸ਼ ਜੈਨ, ਜਰਨੈਲ ਬੱਬੂ ਅਤੇ ਸੋਨੂ ਵਰਮਾ, ਮਨਿੰਦਰ ਲਖਮੀਰਵਾਲਾ, ਵਿਸਾਲ ਕੌਸ਼ਲ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।